ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਅਪਰੈਲ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਵਿੱਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ (ਆਈਆਰਏਡੀ) ਪ੍ਰਾਜੈਕਟ ਦੀ ਸ਼ੁਰੂਆਤ ਕੀਤੀ। ਸੂਬੇ ਦੇ ਲੋਕ ਨਿਰਮਾਣ ਵਿਭਾਗ (ਬੀਐਂਡਆਰ), ਨੈਸ਼ਨਲ ਹਾਈਵੇਜ਼, ਸਿਹਤ ਤੇ ਪਰਿਵਾਰ ਭਲਾਈ, ਨੈਸ਼ਨਲ ਹਾਈਵੇਜ਼ ਅਥਾਰਟੀ ਆਫ ਇੰਡੀਆ ਤੇ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਅੰਤਰ-ਵਿਭਾਗੀ ਮੋਬਾਈਲ ਐਪਲੀਕੇਸ਼ਨ ਆਧਾਰਤ ਪ੍ਰਾਜੈਕਟ ਦੀ ਸ਼ੁਰੂਆਤ ਕਰਨ ਮਗਰੋਂ ਅੱਜ ਇਥੇ ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਦੌਰਾਨ ਪ੍ਰਤੀ ਦਿਨ 10 ਤੋਂ 12 ਮੌਤਾਂ ਹੋ ਰਹੀਆਂ ਹਨ ਜੋ ਦੇਸ਼ ਵਿੱਚ ਪ੍ਰਤੀ ਦਿਨ ਹੋ ਰਹੀਆਂ 8 ਤੋਂ 9 ਮੌਤਾਂ ਨਾਲੋਂ ਵੱਧ ਹਨ। ਉਨ੍ਹਾਂ ਦੱਸਿਆ ਕਿ ਸੱਤ ਪ੍ਰਮੁੱਖ ਸੂਬਿਆਂ ਪੰਜਾਬ, ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਆਈਆਰਏਡੀ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ, ਪਰ ਪੰਜਾਬ ਇਸ ਪ੍ਰਾਜੈਕਟ ਵਿੱਚ ਉੱਚ ਤਕਨੀਕ ਦੀ ਵਰਤੋਂ ਕਰਨ ਵਾਲਾ ਪਹਿਲਾ ਸੂਬਾ ਬਣਿਆ ਹੈ, ਜਿੱਥੇ ਆਈਆਰਏਡੀ ਨੂੰ ਥਾਣਿਆਂ ਦੀਆਂ ਹੱਦਾਂ ਨਾਲ ਜੀਆਈਐੱਸ ਨਕਸ਼ਿਆਂ ਰਾਹੀਂ ਜੋੜਿਆ ਗਿਆ ਹੈ। ਸ੍ਰੀ ਭੁੱਲਰ ਨੇ ਦੱਸਿਆ ਕਿ ਸਰਕਾਰ ਨੇ ਸੂਬੇ ਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਸਾਰੇ ਸਕੂਲਾਂ ਨੇੜੇ ਰਫ਼ਤਰ ਦੀ ਉਪਰਲੀ ਹੱਦ 25 ਕਿਲੋਮੀਟਰ ਪ੍ਰਤੀ ਘੰਟਾ ਨਿਰਧਾਰਤ ਕੀਤੀ ਹੈ ਤੇ ਜਿਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਟ੍ਰੈਫਿਕ ਪੁਲੀਸ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਨੇੜੇ ਸਰਕਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ।