ਆਤਿਸ਼ ਗੁਪਤਾ
ਚੰਡੀਗੜ੍ਹ, 5 ਮਈ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿਚ 26454 ਆਸਾਮੀਆਂ ਨੂੰ ਭਰਨ ਲਈ ਅਰਜ਼ੀਆਂ ਮੰਗੀਆਂ ਹਨ। ਇਸ ਬਾਰੇ ਪੰਜਾਬ ਸਰਕਾਰ ਨੇ ਅੱਜ ਇਸ਼ਤਿਹਾਰ ਜਾਰੀ ਕਰ ਦਿੱਤਾ ਹੈ। ਸੂਬੇ ਦੇ ਵੱਖ-ਵੱਖ ਵਿਭਾਗਾਂ ਦੀਆਂ ਇਨ੍ਹਾਂ ਆਸਾਮੀਆਂ ਦੇ ਵੇਰਵੇ ਵਿਭਾਗ ਦੀ ਵੈੱਬਸਾਈਟ ਉੱਤੇ ਵੀ ਦਿੱਤੇ ਗਏ ਹਨ। ਪੰਜਾਬ ਸਰਕਾਰ ਇਨ੍ਹਾਂ ਆਸਾਮੀਆਂ ਨੂੰ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪੰਜਾਬ ਰਾਜ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਬਾਬਾ ਫਰੀਦ ਯੂਨੀਵਰਸਿਟੀ ਰਾਹੀਂ ਭਰ ਰਹੀ ਹੈ। ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਤਾਂ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਸਹੁੰ ਚੁੱਕਣ ਸਾਰ ਸੂਬੇ ਵਿਚ 25 ਹਜ਼ਾਰ ਨੌਕਰੀਆਂ ਦੇਣ ਦਾ ਐਲਾਨ ਕਰ ਦਿੱਤਾ। ਦੋ ਦਿਨ ਪਹਿਲਾਂ ਪੰਜਾਬ ਕੈਬਨਿਟ ਨੇ ਵੱਖ ਵੱਖ ਵਿਭਾਗਾਂ ਵਿੱਚ 26454 ਆਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦਿੱਤੀ ਸੀ। ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵਿੱਚ 10,475, ਸਕੂਲੀ ਸਿੱਖਿਆ ਵਿੱਚ 6,452, ਬਿਜਲੀ ਵਿਭਾਗ ‘ਚ 1,690, ਸਿਹਤ ਅਤੇ ਪਰਿਵਾਰ ਭਲਾਈ ‘ਚ 2,187, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿੱਚ 803, ਸਹਿਕਾਰਤਾ ਵਿੱਚ 777 ਤੇ ਤਕਨੀਕੀ ਸਿੱਖਿਆ ਵਿੱਚ 989 ਆਸਾਮੀਆਂ ਭਰੀਆਂ ਜਾਣਗੀਆਂ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ‘ਚ 67, ਪਸ਼ੂ ਪਾਲਣ ‘ਚ 218, ਕਰ ਅਤੇ ਆਬਕਾਰੀ ‘ਚ 338, ਵਿੱਤ ਵਿਭਾਗ ‘ਚ 446, ਜੰਗਲਾਤ ‘ਚ 204, ਉਚੇਰੀ ਸਿੱਖਿਆ ਅਤੇ ਭਾਸ਼ਾ ‘ਚ 210, ਘਰੇਲੂ ਅਤੇ ਸ਼ਹਿਰੀ ਵਿਕਾਸ ‘ਚ 235, ਸਥਾਨਕ ਸਰਕਾਰਾਂ ਵਿੱਚ 547, ਮੈਡੀਕਲ ਸਿੱਖਿਆ ਅਤੇ ਖੋਜ ਵਿੱਚ 275, ਯੋਜਨਾਬੰਦੀ ‘ਚ 16, ਜੇਲ੍ਹਾਂ ‘ਚ 9, ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ‘ਚ 8, ਵਿਗਿਆਨ ਤਕਨੀਕ ਅਤੇ ਵਾਤਾਵਰਣ ‘ਚ 123, ਸਮਾਜਿਕ ਨਿਆਂ ‘ਚ 30, ਸਮਾਜਿਕ ਸੁਰੱਖਿਆ ਵਿੱਚ 82 ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ 155 ਖਾਲੀ ਆਸਾਮੀਆਂ ਭਰੀਆਂ ਜਾ ਰਹੀਆਂ ਹਨ। ਪੰਜਾਬ ਕੈਬਨਿਟ ਨੇ ਗਰੁੱਪ-ਸੀ ਦੀਆਂ ਆਸਾਮੀਆਂ ਦੀ ਭਰਤੀ ਲਈ ਇੰਟਰਵਿਊ ਨਾ ਲੈਣ ਦਾ ਐਲਾਨ ਕੀਤਾ ਹੈ।