ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਕਿਰਤੀ ਕਿਸਾਨ ਯੂਨੀਅਨ ਦੇ ਸੱਦੇ ’ਤੇ ਅੱਜ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੁਆਉਣ ਤੇ ਸਿੱਖ ਕੈਦੀਆਂ ਸਮੇਤ ਸਮੁੱਚੇ ਸਿਆਸੀ ਕੈਦੀਆਂ ਤੇ ਹਵਾਲਾਤੀਆਂ ਦੀ ਰਿਹਾਈ ਲਈ ਫਰੀਦਕੋਟ, ਮੁਕਤਸਰ, ਮੋਗਾ, ਜਗਰਾਉਂ, ਜਲੰਧਰ, ਪਟਿਆਲਾ, ਸੰਗਰੂਰ, ਨਵਾਂਸ਼ਹਿਰ, ਕਪੂਰਥਲਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਬਠਿੰਡਾ, ਫਾਜ਼ਿਲਕਾ ਆਦਿ ਥਾਵਾਂ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ ਤੇ ਪ੍ਰੈਸ ਸਕੱਤਰ ਜਤਿੰਦਰ ਸਿੰਘ ਛੀਨਾ ਨੇ ਕਿਹਾ ਕਿ ਹਾਕਮਾਂ ਦੀ ਘੱਟ ਗਿਣਤੀਆਂ ਖ਼ਿਲਾਫ਼ ਭੁਗਤਣ ਕਾਰਨ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਬੰਦੀਆਂ ਤੇ ਸਿਆਸੀ ਕੈਦੀਆਂ ਨੂੰ ਰਿਹਾਅ ਨਾ ਕਰਨਾ ਹਾਕਮਾਂ ਦੀ ਗੈਰ ਜਮਹੂਰੀ ਪਹੁੰਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ 38 ਸਾਲ ਪਹਿਲਾਂ ਅੱਜ ਦੇ ਦਿਨ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਸਿੱਖਾਂ ਦਾ ਕਤਲੇਆਮ ਕਰਵਾਇਆ ਗਿਆ ਪਰ ਇੰਨੇ ਸਾਲ ਬੀਤਣ ਤੋਂ ਬਾਅਦ ਵੀ ਸਿੱਖਾਂ ਨੂੰ ਅੱਜ ਤੱਕ ਇਨਸਾਫ ਨਹੀਂ ਮਿਲਿਆ। ਪੰਜਾਬ ਭਰ ਵਿਚ ਹੋਏ ਰੋਸ ਪ੍ਰਦਰਸ਼ਨਾਂ ਵਿਚ ਸੁੂਬਾਈ ਆਗੂਆਂ ਰਾਮਿੰਦਰ ਪਟਿਆਲਾ, ਜਸਵਿੰਦਰ ਝਬੇਲਵਾਲੀ, ਭੁਪਿੰਦਰ ਲੌਂਗੋਵਾਲ, ਹਰਦੀਪ ਕੋਟਲਾ, ਸੰਤੋਖ ਸੰਧੂ, ਬਲਵਿੰਦਰ ਭੁੱਲਰ, ਅਮਰਜੀਤ ਹਨੀ, ਜਗਤਾਰ ਭਿੰਡਰ, ਭੁਪਿੰਦਰ ਵੜੈਚ ਨੇ ਵੀ ਸੰਬੋਧਨ ਕੀਤਾ।
ਪੀਐੱਸਯੂ ਵਲੋਂ ਪੰਜਾਬ ਦੇ ਸ਼ਹਿਰਾਂ ਅਤੇ ਕਸਬਿਆਂ ’ਚ ਪ੍ਰਦਰਸ਼ਨ
ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵੀ ’84 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਅਤੇ ਸਜ਼ਾ ਪੂਰੀ ਕਰ ਚੁੱਕੇ ਸਿੱਖ ਅਤੇ ਸਿਆਸੀ ਕੈਦੀਆਂ ਸਮੇਤ ਬੁੱਧੀਜੀਵੀਆਂ, ਲੇਖਕਾਂ, ਪੱਤਰਕਾਰਾਂ ਦੀ ਰਿਹਾਈ ਲਈ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕੀਤੇ ਗਏ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਸਿੰਘ ਰੰਧਾਵਾ, ਜਨਰਲ ਸਕੱਤਰ ਅਮਨਦੀਪ ਅਤੇ ਪ੍ਰੈਸ ਸਕੱਤਰ ਮੰਗਲਜੀਤ ਪੰਡੋਰੀ ਨੇ ਕਿਹਾ ਕਿ 1984 ਦਾ ਸਿੱਖਾਂ ਦਾ ਕਤਲੇਆਮ ਗਿਣੀਮਿਥੀ ਸਾਜਿਸ਼ ਅਤੇ ਸਿਆਸੀ ਪੁਸ਼ਤਪਨਾਹੀ ਤਹਿਤ ਕੀਤਾ ਗਿਆ ਕਤਲੇਆਮ ਸੀ।