ਕੁਲਦੀਪ ਸਿੰਘ
ਚੰਡੀਗੜ੍ਹ, 10 ਮਈ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਕੱਚੇ ਮੁਲਾਜ਼ਮਾਂ ਨੂੰ ਅਭੱਦਰ ਢੰਗ ਨਾਲ ਸੰਬੋਧਨ ਕਰਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਐੱਨਐੱਚਐੱਮ ਮੁਲਾਜ਼ਮਾਂ ਨੂੰ ਨੌਕਰੀਓਂ ਕੱਢਣ ਦੇ ਧਮਕੀ ਭਰੇ ਪੱਤਰ ਜਾਰੀ ਕਰਨ ਮਗਰੋਂ ਮੁਲਾਜ਼ਮਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਅਸ਼ੀਸ਼ ਜੁਲਾਹਾ, ਅੰਮ੍ਰਿਤਪਾਲ ਸਿੰਘ ਤੇ ਪ੍ਰਵੀਨ ਸ਼ਰਮਾ ਨੇ ਕਿਹਾ ਕਿ ਐੱਨਐੱਚਐੱਮ ਮੁਲਾਜ਼ਮਾਂ ਨੂੰ ਕੱਢਣ ’ਤੇ ਕਾਂਗਰਸ ਸਰਕਾਰ ਅੰਜਾਮ ਭੁਗਤਣ ਲਈ ਤਿਆਰ ਰਹੇ। ਆਗੂਆਂ ਨੇ ਕਿਹਾ ਕਿ ਇਨ੍ਹਾਂ ਕੱਚੇ ਮੁਲਾਜ਼ਮਾਂ ਦੀ ਭਰਤੀ ਐੱਨਐੱਚਐੱਮ ਸੁਸਾਇਟੀ ਰਾਹੀਂ ਕੀਤੀ ਗਈ ਸੀ ਪਰ ਹੁਣ ਮੁਲਾਜ਼ਮਾਂ ਨੂੰ ਨੌਕਰੀਓਂ ਕੱਢਣ ਦੇ ਧਮਕੀ ਭਰੇ ਪੱਤਰ ਸਿਵਲ ਸਰਜਨਾਂ ਵੱਲੋਂ ਜਾਰੀ ਕੀਤੇ ਜਾਣੇ ਉੱਚਿਤ ਨਹੀਂ। ਉਨ੍ਹਾਂ ਕਿਹਾ ਕਿ ਕਲਮ ਛੋੜ ਹੜਤਾਲ ਸਭ ਮੁਲਾਜ਼ਮਾਂ ਦਾ ਸੰਵਿਧਾਨਿਕ ਹੱਕ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਆਪਣੇ ਚੋਣ ਵਾਅਦੇ ਮੁਤਾਬਕ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਐਲਾਨ ਕਰਕੇ ਹੜਤਾਲ ਖ਼ਤਮ ਕਰਵਾਏ, ਨਹੀਂ ਤਾਂ ਮੁਲਾਜ਼ਮਾਂ ਵੱਲੋਂ ਇਨ੍ਹਾਂ ਧਮਕੀ ਭਰੇ ਪੱਤਰਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਰੋਨਾ ਕਾਰਨ ਬਣੇ ਹਾਲਾਤ ਦੌਰਾਨ ਇਹ ਮੁਲਾਜ਼ਮ ਆਪਣੀ ਜਾਨ ਦੀ ਬਾਜ਼ੀ ਲਾ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਸਰਕਾਰ ਇਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ। ਉਨ੍ਹਾਂ ਸਿਹਤ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਉਹ ਕੱਚੇ ਮੁਲਾਜ਼ਮਾਂ ਨੂੰ ਕੱਢਣ ਦੇ ਪੱਤਰ ਜਾਰੀ ਕਰਨ ਦੀ ਥਾਂ ਕੈਬਨਿਟ ਸਬ-ਕਮੇਟੀ ਲੱਭਣ, ਜੋ ਪਿਛਲੇ ਦੋ-ਤਿੰਨ ਸਾਲਾਂ ਤੋਂ ਗੁਆਚ ਗਈ ਹੈ। ਉਕਤ ਕਮੇਟੀ ਨੇ ਅੱਜ ਤੱਕ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ।