ਆਤਿਸ਼ ਗੁਪਤਾ
ਚੰਡੀਗੜ੍ਹ, 5 ਸਤੰਬਰ
ਹਫ਼ਤੇ ਤੋਂ ਇਕਾਂਤਵਾਸ ’ਚ ਰਹਿ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਆਪਣਾ ਇਕਾਂਤਵਾਸ ’ਚ ਰਹਿਣ ਦਾ ਸਮਾਂ ਵੀ ਪੂਰਾ ਕਰ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ 28 ਅਗਸਤ ਨੂੰ ਹੋਏ ਮੌਨਸੂਨ ਇਜਲਾਸ ’ਚ ਮੁੱਖ ਮੰਤਰੀ ਕਰੋਨਾ ਪਾਜ਼ੇਟਿਵ ਦੋ ਵਿਧਾਇਕਾਂ ਦੇ ਸੰਪਰਕ ਵਿੱਚ ਆ ਗਏ ਸਨ। ਇਸੇ ਕਰਕੇ ਉਨ੍ਹਾਂ ਨੇ 28 ਅਗਸਤ ਤੋਂ ਹੀ ਖ਼ੁਦ ਨੂੰ 7 ਦਿਨਾਂ ਲਈ ਇਕਾਂਤਵਾਸ ’ਚ ਰੱਖਣ ਦਾ ਫ਼ੈਸਲਾ ਕੀਤਾ ਸੀ। ਸਿਹਤ ਵਿਭਾਗ ਅਨੁਸਾਰ ਮੁੱਖ ਮੰਤਰੀ ਨੇ ਹੁਣ ਤੱਕ ਤਿੰਨ ਵਾਰ ਕਰੋਨਾ ਟੈਸਟ ਕਰਵਾਇਆ ਹੈ ਅਤੇ ਤਿੰਨੋਂ ਵਾਰ ਟੈਸਟ ਦੀ ਰਿਪੋਰਟ ਨੈਗੇਟਿਵ ਆਈ ਹੈ।
ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਵਜ਼ੀਰਾਂ, ਵਿਧਾਇਕਾਂ ਅਤੇ ਸੀਨੀਅਰ ਅਫ਼ਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ। ਮੀਟਿੰਗ ਵਿੱਚ ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਪਿੰਡਾਂ ਦੇ ਲੋਕਾਂ ਅੰਦਰ ਪੈਦਾ ਕੀਤੇ ਬੇਲੋੜੇ ਡਰ ਕਰਕੇ ਉਹ ਕਰੋਨਾਵਾਇਰਸ ਦੀ ਜਾਂਚ ਲਈ ਅੱਗੇ ਆਉਣ ਤੋਂ ਝਿਜਕਦੇ ਹਨ ਤੇ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾ ਰਹੇ ਹਨ। ਮੁੱਖ ਮੰਤਰੀ ਨੇ ਕਾਂਗਰਸੀ ਮੰਤਰੀਆਂ ਤੇ ਵਿਧਾਇਕਾਂ ਨੂੰ ਸੱਦਾ ਦਿੱਤਾ ਕਿ ਉਹ ਪਿੰਡਾਂ ਨਾਲ ਤਾਲਮੇਲ ਬਣਾ ਕੇ ਕੋਵਿਡ ਟੈਸਟਿੰਗ ਅਤੇ ਅੰਗ ਵੇਚੇ ਜਾਣ ਸਬੰਧੀ ਇਸ ਨਕਾਰਾਤਮਕ ਮੁਹਿੰਮ ਦਾ ਡਟਵਾਂ ਜਵਾਬ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਦਾ ਇੱਕ ਕਾਰਕੁਨ ਕੋਵਿਡ ਜਾਂਚ ਅਤੇ ਇਲਾਜ ਸਬੰਧੀ ਗਲਤ ਸੂਚਨਾ ਫੈਲਾਉਣ ਲਈ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਵੱਲੋਂ ਔਕਸੀਮੀਟਰਾਂ ਦੀ ਵੰਡ ਦਾ ਐਲਾਨ ਮਹਿਜ਼ ਇਕ ਸਿਆਸੀ ਸਟੰਟ ਹੈ ਤੇ ਔਕਸੀਮੀਟਰਾਂ ਦਾ ਜਾਂਚ ਨਾਲ ਕੋਈ ਸਬੰਧ ਨਹੀਂ। ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਕੋਵਿਡ ਟੈਸਟ ਕਰਵਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਗਰੀਬ ਪਰਿਵਾਰਾਂ ਨੂੰ ਘਰੇਲੂ ਇਕਾਂਵਾਸ ਦੌਰਾਨ ਮੁਫ਼ਤ ਖਾਣੇ ਦੇ ਪੈਕੇਟ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦੀ ਸ਼ੁਰੂਆਤ ਉਨ੍ਹਾਂ ਦੇ ਆਪਣੇ ਵਿਧਾਨ ਸਭਾ ਹਲਕੇ ਪਟਿਆਲਾ ਤੋਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਕੇਟ ਲੋੜਵੰਦਾਂ ਤੱਕ ਪਹੁੰਚਾਉਣ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀਆਂ ਤੇ ਸਥਾਨਕ ਵਿਧਾਇਕ ਜ਼ਿਲ੍ਹਾਂ ਪ੍ਰਸ਼ਾਸਨ ਦੀ ਮਦਦ ਕਰਨਗੇ। ਮੀਟਿੰਗ ’ਚ ਸ਼ਾਮਲ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਜਾਣਕਾਰੀ ਦਿੱਤੀ ਕਿ ਪੰਚਾਇਤਾਂ ਵੱਲੋਂ ਰਸਮੀ ਤੌਰ ’ਤੇ ਕੋਈ ਵੀ ਮਤੇ ਪਾਸ ਨਹੀਂ ਕੀਤੇ ਗਏ। ਇਸ ਲਈ ਕੁਝ ਵੀ ਰਿਕਾਰਡ ’ਤੇ ਨਹੀਂ ਹੈ। ਵਰਚੁਅਲ ਮੀਟਿੰਗ ਵਿੱਚ ਸਪੀਕਰ ਰਾਣਾ ਕੇ.ਪੀ. ਸਿੰਘ, ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਆਦਿ ਸ਼ਾਮਲ ਸਨ।