ਪਾਲ ਸਿੰਘ ਨੌਲੀ
ਜਲੰਧਰ, 30 ਨਵੰਬਰ
ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਸਾਨ ਅੰਦੋਲਨ ਵਿੱਚ ਪੰਜਾਬੀਆਂ ਦੀ ਅਹਿਮ ਭੂਮਿਕਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹੁਣ ਐੱਮਐੱਸਪੀ ਨੂੰ ਵੀ ਜਲਦੀ ਤੋਂ ਜਲਦੀ ਲਾਗੂ ਕਰੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਕਿਸਾਨਾਂ ਨੂੰ ਐੱਮਐੱਸਪੀ ਨਹੀਂ ਦੇਵੇਗੀ ਤਾਂ ਪੰਜਾਬ ਸਰਕਾਰ ਆਪਣੇ ਸੂਬੇ ਦੇ ਕਿਸਾਨਾਂ ਨੂੰ 113 ਫਸਲਾਂ ’ਤੇ ਐੱਮਐੱਸਪੀ ਦੇਵੇਗੀ। ਇੱਥੇ ਸਰਕਟ ਹਾਊਸ ਵਿੱਚ ਗੱਲ ਕਰਦਿਆਂ ਉਨ੍ਹਾਂ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਜ਼ਰੂਰ ਐੱਮਐੱਸਪੀ ਦੇਵੇਗੀ ਪਰ ਜੇਕਰ ਕੇਂਦਰ ਨੇ ਨਾ ਦਿੱਤੀ ਤਾਂ ਉਹ ਪੰਜਾਬ ਦੇ ਕਿਸਾਨਾਂ ਨੂੰ ਉੱਜੜਨ ਨਹੀਂ ਦੇਣਗੇ। ਰਣਦੀਪ ਸਿੰਘ ਨਾਭਾ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦਾ ਸੁਆਗਤ ਕਰਦਿਆਂ ਕਿਹਾ ਕਿ ਹੁਣ ਐੱਮਐੱਸਪੀ ਨੂੰ ਵੀ ਲਾਗੂ ਕਰੇ।
ਖੇਤੀਬਾੜੀ ਮੰਤਰੀ ਨੇ ਦਾਅਵਾ ਕੀਤਾ ਕਿ ਇਸ ਵਾਰ ਝੋਨੇ ਦੀ ਪਰਾਲੀ ਨੂੰ ਪੰਜਾਬ ਵਿੱਚ ਪਹਿਲਾਂ ਦੇ ਮੁਕਾਬਲੇ ਘੱਟ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਸੰਦਾਂ ’ਤੇ 14.96 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ ਤਾਂ ਜੋ ਪਰਾਲੀ ਨੂੰ ਖੇਤਾਂ ਵਿੱਚ ਵਾਹਿਆ ਜਾ ਸਕੇ। ਸ੍ਰੀ ਨਾਭਾ ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਦੇ ਨਾਲ-ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵੀ ਉੱਦਮ ਕਰਨ ਦੀ ਸਲਾਹ ਦਿੰਦਿਆਂ ਕਿਹਾ ਖੇਤੀਬਾੜੀ ਵਿੱਚ ਉਤਪਾਦਨ ਦੇ ਨਾਲ-ਨਾਲ ਉਪਜ ਦੀ ਪ੍ਰੋਸੈਸਿੰਗ ਵੱਲ ਵੀ ਰੁਝਾਨ ਵਧਾਉਣ ਦੀ ਜ਼ਰੂਰਤ ਹੈ। ਇਸ ਤੋਂ ਪਹਿਲਾਂ ਸਰਕਟ ਹਾਊਸ ਪਹੁੰਚਣ ’ਤੇ ਖੇਤੀਬਾੜੀ ਮੰਤਰੀ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਲਾਲੀ, ਬਲਦੇਵ ਸਿੰਘ ਦੇਵ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਤੇ ਨਰੇਸ਼ ਗੁਲਾਟੀ ਵਲੀ ਹਾਜ਼ਰ ਸਨ।
‘ਖੇਤੀਬਾੜੀ ’ਵਰਸਿਟੀ ਦੇ ਵਾਈਸ ਚਾਂਸਲਰ ਦੀ ਜਲਦੀ ਹੋਵੇਗੀ ਨਿਯੁਕਤੀ’
ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀ ਦਿਸ਼ਾ ਤੇ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਵੱਲੋਂ ਰੂਪ-ਰੇਖਾ ਉਲੀਕੀ ਜਾ ਰਹੀ ਹੈ, ਜਿਸ ਤਹਿਤ ਸੂਬੇ ਨੂੰ ਛੇ ਜ਼ੋਨਾਂ ਵਿੱਚ ਵੰਡ ਕੇ ਖੇਤੀ ਖੇਤਰ ਦੀ ਕਾਇਆ-ਕਲਪ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਦੀ ਨਿਯੁਕਤੀ ਛੇਤੀ ਹੀ ਕਰ ਦਿੱਤੀ ਜਾਵੇਗੀ ਅਤੇ ਇਸ ਅਹੁਦੇ ਲਈ ਮੰਗੀਆਂ ਗਈਆਂ ਅਰਜ਼ੀਆਂ ਨੂੰ ਛਾਂਟ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਵਿੱਚ ਜਾਨਾਂ ਗੁਆ ਚੁੱਕੇ 157 ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਤੇ 122 ਹੋਰ ਅਜਿਹੇ ਕਿਸਾਨ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਦੇਣ ਦੀ ਪੰਜਾਬ ਸਰਕਾਰ ਨੇ ਤਿਆਰੀ ਕੀਤੀ ਹੈ।