ਰਾਮ ਸਰਨ ਸੂਦ
ਅਮਲੋਹ, 19 ਮਾਰਚ
ਆਮ ਆਦਮੀ ਪਾਰਟੀ ਦੇ ਹਲਕਾ ਅਮਲੋਹ ਦੇ ਸੀਨੀਅਰ ਆਗੂ ਐਡਵੋਕੇਟ ਗੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਵਧ ਰਹੀ ਮਹਿੰਗਾਈ ਖ਼ਿਲਾਫ਼ ਸ਼ਹਿਰ ਦੇ ਬਾਜ਼ਾਰਾਂ ਵਿੱਚ ਰੋਸ ਮਾਰਚ ਕੱਢਿਆ ਗਿਆ। ਮਾਰਚ ਵਿੱਚ ਵੱਡੀ ਗਿਣਤੀ ਵਿੱਚ ਸ਼ਹਿਰ ਅਤੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੇ ਸ਼ਿਰਕਤ ਕੀਤੀ।
ਐਡਵੋਕੇਟ ਹਰੀਪੁਰ ਨੇ ਪੰਜਾਬ ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕਰਦਿਆਂ ਦੋਵੇਂ ਸਰਕਾਰਾਂ ਨੂੰ ਮਹਿੰਗਾਈ ਲਈ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਪੰਜਾਬ ਦੀ ਕਾਂਗਰਸ ਸਰਕਾਰ ’ਤੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ‘ਆਪ’ ਦੀ ਸਰਕਾਰ ਬਣਨ ’ਤੇ ਹਰ ਵਰਗ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਦਿਲਬਾਗ ਰਾਏ ਸੂਦ, ਹਰਦੀਪ ਸਿੰਘ ਨਰਾਇਣਗੜ੍ਹ, ਰਣਧੀਰ ਸਿੰਘ ਨਰਾਇਣਗੜ੍ਹ, ਰਾਮ ਸ਼ਰਨ ਸੌਂਟੀ, ਰਵਿੰਦਰ ਸਿੰਘ ਬੋਪਾਰਾਏ, ਸੰਜੀਵ ਹਰੀਪੁਰ ਅਤੇ ਦਵਿੰਦਰ ਅਰੋੜਾ ਆਦਿ ਨੇ ਸੰਬੋਧਨ ਕੀਤਾ।