ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 10 ਅਗਸਤ
ਫਰੀਡਮ ਫਾਈਟਰ ਉਤਰਾਅਧਿਕਾਰੀ ਜਥੇਬੰਦੀ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਫਰੀਡਮ ਫਾਈਟਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਰੋਸ ਮਾਰਚ ਕੀਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸ਼ਹਿਰ ਦੇ ਵੱਡੇ ਚੌਕ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਜਾਣ ਤੋਂ ਰੋਕਦਿਆਂ ਉੱਥੇ ਹੀ ਮੰਗ ਪੱਤਰ ਲੈ ਲਿਆ। ਪੰਜਾਬ ਭਰ ਤੋਂ ਪੁੱਜੇ ਜਥੇਬੰਦੀ ਦੇ ਕਾਰਕੁਨ ਇੱਥੋਂ ਦੀ ਬਾਬਾ ਹਿੰਮਤ ਸਿੰਘ ਧਰਮਸ਼ਾਲਾ ਵਿੱਚ ਇਕੱਠੇ ਹੋਏ, ਜਿੱਥੋਂ ਉਨ੍ਹਾਂ ਮੁੱਖ ਮੰਤਰੀ ਦੀ ਕੋਠੀ ਵੱਲ ਰੋਸ ਮਾਰਚ ਕੱਢਿਆ। ਪ੍ਰਦਰਸ਼ਨਕਾਰੀ ਬੱਸ ਅੱਡਾ, ਨੇਤਾ ਜੀ ਸੁਭਾਸ਼ ਚੰਦਰ ਬੋਸ ਚੌਕ, ਧੂਰੀ ਗੇਟ ਬਾਜ਼ਾਰ, ਛੋਟਾ ਚੌਕ ਅਤੇ ਸਦਰ ਬਾਜ਼ਾਰ ਤੋਂ ਹੁੰਦੇ ਹੋਏ ਵੱਡੇ ਚੌਕ ਵਿੱਚ ਪੁੱਜੇ, ਜਿੱਥੇ ਥਾਣਾ ਸਿਟੀ ਇੰਚਾਰਜ ਰਮਨਦੀਪ ਸਿੰਘ ਅਤੇ ਤਹਿਸੀਲਦਾਰ ਸੰਦੀਪ ਸਿੰਘ ਨੇ ਮੰਗ ਪੱਤਰ ਲਿਆ, ਜਿਸ ਮਗਰੋਂ ਰੋਸ ਮਾਰਚ ਖਤਮ ਕਰ ਦਿੱਤਾ ਗਿਆ।
ਜਥੇਬੰਦੀ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ ਅਤੇ ਸੂਬਾ ਸਕੱਤਰ ਮੇਜਰ ਸਿੰਘ ਬਰਨਾਲਾ ਨੇ ਕਿਹਾ ਕਿ ਆਜ਼ਾਦੀ ਮਿਲਣ ਦੇ 75 ਸਾਲਾ ਮਗਰੋਂ ਵੀ ਦੇਸ਼ ਭਗਤਾਂ ਦੇ ਪਰਿਵਾਰਾਂ ਦੇ ਨਾਮ ’ਤੇ ਸਿਆਸਤ ਕੀਤੀ ਜਾ ਰਹੀ ਹੈ ਪਰ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ।
ਉਨ੍ਹਾਂ ਕਿਹਾ ਕਿ ਨੌਕਰੀਆਂ ਵਿੱਚ 5 ਫੀਸਦੀ ਕੋਟਾ, ਉਤਰਾਖੰਡ ਸਰਕਾਰ ਦੀ ਤਰਜ਼ ’ਤੇ ਵਾਰਸਾਂ ਨੂੰ ਪੈਨਸ਼ਨ ਅਤੇ ਜ਼ਿਲ੍ਹਾ ਕਮੇਟੀਆਂ ਵਿੱਚ ਨੁਮਾਇੰਦਗੀ ਯਕੀਨੀ ਬਣਾਈ ਜਾਵੇ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀ 19 ਅਗਸਤ ਨੂੰ ਬਰਨਾਲਾ ਵਿੱਚ ਹੋਣ ਵਾਲੀ ਮੀਟਿੰਗ ’ਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।