ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਪੰਜਾਬ ਸਰਕਾਰ ਨੇ ਸੂਬੇ ਵਿੱਚ ਹੜ੍ਹਾਂ ਕਾਰਨ ਬਣੇ ਹਾਲਾਤ ਨਾਲ ਨਜਿੱਠਣ ਲਈ ਵੱਖ-ਵੱਖ ਜ਼ਿਲ੍ਹਿਆਂ ਨੂੰ 62.70 ਕਰੋੜ ਰੁਪਏ ਦੇ ਫੰਡ ਜਾਰੀ ਕਰ ਦਿੱਤੇ ਹਨ। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ ਰਾਸ਼ੀ ਜਲ ਸਪਲਾਈ ਸਕੀਮਾਂ ਦੀ ਮੁਰੰਮਤ ਲਈ, ਹੜ੍ਹ ਕਾਰਨ ਪ੍ਰਭਾਵਿਤ ਸੜਕਾਂ ਅਤੇ ਪੁਲਾਂ ਦੀ ਮੁਰੰਮਤ, ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਉਣ, ਹੜ੍ਹਾਂ ਵਾਲੇ ਇਲਾਕਿਆਂ ’ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਲਈ, ਪਸ਼ੂਆਂ ਦੀ ਸੰਭਾਲ ਤੇ ਉਨ੍ਹਾਂ ਦੇ ਚਾਰੇ ਦਾ ਪ੍ਰਬੰਧ ਕਰਨ ਲਈ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 18 ਜ਼ਿਲ੍ਹਿਆਂ ਦੇ 1422 ਪਿੰਡ ਪ੍ਰਭਾਵਿਤ ਹੋ ਚੁੱਕੇ ਹਨ, ਜਿਨ੍ਹਾਂ ’ਚ ਕਾਫੀ ਨੁਕਸਾਨ ਹੋਇਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਨੂੰ 1.50 ਕਰੋੜ ਰੁਪਏ, ਹੁਸ਼ਿਆਰਪੁਰ, ਬਠਿੰਡਾ, ਬਰਨਾਲਾ, ਮਾਨਸਾ, ਪਠਾਨਕੋਟ, ਮਾਲੇਰਕੋਟਲਾ ਤੇ ਫਰੀਦਕੋਟ ਨੂੰ 1-1 ਕਰੋੜ ਰੁਪਏ, ਫਿਰੋਜ਼ਪੁਰ ਨੂੰ 3.15 ਕਰੋੜ ਰੁਪਏ, ਫਾਜ਼ਿਲਕਾ ਨੂੰ 1.15 ਕਰੋੜ ਰੁਪਏ ਅਤੇ ਫਤਹਿਗੜ੍ਹ ਸਾਹਿਬ ਨੂੰ 3.15 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ ਗੁਰਦਾਸਪੁਰ, ਜਲੰਧਰ ਤੇ ਕਪੂਰਥਲਾ ਨੂੰ 2.50-2.50 ਕਰੋੜ ਰੁਪਏ ਦਿੱਤੇ ਹਨ। ਲੁਧਿਆਣਾ ਨੂੰ 3 ਕਰੋੜ ਰੁਪਏ, ਮੋਗਾ ਨੂੰ 1.50 ਕਰੋੜ ਰੁਪਏ, ਪਟਿਆਲਾ ਨੂੰ 5.65 ਕਰੋੜ ਰੁਪਏ ਤੇ ਰੂਪਨਗਰ ਨੂੰ 6.15 ਕਰੋੜ ਰੁਪਏ ਜਾਰੀ ਕੀਤੇ ਹਨ। ਸ੍ਰੀ ਮੁਕਤਸਰ ਸਾਹਿਬ ਤੇ ਤਰਨ ਤਾਰਨ ਨੂੰ 2-2 ਕਰੋੜ ਰੁਪਏ, ਮੁਹਾਲੀ ਨੂੰ 3.05 ਕਰੋੜ ਰੁਪਏ, ਨਵਾਂ ਸ਼ਹਿਰ ਨੂੰ 1.65 ਕਰੋੜ ਰੁਪਏ ਅਤੇ ਸੰਗਰੂਰ ਨੂੰ 3.40 ਕਰੋੜ ਰੁਪਏ ਦਿੱਤੇ ਗਏ ਹਨ।
ਸਰਕਾਰੀ ਸਕੂਲਾਂ ਲਈ 27.77 ਕਰੋੜ ਦੀ ਗਰਾਂਟ ਜਾਰੀ
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਂਹ ਤੇ ਹੜ੍ਹਾਂ ਦੇ ਪਾਣੀ ਦੀ ਮਾਰ ਝੱਲ ਰਹੇ ਸਰਕਾਰੀ ਸਕੂਲਾਂ ਨੂੰ 27.77 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਹੈ। ਇਹ ਰਾਸ਼ੀ ਪ੍ਰਤੀ ਸਕੂਲ 5 ਹਜ਼ਾਰ ਰੁਪਏ ਤੋਂ ਲੈ ਕੇ 30 ਹਜ਼ਾਰ ਰੁਪਏ ਹੈ। ਸ੍ਰੀ ਬੈਂਸ ਨੇ ਕਿਹਾ ਕਿ ਸੂਬੇ ਦੇ ਪ੍ਰਾਇਮਰੀ ਸਕੂਲਾਂ ਵਾਸਤੇ 20 ਕਰੋੜ ਰੁਪਏ ਤੇ ਸੈਕੰਡਰੀ ਸਕੂਲਾਂ ਲਈ 7.77 ਕਰੋੜ ਰੁਪਏ ਪ੍ਰਵਾਨ ਕੀਤੇ ਗਏ ਹਨ।
ਖੁੱਡੀਆਂ ਵੱਲੋਂ ਰਾਹਤ ਫੰਡ ਵਿੱਚ ਇੱਕ ਮਹੀਨੇ ਦੀ ਤਨਖ਼ਾਹ ਦਾਨ
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।