ਆਤਿਸ਼ ਗੁਪਤਾ
ਚੰਡੀਗੜ੍ਹ, 14 ਜੂਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਲਈ ਆਨਲਾਈਨ ਡਰਾਈਵਿੰਗ ਲਾਇਸੈਂਸ ਦੀ ਸਹੂਲਤ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਨਾਲ ਉਹ ਆਪਣੇ ਕੰਪਿਊਟਰ, ਮੋਬਾਈਲ, ਟੈਬਲੇਟ ਜਾਂ ਲੈਪਟਾਪ ‘ਤੇ ਸਿਰਫ ਇੱਕ ਕਲਿੱਕ ਕਰਨ ‘ਤੇ ਲਰਨਿੰਗ ਡਰਾਈਵਿੰਗ ਲਾਇਸੈਂਸ ਪ੍ਰਾਪਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਨਵੇਂ ਪੋਰਟਲ www.sarathi.parivahan.gov.in ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਚਾਹਵਾਨ ਲਰਨਿੰਗ ਡਰਾਈਵਿੰਗ ਲਾਇਸੈਂਸ ਸੌਖਿਆ ਹੀ ਆਪਣੇ ਘਰਾਂ ਵਿੱਚ ਪ੍ਰਾਪਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਸਹੂਲਤ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਇਹ ਪਹਿਲ ਕਦਮੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੀ ਸ਼ੁਰੂਆਤ ਹੋਣ ਨਾਲ ਲੋਕਾਂ ਨੂੰ ਹੁਣ ਆਰਟੀਏ ਦਫ਼ਤਰਾਂ/ਟਰੈਕਾਂ ‘ਤੇ ਜਾਣ ਲਈ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜੇ ਲੋਕ ਚਾਹੁਣ ਤਾਂ ਸੁਵਿਧਾ ਕੇਂਦਰ ਵਿਖੇ ਵੀ ਆਪਣਾ ਲਾਇਸੈਂਸ ਅਪਲਾਈ ਕਰ ਸਕਦੇ ਹਨ। ਬਿਨੈਕਾਰ ਆਪਣਾ ਆਧਾਰ ਕਾਰਡ ਅਪਲੋਡ ਕਰਦੇ ਸਮੇਂ ਲਰਨਿੰਗ ਡਰਾਈਵਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ, ਜਿਸ ਤੋਂ ਬਾਅਦ ਉਹ ਆਨਲਾਈਨ ਲਰਨਿੰਗ ਲਾਇਸੈਂਸ ਟੈਸਟ ਵਿਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਬਿਨੈਕਾਰ ਆਨਲਾਈਨ ਟੈਸਟ ਪਾਸ ਕਰਨ ਤੋਂ ਬਾਅਦ ਲਾਇਸੈਂਸ ਨੂੰ ਡਾਊਨਲੋਡ ਕਰਕੇ ਇਸ ਦਾ ਪ੍ਰਿੰਟ ਲੈ ਸਕਦਾ ਹੈ।