ਪੱਤਰ ਪ੍ਰੇਰਕ
ਚੰਡੀਗੜ੍ਹ, 30 ਜੂਨ
ਚੰਡੀਗੜ੍ਹ ਪੰਜਾਬੀ ਮੰਚ ਦੇ ਵਿਸ਼ੇਸ਼ ਉੱਦਮ ਨਾਲ ਕੇਂਦਰੀ ਪੰਜਾਬੀ ਲੇਖਕ ਸਭਾ, ਪੇਂਡੂ ਸੰਘਰਸ਼ ਕਮੇਟੀ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਜ ਰੋਸ ਧਰਨਾ ਸੈਕਟਰ-17 ਵਿੱਚ ਦਿੱਤਾ ਗਿਆ। ਧਰਨੇ ਨੂੰ ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਹੱਲੋਮਾਜਰਾ, ਜਨਰਲ ਸਕੱਤਰ ਦੇਵੀ ਦਿਆਲ ਸ਼ਰਮਾ, ਗੁਰਨਾਮ ਸਿੰਘ ਸਿੱਧੂ, ਬਾਬਾ ਗੁਰਦਿਆਲ ਸਿੰਘ, ਸਿਰੀ ਰਾਮ ਅਰਸ਼, ਬਲਕਾਰ ਸਿੱਧੂ, ਕਰਮ ਸਿੰਘ ਵਕੀਲ, ਗੁਰਪ੍ਰੀਤ ਸਿੰਘ ਸੋਮਲ, ਸ਼ਰਨਜੀਤ ਸਿੰਘ ਬੈਦਵਾਨ ਰਾਏਪੁਰ ਕਲਾਂ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਨਵੰਬਰ 1966 ਸਮੇਂ ਪੁਆਧ ਖੇਤਰ ਦੇ ਪਿੰਡਾਂ ਨੂੰ ਉਜਾੜ ਕੇ ਚੰਡੀਗੜ੍ਹ ਵਸਾਇਆ ਗਿਆ ਸੀ। ਉਸ ਸਮੇਂ ਇਸ ਇਲਾਕੇ ਦੀ ਆਮ ਵਸੋਂ ਪੰਜਾਬੀ ਬੋਲਦੀ ਸੀ ਪਰ ਸਰਕਾਰੀ ਤੰਤਰ ਨੇ ਆਪਹੁਦਰੀ ਕਰਕੇ ਕੁਝ ਸਮੇਂ ਵਿੱਚ ਹੀ ਚੰਡੀਗੜ੍ਹ ਦੀ ਦਫ਼ਤਰੀ ਭਾਸ਼ਾ ਅੰਗਰੇਜ਼ੀ ਕਰ ਦਿੱਤੀ। ਅਫ਼ਸੋਸ ਕਿ ਚੰਡੀਗੜ੍ਹ ਵਾਸੀਆਂ ਨਾਲ ਇਹ ਧੱਕਾ ਅੱਜ ਵੀ ਜਾਰੀ ਹੈ ਜਦਕਿ ਅੰਗਰੇਜ਼ੀ ਕਿਸੇ ਵੀ ਭਾਰਤੀ ਸੂਬੇ ਜਾਂ ਕੇਂਦਰੀ ਸਾਸ਼ਤ ਪ੍ਰਦੇਸ਼ ਦੀ ਦਫ਼ਤਰੀ ਭਾਸ਼ਾ ਨਹੀਂ। ਇਸ ਧੱਕੇ ਖ਼ਿਲਾਫ਼ ਚੰਡੀਗੜ੍ਹ ਪੰਜਾਬੀ ਮੰਚ ਲਗਾਤਾਰ ਲੜ ਰਿਹਾ ਹੈ। ਬੁਲਾਰਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੰਡੀਗੜ੍ਹ ਦੇ ਸਾਰੇ ਦਫ਼ਤਰਾਂ ਵਿੱਚ ਪੰਜਾਬੀ ਪਹਿਲੀ ਭਾਸ਼ਾ ਵਜੋਂ ਅਪਣਾਈ ਜਾਵੇੇ। ਚੰਡੀਗੜ੍ਹ ਦੇ ਸਾਰੇ ਵਿਦਿਅਕ ਅਦਾਰਿਆਂ ਵਿਚ ਪੰਜਾਬੀ ਪਹਿਲੇ ਵਿਸ਼ੇ ਵਜੋਂ ਪੜ੍ਹਾਈ ਜਾਵੇ। ਚੰਡੀਗੜ੍ਹ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਵਾਲੇ ਅਧਿਆਪਕਾਂ ਦਾ ਬੰਦੋਬਸਤ ਕੀਤਾ ਜਾਵੇ। ਪੰਜਾਬੀ ਵਿਰੋਧੀ ਅਧਿਆਪਕਾਂ ਅਤੇ ਵਿਦਿਅਕ ਅਦਾਰਿਆਂ ਖ਼ਿਲਾਫ਼ ਫੌਰੀ ਤੌਰ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ। ਅੰਤ ਵਿੱਚ ਸਾਥੀਆਂ ਦਾ ਧੰਨਵਾਦ ਚੰਡੀਗੜ੍ਹ ਪੰਜਾਬੀ ਮੰਚ ਦੇ ਪ੍ਰਧਾਨ ਸੁਖਜੀਤ ਸਿੰਘ ਸੁੱਖਾ ਨੇ ਕੀਤਾ। ਅਖੀਰ ਮਾਂ ਬੋਲੀ ਪੰਜਾਬੀ ਜ਼ਿੰਦਾਬਾਦ! ਪੰਜਾਬੀ ਪਿਆਰੇ ਜ਼ਿੰਦਾਬਾਦ! ਆਕਾਸ਼ ਗੁੰਜਾਊ ਨਾਅਰਿਆਂ ਨਾਲ ਰੋਸ ਧਰਨੇ ਦੀ ਸਮਾਪਤੀ ਹੋਈ।