ਆਤਿਸ਼ ਗੁਪਤਾ
ਚੰਡੀਗੜ੍ਹ, 12 ਅਪਰੈਲ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 ‘ਚ ਪੀਆਰਟੀਸੀ ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ ਹੈ।
ਪੀਆਰਟੀਸੀ ਦੇ ਚੰਡੀਗੜ੍ਹ ਡਿਪੂ ਵਿਖੇ ਸਮਾਗਮ ਦੌਰਾਨ ਪੀਆਰਟੀਸੀ ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਹਰੀ ਝੰਡੀ ਵਿਖਾ ਕੇ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਭੁੱਲਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਲੰਘੇ ਦਸੰਬਰ, ਜਨਵਰੀ ਅਤੇ ਫ਼ਰਵਰੀ ਮਹੀਨਿਆਂ ਦੌਰਾਨ ਪੀਆਰਟੀਸੀ ਦੀ ਰੋਜ਼ਾਨਾ ਆਮਦਨ 1 ਕਰੋੜ 76 ਲੱਖ ਰੁਪਏ ਪ੍ਰਤੀ ਦਿਨ ਦਰਜ ਕੀਤੀ ਗਈ ਜਦ ਕਿ 10 ਮਾਰਚ ਨੂੰ ਆਏ ਚੋਣ ਨਤੀਜਿਆਂ ਤੋਂ ਬਾਅਦ ਹੀ ਆਪ ਸਰਕਾਰ ਦੀ ਪਾਰਦਰਸ਼ੀ ਨੀਤੀ ਮੁਤਾਬਕ ਸਰਕਾਰੀ ਬੱਸ ਸੇਵਾ ਦੀ ਆਮਦਨ `ਚ ਵਾਧਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਇਕੱਲੀ ਪੀਆਰਟੀਸੀ ਦੀ ਆਮਦਨ ਵੱਧ ਕੇ 2 ਕਰੋੜ 1 ਲੱਖ ਰੁਪਏ ਪ੍ਰਤੀ ਦਿਨ ਰਹੀ, ਜੋ ਅਪਰੈਲ ਮਹੀਨੇ ਦੇ 10 ਦਿਨਾਂ ਦੌਰਾਨ ਹੋਰ ਵੱਧ ਕੇ 2 ਕਰੋੜ 20 ਲੱਖ ਰੁਪਏ ਪ੍ਰਤੀ ਦਿਨ ਹੋ ਗਈ ਹੈ।