ਗੁਰਦੀਪ ਸਿੰਘ ਲਾਲੀ
ਸੰਗਰੂਰ, 28 ਮਈ
ਕੋਵਿਡ-19 ਮੈਡੀਕਲ ਅਤੇ ਪੈਰਾ ਮੈਡੀਕਲ ਵਾਲੰਟੀਅਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਵੱਖ-ਵੱਖ ਜ਼ਿਲ੍ਹਿਆਂ ਤੋਂ ਅੱਜ ਇਥੇ ਪੁੱਜੇ ਕਰੋਨਾ ਯੋਧਿਆਂ ਨੇ ਆਪਣੀਆਂ ਸੇਵਾਵਾਂ ਬਹਾਲ ਕਰਾਉਣ ਅਤੇ ਵਿਭਾਗ ਵਿੱਚ ਖਾਲੀ ਅਸਾਮੀਆਂ ’ਤੇ ਰੈਗੂਲਰ ਭਰਤੀ ਕਰਨ ਦੀ ਮੰਗ ਸਬੰਧੀ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਤੇ ਆਵਾਜਾਈ ਠੱਪ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੇ ਕਰੋਨਾ ਯੋਧੇ ਸਥਾਨਕ ਬਨਾਸਰ ਬਾਗ ਵਿੱਚ ਇਕੱਠੇ ਹੋਏ, ਜਿਥੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਿਆ ਅਤੇ ਬੱਸ ਸਟੈਂਡ ਨੇੜਲੇ ਲਾਲ ਬੱਤੀ ਚੌਕ ਵਿੱਚ ਪੁੱਜ ਕੇ ਇਥੇ ਆਵਾਜਾਈ ਠੱਪ ਕਰ ਦਿੱਤੀ।
ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਪਟਿਆਲਾ, ਸੂਬਾ ਸਕੱਤਰ ਚਮਕੌਰ ਸਿੰਘ ਤੇ ਉਪ ਪ੍ਰਧਾਨ ਗੌਰਵ ਜੁਨੇਜਾ ਫਾਜ਼ਿਲਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਪਰੈਲ 2020 ਵਿੱਚ ਐੱਨਐੱਚਐੱਮ ਪੰਜਾਬ ਤਹਿਤ ਡਾਕਟਰਾਂ, ਸਟਾਫ਼ ਨਰਸਾਂ, ਫਾਰਮੇਸੀ ਅਫ਼ਸਰਾਂ, ਮੈਡੀਕਲ ਲੈਬਾਰਟਰੀ ਤਕਨੀਸ਼ੀਅਨਾਂ ਤੇ ਵਾਰਡ ਅਟੈਂਡੈਂਟਾਂ ਦੀ ਭਰਤੀ ਕੀਤੀ ਸੀ, ਜਿਨ੍ਹਾਂ ਨੇ ਮਿਸ਼ਨ ਫ਼ਤਹਿ ਵਿੱਚ ਅਹਿਮ ਭੂਮਿਕਾ ਨਿਭਾਈ, ਪਰ ਕਰੋਨਾ ਦਾ ਜ਼ੋਰ ਘਟਣ ’ਤੇ ਅਕਤੂਬਰ-2020 ਵਿੱਚ ਉਨ੍ਹਾਂ ਵਾਲੰਟੀਅਰਾਂ ਨੂੰ ਨੌਕਰੀ ਤੋਂ ਫਾਰਗ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਭਰ ਵਿੱਚ ਕਰੋਨਾ ਯੋਧਿਆਂ ਦੀ ਗਿਣਤੀ 1200 ਹੈ, ਜੋ ਆਪਣੀਆਂ ਨੌਕਰੀਆਂ ਬਹਾਲ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪ੍ਰਦਰਸ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਨੇ ਮੁੱਖ ਮੰਤਰੀ ਦੇ ਓਐੱਸਡੀ ਨਾਲ 30 ਮਈ ਸਵੇਰੇ 11 ਵਜੇ ਚੰਡੀਗੜ੍ਹ ਵਿੱਚ ਯੂਨੀਅਨ ਦੀ ਮੀਟਿੰਗ ਨਿਸ਼ਚਿਤ ਕਰਵਾਈ ਹੈ, ਜਿਸ ਮਗਰੋਂ ਧਰਨਾ ਖਤਮ ਕੀਤਾ ਗਿਆ।