ਜਸਵੰਤ ਜੱਸ
ਫਰੀਦਕੋਟ, 7 ਅਕਤੂਬਰ
ਸਿਹਤ ਵਿਭਾਗ ਵੱਲੋਂ ਕਰੋਨਾ ਕਾਲ ਦੌਰਾਨ ਵਿਭਾਗ ਦੀਆਂ ਲੈਬਾਰਟਰੀਆਂ ਵਿੱਚ ਭਰਤੀ ਕੀਤੇ ਗਏ ਆਊਟਸੋਰਸਡ ਸਟਾਫ਼ ਨੂੰ ਪੰਜਾਬ ਸਰਕਾਰ ਨੇ ਪੱਕਾ ਕਰਨ ਦੀ ਥਾਂ ਟੇਢੇ ਢੰਗ ਨਾਲ ਘਰ ਤੋਰਨ ਦੀ ਤਿਆਰੀ ਕਰ ਲਈ ਹੈ। ਇਨ੍ਹਾਂ ਮੁਲਾਜ਼ਮਾਂ ਨੂੰ ਨੌਕਰੀ ਕਰਦਿਆਂ ਦੋ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸਿਹਤ ਵਿਭਾਗ ਨੇ ਕਰੋਨਾ ਕਾਲ ਦੌਰਾਨ 300 ਦੇ ਕਰੀਬ ਮੁਲਾਜ਼ਮ ਭਰਤੀ ਕੀਤੇ ਸਨ, ਜਿਨ੍ਹਾਂ ਵਿਚ ਰਿਸਰਚ ਸਾਇੰਟਿਸਟ, ਲੈਬਾਰਟਰੀ ਤਕਨੀਸ਼ੀਅਨ, ਰਿਸਰਚ ਅਸਿਸਟੈਂਟ, ਲੈਬ ਅਟੈਡੈਂਟ ਤੇ ਮਲਟੀ ਟਾਸਕ ਵਰਕਰ ਸ਼ਾਮਲ ਸਨ। ਸਰਕਾਰ ਨੇ ਇਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਨ੍ਹਾਂ ਨੂੰ ਵਿਭਾਗ ਅਧੀਨ ਲਿਆ ਕੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕੀਤੀਆਂ ਜਾਣਗੀਆਂ। ਇਹ ਮੁਲਾਜ਼ਮ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ, ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਮੈਡੀਕਲ ਕਾਲਜ ਅੰਮ੍ਰਿਤਸਰ, ਮੁਹਾਲੀ ਤੇ ਲੁਧਿਆਣਾ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਇਸੇ ਤਹਿਤ ਸਿਹਤ ਵਿਭਾਗ ਪੰਜਾਬ ਦੇ ਹੁਕਮਾਂ ’ਤੇ ਇਸੇ ਸਾਲ 22 ਜੂਨ ਨੂੰ ਇਨ੍ਹਾਂ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲਿਆਉਣ ਤੇ ਜ਼ਿਲ੍ਹਾ ਹਸਪਤਾਲਾਂ ਵਿੱਚ ਐਡਜਸਟ ਕਰਨ ਲਈ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਕੌਂਸਲਿੰਗ ਕੀਤੀ ਗਈ ਸੀ, ਜਿਸ ਤਹਿਤ ਇਨ੍ਹਾਂ ਮੁਲਾਜ਼ਮਾਂ ਨੂੰ ਮੈਰਿਟ ਸੂਚੀ ਦੇ ਆਧਾਰ ’ਤੇ ਪਸੰਦੀਦਾ ਸਟੇਸ਼ਨ ਅਲਾਟ ਕੀਤੇ ਗਏ ਸਨ ਪਰ ਹੁਣ ਤੱਕ ਮੈਰਿਟ ਸੂਚੀ ਨੂੰ ਅਮਲ ਵਿਚ ਨਹੀਂ ਲਿਆਂਦਾ ਗਿਆ। ਹੁਣ ਮੁਲਾਜ਼ਮਾਂ ਨੂੰ ਨਵੀਂ ਆਈ ਆਊਟਸੋਰਸਜ਼ ਕੰਪਨੀ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਉਹ ਦੂਰ ਦੇ ਸਟੇਸ਼ਨਾਂ ’ਤੇ ਜੁਆਇਨ ਕਰਨ। ਇਹ ਵੀ ਪਤਾ ਲੱਗਾ ਹੈ ਕਿ ਯੂਨੀਵਰਸਿਟੀ ਦੀ ਮੈਰਿਟ ਸੂਚੀ ਅਮਲ ਵਿੱਚ ਲਿਆਂਦੇ ਬਗੈਰ ਆਊਟਸੋਰਸਜ਼ ਕੰਪਨੀ ਵੱਲੋਂ ਪਟਿਆਲਾ ਮੈਡੀਕਲ ਕਾਲਜ ਦੀ ਲੈਬਾਰਟਰੀ ਵਿੱਚ ਕੰਮ ਕਰਦੇ ਸਟਾਫ਼ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਜੁਆਇਨ ਕਰਨ ਲਈ ਕਿਹਾ ਗਿਆ ਹੈ ਜਦਕਿ ਫਰੀਦਕੋਟ ਦੇ ਸਟਾਫ਼ ਨੂੰ ਪਟਿਆਲਾ, ਮੁਹਾਲੀ ਅਤੇ ਅੰਮ੍ਰਿਤਸਰ ਜੁਆਇਨ ਕਰਨ ਲਈ ਕਿਹਾ ਜਾ ਰਿਹਾ ਹੈ। ਆਊਟਸੋਰਸਜ਼ ਕੰਪਨੀ ਨੇ ਕਰੋਨਾ ਯੋਧਿਆਂ ਦੀ ਤਨਖਾਹ ਵਿੱਚ 60 ਫੀਸਦੀ ਦਾ ਕੱਟ ਵੀ ਲਾ ਦਿੱਤਾ ਹੈ, ਜਿਸ ਲੈਬਾਰਟਰੀ ਕਾਮੇ ਨੂੰ ਪਹਿਲਾਂ 25 ਹਜ਼ਾਰ ਰੁਪਏ ਤਨਖਾਹ ਮਿਲਦੀ ਸੀ ਹੁਣ ਉਸ ਨੂੰ 10,800 ਰੁਪਏ ’ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ।
ਆਕਾਸ਼ਦੀਪ ਸਿੰਘ, ਅਮਰਜੀਤ ਸਿੰਘ, ਰਵਿੰਦਰ ਕੌਰ, ਅਮਨਦੀਪ ਸਿੰਘ, ਏਕਤਾ ਰਾਣੀ, ਨਵਦੀਪ ਸਿੰਘ ਅਤੇ ਗੁਰਤੇਜ ਸਿੰਘ ਨੇ ਕੰਪਨੀ ਦਾ ਫੋਨ ਆਉਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਮਈ 2020 ਵਿੱਚ ਭਰਤੀ ਕੀਤਾ ਗਿਆ ਸੀ, ਉਦੋਂ ਵੀ ਉਨ੍ਹਾਂ ਨੂੰ ਹਨੇਰੇ ਵਿੱਚ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲੋਂ ਬਾਬਾ ਫਰੀਦ ਯੂਨੀਵਰਸਿਟੀ ਨੇ ਕੰਟਰੈਟ ’ਤੇ ਆਧਾਰ ’ਤੇ ਅਪਲਾਈ ਕਰਵਾਇਆ ਸੀ ਪਰ ਨਿਯੁਕਤੀ ਤੋਂ ਬਾਅਦ ਪਤਾ ਲੱਗਾ ਕਿ ਉਨ੍ਹਾਂ ਨੂੰ ਐੱਸਐੱਸਐੱਮਐੱਸ ਆਊਟਸੋਰਸਜ਼ ਕੰਪਨੀ ਦੇ ਅਧੀਨ ਕਰ ਦਿੱਤਾ ਗਿਆ। ਉਨ੍ਹਾਂ ਆਖਿਆ ਕਿ ਸਰਕਾਰ ਉਨ੍ਹਾਂ ਨੂੰ ਸਿੱਧਾ ਜਵਾਬ ਦੇਣ ਦੀ ਬਜਾਏ ਕੰਪਨੀ ਪ੍ਰਬੰਧਕਾਂ ਕੋਲੋਂ ਫੋਨ ਕਰਵਾ ਰਹੀ ਹੈ ਕਿ ਉਹ ਦੂਰ-ਦੁਰਾਡੇ ਸਟੇਸ਼ਨ ’ਤੇ ਜੁਆਇਨ ਕਰਨ। ਉਨ੍ਹਾਂ ਆਖਿਆ ਕਿ ਜੇਕਰ ਉਹ ਜੁਆਇਨ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਕੱਢ ਦਿੱਤਾ ਜਾਵੇਗਾ। ਇਸ ਸਬੰਧੀ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੂੰ ਕਈ ਵਾਰ ਫੋਨ ਕੀਤਾ ਪਰ ਉਨ੍ਹਾਂ ਕੋਈ ਜਵਾਬ ਨਹੀਂ ਦਿੱਤਾ ਅਤੇ ਬਾਅਦ ਵਿੱਚ ਫੋਨ ਬੰਦ ਕਰ ਲਿਆ।
ਹਾਲੇ ਕੌਂਸਲਿੰਗ ਸਬੰਧੀ ਕੋਈ ਜਾਣਕਾਰੀ ਨਹੀਂ: ਡਾ. ਮਿੱਤਲ
ਫਰੀਦਕੋਟ ਦੇ ਮੈਡੀਕਲ ਕਾਲਜ ਦੇ ਸੁਪਰਡੈਂਟ ਡਾ. ਸੁਲੇਖ ਮਿੱਤਲ ਨੇ ਕਿਹਾ ਕਿ ਲੈਬਾਰਟਰੀਆਂ ਦੇ ਸਟਾਫ਼ ਦੀ ਕੌਂਸਲਿੰਗ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਕੀਤੀ ਗਈ ਸੀ ਅਤੇ ਇਸ ਕੌਂਸਲਿੰਗ ਬਾਰੇ ਉਨ੍ਹਾਂ ਨੂੰ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ। ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਉਹ ਇਸ ਸਬੰਧੀ ਪੰਜਾਬ ਦੇ ਸਿਹਤ ਮੰਤਰੀ ਨੂੰ ਸੂਚਿਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰਨ ਵਾਲੇ ਸਟਾਫ਼ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਇਸ ਮਸਲੇ ਦਾ ਜਲਦ ਸੁਖਾਵਾਂ ਹੱਲ ਕੱਢ ਕੇ ਮੈਰਿਟ ਦੇ ਆਧਾਰ ’ਤੇ ਨਿਯੁਕਤੀ ਕੀਤੀ ਜਾਵੇਗੀ।
ਭਗਵੰਤ ਮਾਨ ਦੀ ਵੀਡੀਓ ਵਾਇਰਲ
ਸੋਸ਼ਲ ਮੀਡੀਆ ’ਤੇ ਭਗਵੰਤ ਮਾਨ ਦੀ ਇੱਕ ਪੁਰਾਣੀ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ’ਚ ਉਹ ਪਟਿਆਲਾ ਵਿਖੇ ਪੰਜਾਬ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਨੌਕਰੀਓਂ ਕੱਢੇ ਗਏ ਕਰੋਨਾ ਯੋਧਿਆਂ ਦੇ ਧਰਨੇ ਦੌਰਾਨ ਭਾਸ਼ਨ ਦੇ ਰਹੇ ਹਨ। ਉਹ ਕਹਿ ਰਹੇ ਹਨ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅਪੀਲ ਕਰਦੇ ਹਨ ਕਿ ਕਰੋਨਾ ਕਾਲ ਵਿੱਚ ਭਰਤੀ ਕੀਤੇ ਪੈਰਾ ਮੈਡੀਕਲ ਸਟਾਫ ਨੂੰ ਮੁੜ ਨੌਕਰੀ ’ਤੇ ਰੱਖਿਆ ਜਾਵੇ। ਉਹ ਇਹ ਵੀ ਕਹਿੰਦੇ ਸੁਣਾਈ ਦਿੰਦੇ ਹਨ ਕਿ ਜੇਕਰ ਕਾਂਗਰਸ ਸਰਕਾਰ ਨੇ ਉਨ੍ਹਾਂ ਨੂੰ ਨੌਕਰੀ ’ਤੇ ਨਾ ਰੱਖਿਆ ਤਾਂ ਮਾਰਚ ਮਹੀਨੇ ਉਨ੍ਹਾਂ ਦੀ ਸਰਕਾਰ ਬਣਨ ’ਤੇ ਸਾਰੇ ਕਰੋਨਾ ਯੋਧਿਆਂ ਨੂੰ ਮੁੜ ਨੌਕਰੀ ’ਤੇ ਰੱਖਿਆ ਜਾਵੇਗਾ। ਇਸ ਗੱਲ ਦੀ ਵੀ ਚਰਚਾ ਹੋ ਰਹੀ ਹੈ ਕਿ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਵੀ ਰਵਾਇਤੀ ਪਾਰਟੀਆਂ ਦੇ ਰਾਹ ਤੁਰ ਪਈ ਹੈ ਅਤੇ ਉਨ੍ਹਾਂ ਦੇ ਮੁੱਖ ਮੰਤਰੀ ਹੁੰਦਿਆਂ ਕਰੋਨਾ ਯੋਧਿਆਂ ’ਤੇ ਛਾਂਟੀ ਦੀ ਤਲਵਾਰ ਲਟਕ ਗਈ ਹੈ।