ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਮਾਰਚ
ਪੰਜਾਬ ਵਿਧਾਨ ਸਭਾ ਨੇ ਅੱਜ ਬਜਟ ਇਜਲਾਸ ਦੌਰਾਨ ਕੇਂਦਰ ਸਰਕਾਰ ਨੂੰ ਸਿੱਧਾ ਨਿਸ਼ਾਨੇ ’ਤੇ ਲੈਂਦਿਆਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ’ਤੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਰੇ ਛਾਪਿਆਂ ਨੂੰ ਗੈਰ-ਸੰਵਿਧਾਨਕ ਤੇ ਗੈਰ-ਵਾਜਬ ਕਰਾਰ ਦਿੱਤਾ ਹੈ। ਕੈਪਟਨ ਸਰਕਾਰ ਇਸ ਤੋਂ ਪਹਿਲਾਂ ਸੀਬੀਆਈ ਦੀ ਰਾਜ ’ਚ ਬਿਨਾਂ ਪ੍ਰਵਾਨਗੀ ਤੋਂ ਸਿੱਧੀ ਛਾਪੇਮਾਰੀ ਖਿਲਾਫ਼ ਵੀ ਨੋਟੀਫਿਕੇਸ਼ਨ ਜਾਰੀ ਕਰ ਚੁੱਕੀ ਹੈ। ਸਦਨ ਨੇ ਅੱਜ ਕੇਂਦਰੀ ਏਜੰਸੀਆਂ ਖਿਲਾਫ਼ ਇਹ ਕਦਮ ਚੁੱਕ ਕੇ ਕੇਂਦਰ ਸਰਕਾਰ ਨੂੰ ਸਖ਼ਤ ਤੇਵਰ ਵਿਖਾ ਦਿੱਤੇ ਹਨ। ਇਸ ਦੌਰਾਨ ਸਦਨ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ ਗਿਆ ਹੈ। ਸਦਨ ਵਿੱਚ ਕੇਂਦਰੀ ਏਜੰਸੀਆਂ ਵੱਲੋਂ ਕਿਸਾਨ ਘੋਲ ਸਬੰਧੀ ਕਿਸਾਨ ਆਗੂਆਂ ਅਤੇ ਹਮਾਇਤੀਆਂ ਨੂੰ ਪ੍ਰੇਸ਼ਾਨੀ ਕਰਨ ਖ਼ਿਲਾਫ਼ ਵੀ ਰੋਸ ਵੇਖਣ ਨੂੰ ਮਿਲਿਆ।