ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਸਾਉਣੀ ਮੰਡੀਕਰਨ ਸੀਜ਼ਨ-2022-23 ਲਈ ਝੋਨੇ ਦੀ ਮਿਲਿੰਗ ਵਾਸਤੇ ‘ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ। ਇਸ ਨਾਲ ਖਰੀਦਿਆ ਗਿਆ ਝੋਨਾ ਸੂਬੇ ’ਚ ਸਥਾਪਤ ਮਿੱਲਾਂ ਰਾਹੀਂ ਚੌਲ ਬਣਾਉਣ ਮਗਰੋਂ ਭਾਰਤੀ ਖੁਰਾਕ ਨਿਗਮ ਨੂੰ ਮੁਹੱਈਆ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ ਬਿਜਲੀ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਪੀਐੱਸਪੀਸੀਐੱਲ ਦੀ ਕਾਰਜ ਯੋਜਨਾ ਅਤੇ ਨਾਗਰਿਕ ਕੇਂਦਰਿਤ ਈਕੋ-ਸਿਸਟਮ ਕਾਇਮ ਕਰਨ ਲਈ ਐੱਨਐੱਲਐੱਸਐੱਫ ਨਾਲ ਸਮਝੌਤੇ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਿਵਲ ਸਕੱਤਰੇਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ।
ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਕੈਬਨਿਟ ਨੇ ‘ਦਿ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨੀਤੀ ਪੰਜਾਬ ਦੀਆਂ ਖਰੀਦ ਏਜੰਸੀਆਂ (ਪਨਗਰੇਨ, ਮਾਰਕਫੈੱਡ, ਪਨਸਪ, ਪੰਜਾਬ ਰਾਜ ਗੁਦਾਮ ਨਿਗਮ ਅਤੇ ਭਾਰਤੀ ਖੁਰਾਕ ਨਿਗਮ) ਵੱਲੋਂ ਖਰੀਦੇ ਜਾਣ ਵਾਲੇ ਝੋਨੇ ਦੀ ਮਿਲਿੰਗ ਨੂੰ ਸਮੇਂ ਸਿਰ ਕੇਂਦਰੀ ਪੂਲ ’ਚ ਭੁਗਤਾਉਣ ਲਈ ਤਿਆਰ ਕੀਤੀ ਗਈ ਹੈ। ਇਸ ਦੌਰਾਨ ਪੰਜਾਬ ਕੈਬਨਿਟ ਨੇ ਸਾਉਣੀ ਮੰਡੀਕਰਨ ਸੀਜ਼ਨ-2022-23 ਪਹਿਲੀ ਅਕਤੂਬਰ ਤੋਂ ਸ਼ੁਰੂ ਕਰ ਕੇ 30 ਨਵੰਬਰ ਤੱਕ ਮੁਕੰਮਲ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸੀਜ਼ਨ ਦੌਰਾਨ ਖਰੀਦੇ ਜਾਣ ਵਾਲੇ ਝੋਨੇ ਨੂੰ ਸੂਬੇ ’ਚ ਯੋਗ ਚੌਲ ਮਿੱਲਾਂ ’ਚ ਭੰਡਾਰ ਕੀਤਾ ਜਾਵੇਗਾ।
ਇਸੇ ਤਰ੍ਹਾਂ ਕੈਬਨਿਟ ਨੇ ਨਾਗਰਿਕ ਕੇਂਦਰਿਤ, ਅਗਾਂਹਵਧੂ ਗਵਰਨੈਂਸ ਈਕੋ-ਸਿਸਟਮ ਬਣਾਉਣ ਲਈ ਵਧੇਰੇ ਪੇਸ਼ੇਵਰ ਮੁਹਾਰਤ ਲਿਆਉਣ ਵਾਸਤੇ ਪੰਜਾਬ ਕੈਬਨਿਟ ਨੇ ‘ਨੱਜ ਲਾਈਫ ਸਕਿੱਲਜ਼ ਫਾਊਂਡੇਸ਼ਨ’ ਨਾਲ 27 ਮਹੀਨਿਆਂ ਦੇ ਵਕਫ਼ੇ ਲਈ ਸਮਝੌਤੇ ਲਈ ਸਹਿਮਤੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ‘ਰਿਵੈਮਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ’ (ਆਰਡੀਐੱਸਐੱਸ) ਨੂੰ ਪ੍ਰਵਾਨ ਤੇ ਲਾਗੂ ਕਰਨ ਲਈ ਪੀਐੱਸਪੀਸੀਐੱਲ ਦੀ ਕਾਰਜ ਯੋਜਨਾ, ਸੂਬੇ ਵਿੱਚ ਕੁਦਰਤੀ ਆਫਤਾਂ ਦੇ ਜੋਖਮ ਨੂੰ ਘਟਾਉਣ ਲਈ ਸੂਬਾ ਸੰਕਟ ਰਾਹਤ ਫੰਡ (ਐੱਸਡੀਐਮਐਫ) ਹੋਂਦ ਵਿੱਚ ਲਿਆਉਣ ਅਤੇ ਮੂੰਗੀ ਦੀ ਖਰੀਦ ਲਈ ਭਾਰਤ ਸਰਕਾਰ ਵੱਲੋਂ ਤੈਅ ਮਾਪਦੰਡਾਂ ਵਿੱਚ ਛੋਟ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।
ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀਆਂ ਦੀ ਵਿਸ਼ੇਸ਼ ਸਜ਼ਾ ਮੁਆਫ਼ੀ ਲਈ ਮਨਜ਼ੂਰੀ
ਕੈਬਨਿਟ ਨੇ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਦੀਆਂ ਜੇਲ੍ਹਾਂ ’ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀਆਂ ਦੀ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸੇ ਤਰ੍ਹਾਂ 15 ਅਗਸਤ ਨੂੰ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ’ਤੇ ਸੂਬੇ ਦੀਆਂ ਜੇਲ੍ਹਾਂ ’ਚ ਨਜ਼ਰਬੰਦ ਕੈਦੀਆਂ ਦੇ ਵਿਸ਼ੇਸ਼ ਸਜ਼ਾ ਮੁਆਫੀ ਦੇ ਕੇਸ ਭੇਜਣ ਲਈ ਵੀ ਮਨਜ਼ੂਰੀ ਦਿੱਤੀ ਗਈ ਹੈ।