ਚੰਡੀਗੜ੍ਹ, 16 ਦਸੰਬਰ
ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰ ਨੇ ਵੀਰਵਾਰ ਨੂੰ ਕਿਹਾ ਕਿ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਸਥਾਨਕ ਪ੍ਰਸ਼ਾਸਨ ਦੇ ਪੱਖਪਾਤ ਰਵੱਈਏ ਤੇ ਵਿਧਾਨ ਚੋਣਾਂ ਵਿੱਚ ਸ਼ਰਾਬ, ਨਕਦੀ ਤੇ ਡਰੱਗਜ਼ ਦੀ ਦੁਰਵਰਤੋਂ ਦੇ ਮਾਮਲੇ ਉਭਾਰੇ ਹਨ। ਉਨ੍ਹਾਂ ਨੇ ਇਹ ਖੁਲਾਸਾ ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਨ ਮਗਰੋਂ ਕੀਤਾ ਤੇ ਕਿਹਾ ਕਿ ਚੋਣ ਕਮਿਸ਼ਨ ਸੂਬੇ ਵਿੱਚ ਨਿਰਪੱਖ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਨੇ ਇਹ ਵੀ ਸ਼ਿਕਾਇਤ ਕੀਤੀ ਹੈ ਕਿ ਸਥਾਨਕ ਪ੍ਰਸ਼ਾਸਨ ਨਿਰਧਾਰਤ ਸਰਕਾਰੀ ਗਰਾਊਂਡਾਂ ਉੱਤੇ ਰੈਲੀਆਂ ਲਈ ਪ੍ਰਵਾਨਗੀ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਹੈ ਕਿ ਵੋਟਿੰਗ ਵੇਲੇ ਈਵੀਐੱਮ ਸਣੇ ਵੀਵੀਪੈਟ (ਵੋਟਰ ਵੈਰੀਫਿਏਬਲ ਪੇਪਰ ਆਡਿਟ ਟਰਾਇਲ) ਦੀ 100 ਫੀਸਦ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਮੌਜੂਦਾ ਮਿਆਦ 27 ਮਾਰਚ ਨੂੰ ਖਤਮ ਹੋਵੇਗੀ। -ਪੀਟੀਆਈ