ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਨਵੰਬਰ
ਇੱਥੇ ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ (ਐੱਫ਼ਡੀਏ) ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਦੁੱਧ, ਦੁੱਧ ਤੋਂ ਬਣੀਆਂ ਵਸਤਾਂ ਅਤੇ ਮਠਿਆਈਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਦੁੱਧ ਉਤਪਾਦਨ ਇਕਾਈਆਂ, ਡਿਸਟ੍ਰੀਬਿਊਸ਼ਨ ਨੈੱਟਵਰਕ ਅਤੇ ਰਿਟੇਲ ਆਊਟਲੈੱਟਸ ’ਤੇ ਨਿਗਰਾਨੀ ਵਧਾ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਿਲਾਵਟਖੋਰੀ ਦੀ ਸਮੱਸਿਆ ਨਾਲ ਨਜਿੱਠਣ ਅਤੇ ਮਿਆਰੀ ਖੁਰਾਕੀ ਵਸਤਾਂ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਉਣ ਲਈ ਅੰਤਰ-ਜ਼ਿਲ੍ਹਾ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮੁਹਿੰਮ ਤਹਤਿ ਹੁਣ ਤੱਕ ਅਕਤੂਬਰ ਮਹੀਨੇ ਦੌਰਾਨ ਜਾਂਚ ਲਈ 934 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿੱਚ ਖੋਏ ਦੇ 43 ਨਮੂਨੇ, ਖੋਏ ਤੋਂ ਬਣਾਈ ਗਈ ਮਠਿਆਈ ਦੇ 97, ਰੰਗਦਾਰ ਮਠਿਆਈ ਦੇ 92, ਪਨੀਰ ਦੇ 27, ਰੰਗਦਾਰ ਬੇਕਰੀ ਆਈਟਮ ਕੇਕ ਦੇ 112, ਚਾਂਦੀ ਦੇ ਵਰਕ ਵਾਲੀ ਮਠਿਆਈ ਦੇ 70, ਸੁੱਕੇ ਮੇਵੇ ਦੇ 104 ਅਤੇ ਵੱਖ-ਵੱਖ ਖਾਣ-ਪੀਣ ਵਾਲੇ ਪਦਾਰਥਾਂ ਦੇ 389 ਨਮੂਨੇ ਸ਼ਾਮਲ ਹਨ। ਸਟੇਟ ਫੂਡ ਲੈਬਾਰਟਰੀ ਤੋਂ ਜਾਂਚ ਰਿਪੋਰਟ ਮਿਲਣ ਉਪਰੰਤ ਉਲੰਘਣਾ ਕਰਨ ਵਾਲਿਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।