ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਪੰਜਾਬ ਦੇ ਉਦਯੋਗ ਮੰਤਰੀ ਗੁਰਕੀਰਤ ਸਿੰਘ ਕੋਟਲੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਪਿਛਲੇ ਕੁਝ ਸਾਲਾਂ ਵਿੱਚ ਵਿਸ਼ਵ ਪੱਧਰ ਦੀਆਂ ਕੰਪਨੀਆਂ ਲਈ ਨਿਵੇਸ਼ ਦਾ ਪਸੰਦੀਦਾ ਸਥਾਨ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਵਿਸ਼ਵ ਭਰ ਦੇ ਨਿਵੇਸ਼ਕਾਂ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਖੇਤਰਾਂ ਦੇ ਨਿਵੇਸ਼ਕਾਂ ਨੇ ਪੰਜਾਬ ਵਿੱਚ ਆਪਣਾ ਭਰੋਸਾ ਜਤਾਇਆ ਹੈ। ਇਸ ਦੇ ਸਿੱਟੇ ਵਜੋਂ ਪੰਜਾਬ ਵਿੱਚ 99,000 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ। ਇਨ੍ਹਾਂ ਖੇਤਰਾਂ ਵਿੱਚ ਸਾਈਕਲ, ਐਗਰੀ ਅਤੇ ਫੂਡ ਪ੍ਰਾਸੈਸਿੰਗ, ਲੌਜਿਸਟਿਕਸ, ਫਾਰਮਾਸਿਊਟੀਕਲ, ਕੈਮੀਕਲ, ਟੈਕਸਟਾਈਲ, ਇੰਜਨੀਅਰਿੰਗ, ਆਟੋ ਕੰਪੋਨੈਂਟਸ, ਊਰਜਾ ਦੇ ਨਵੇਂ ਅਤੇ ਨਵਿਆਉਣਯੋਗ ਸਰੋਤ, ਆਈਟੀ ਸੇਵਾਵਾਂ, ਸਿੱਖਿਆ, ਰੀਅਲ ਅਸਟੇਟ ਅਤੇ ਬੁਨਿਆਦੀ ਢਾਂਚਾ ਸ਼ਾਮਲ ਹਨ।