ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ,13 ਅਗਸਤ
ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸਬੰਧੀ ਸ਼੍ਰੋਮਣੀ ਕਮੇਟੀ ਨੇ ਅੱਜ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਪ੍ਰਧਾਨ ਮੰਤਰੀ ਦੇ ਨਾਂ ਮੰਗਪੱਤਰ ਵੀ ਸੌਂਪਿਆ ਗਿਆ। ਦਰਬਾਰ ਸਾਹਿਬ ਕੰਪਲੈਕਸ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰ, ਕਰਮਚਾਰੀ ਤੇ ਹੋਰ ਸਿੱਖ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਨੇ ਰੋਸ ਵਜੋਂ ਕਾਲੀਆਂ ਦਸਤਾਰਾਂ ਸਜਾਈਆਂ ਹੋਈਆਂ ਸਨ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਬੈਨਰ ਤਖ਼ਤੀਆਂ ਚੁੱਕੇ ਹੋਏ ਸਨ। ਉਨ੍ਹਾਂ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਬਾਰੇ ਨਾਅਰੇ ਵੀ ਲਾਏ ਗਏ।
ਪ੍ਰਦਰਸ਼ਨਕਾਰੀ ਪਹਿਲਾਂ ਹਾਲ ਗੇਟ ਵਿਖੇ ਇਕੱਠੇ ਹੋਏ ਅਤੇ ਫਿਰ ਮਾਰਚ ਕਰਦੇ ਹੋਏ ਡਿਪਟੀ ਕਮਿਸ਼ਨਰ ਦੇ ਦਫਤਰ ਪੁੱਜੇ। ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੱਖ ਨਿਰਧਾਰਤ ਸਜ਼ਾਵਾਂ ਦੀ ਮਿਆਦ ਪੂਰੀ ਕਰ ਚੁੱਕੇ ਹਨ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਈ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦਾ ਐਲਾਨ ਵੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਜੱਦੋ ਜਹਿਦ ਜਾਰੀ ਰੱਖੀ ਜਾਵੇਗੀ ਜੇ ਸੰਘਰਸ਼ ਦੀ ਲੋੜ ਪਈ ਤਾਂ ਸੰਘਰਸ਼ ਵੀ ਕੀਤਾ ਜਾਵੇਗਾ।
ਮੁਹਾਲੀ(ਦਰਸ਼ਨ ਸਿੰਘ ਸੋਢੀ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਅੱਜ ਮੁਹਾਲੀ ਸ਼ਹਿਰ ਵਿੱਚ ਰੋਸ ਮਾਰਚ ਕੀਤਾ ਅਤੇ ਹੁਕਮਰਾਨਾਂ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਰੋਸ ਮਾਰਚ ਦੀ ਅਗਵਾਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਅਤੇ ਐੱਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ ਅਤੇ ਹਲਕਾ ਮੁਹਾਲੀ ਦੇ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕੀਤੀ। ਇਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਤੋਂ ਸ਼ੁਰੂ ਹੋਇਆ ਇਹ ਰੋਸ ਮਾਰਚ ਡਿਪਟੀ ਕਮਿਸ਼ਨਰ ਦਫਤਰ ਪਹੁੰਚ ਕੇ ਖਤਮ ਹੋਇਆ, ਜਿੱਥੇ ਐੱਸਜੀਪੀਸੀ ਅਤੇ ਅਕਾਲੀ ਦਲ ਦੇ ਆਗੂਆਂ ਨੇ ਡਿਪਟੀ ਕਮਿਸ਼ਨਰ ਦਫਤਰ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ, ਪੰਜਾਬ ਤੇ ਦਿੱਲੀ ਦੇ ਮੁੱਖ ਮੰਤਰੀਆਂ ਅਤੇ ਰਾਜਪਾਲ ਨੂੰ ਮੰਗ ਪੱਤਰ ਭੇਜਿਆ।
ਇਸ ਮੌਕੇ ਐੱਸਜੀਪੀਸੀ ਦੇ ਮੈਨੇਜਰ ਰਜਿੰਦਰ ਸਿੰਘ ਟੌਹੜਾ, ਯੂਥ ਆਗੂ ਹਰਮਨਪ੍ਰੀਤ ਸਿੰਘ ਪ੍ਰਿੰਸ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਅਤੇ ਹੋਰ ਆਗੂ ਅਤੇ ਵਰਕਰ ਮੌਜੂਦ ਸਨ।
ਜਲੰਧਰ(ਪਾਲ ਸਿੰਘ ਨੌਲੀ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬੰਦੀ ਸਿੰਘ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਰਾਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮੰਗ ਪੱਤਰ ਭੇਜਿਆ।
ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਭਾਰਤ ਦੇ ਕਾਨੂੰਨ ਅਨੁਸਾਰ ਆਪਣੀਆਂ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ, ਫਿਰ ਵੀ ਸਰਕਾਰਾਂ ਦੇ ਅੜੀਅਲ ਰਵੱਈਏ ਕਾਰਨ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਅੱਜ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕੁਲਵੰਤ ਸਿੰਘ ਮੰਨਣ, ਰਣਜੀਤ ਸਿੰਘ ਕਾਹਲੋਂ, ਬੀਬੀ ਦਵਿੰਦਰ ਕੌਰ ਕਾਲਰਾ, ਬਲਦੇਵ ਸਿੰਘ ਕਲਿਆਣ ਦੀ ਅਗਵਾਈ ਹੇਠ ਬੰਦੀ ਸਿੰਘਾਂ ਨੂੰ ਰਿਹਾਅ ਕਰਾਉਣ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸੰਗਤਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਵਿਦੇਸ਼ ਗਏ ਹੋਣ ਕਰਕੇ ਜਥੇਦਾਰ ਵਡਾਲਾ ਵਲੋਂ ਗੁਰਅਵਤਾਰ ਸਿੰਘ, ਗੁਰਦਿਆਲ ਸਿੰਘ ਕਾਲੜਾ, ਗੁਰਦੀਪ ਸਿੰਘ ਰਾਵੀ, ਸੁਰਜੀਤ ਸਿੰਘ ਨੀਲਾਮਹਿਲ, ਗੁਰਦੇਵ ਸਿੰਘ ਮਾਹਲ, ਅਮਰਜੀਤ ਸਿੰਘ ਕਿਸ਼ਨਪੁਰਾ, ਰਵਿੰਦਰ ਸਿੰਘ ਸਵੀਟੀ, ਭਜਨ ਲਾਲ ਚੋਪੜਾ, ਡਾ. ਪਰਮਜੀਤ ਸਿੰਘ ਮਰਵਾਹਾ, ਕੁਲਦੀਪ ਕੌਰ ਤੇ ਹਰਜਿੰਦਰ ਕੌਰ ਹਾਜ਼ਰ ਸਨ।
ਸਿਰਸਾ(ਪ੍ਰਭੂ ਦਿਆਲ): ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੈਨਰ ਹੇਠ ਸਿੱਖ ਜਥੇਬੰਦੀਆਂ ਨੇ ਜੇਲ੍ਹਾਂ ’ਚ ਸਜ਼ਾ ਪੂਰੀ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਦੇ ਨਾਂ ਐੱਸੀਡੀਐਮ ਜੈਵੀਰ ਯਾਦਵ ਨੂੰ ਮੰਗ ਪੱਤਰ ਸੌਂਪਿਆ। ਮਿੰਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨਕਾਰੀਆਂ ਦੀ ਅਗਵਾਈ ਕਰਦੇ ਗੁਰਦੁਆਰਾ ਦਸਵੀਂ ਪਾਤਸ਼ਾਹੀ ਦੇ ਪ੍ਰਧਾਨ ਪ੍ਰਕਾਸ਼ ਸਿੰਘ ਸਾਹੂਵਾਲਾ ਤੇ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਬਹੁਤ ਸਾਰੇ ਸਿੱਖੇ ਜੇਲ੍ਹਾਂ ਵਿੱਚ ਬੰਦ ਹਨ, ਜਿਨ੍ਹਾਂ ਨੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਲਈਆਂ ਹਨ। ਇਸ ਮੌਕੇ ’ਤੇ ਸੰਤ ਪ੍ਰਕਾਸ਼ ਸਿੰਘ ਤੇ ਗੁਰਪਾਲ ਸਿੰਘ ਸਮੇਤ ਅਨੇਕ ਸਿੱਖ ਮੌਜੂਦ ਸਨ।