ਹਤਿੰਦਰ ਮਹਿਤਾ
ਆਦਮਪੁਰ ਦੋਆਬਾ, 28 ਜਨਵਰੀ
ਇੱਥੇ ਅੱਜ ਆਮ ਆਦਮੀ ਪਾਰਟੀ ਦੇ ‘ਲੋਕਾਂ ਨਾਲ ਵਿਚਾਰ ਵਟਾਂਦਰਾ’ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਸਭ ਤੋਂ ਜ਼ਿਆਦਾ ਜ਼ਰੂਰਤ ਇਮਾਨਦਾਰ ਸਰਕਾਰ ਦੀ ਹੈ। ਇਮਾਨਦਾਰ ਸਰਕਾਰ ਹੀ ਪੰਜਾਬ ’ਚੋਂ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਖ਼ਤਮ ਕਰ ਸਕਦੀ ਹੈ। ਇਸ ਲਈ ‘ਆਪ’ ਨੇ ਪੰਜਾਬ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਦਿੱਤਾ ਹੈ। ਇਸ ਮੌਕੇ ਕੇਜਰੀਵਾਲ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੀ ਸਰਕਾਰ ਬਣਨ ’ਤੇ ਇਹ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਡਾ. ਅੰਬੇਡਕਰ ਦੇ ਅਧੂਰੇ ਸੁਫ਼ਨਿਆਂ ਦਾ ਜ਼ਿਕਰ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਹ ਬਾਬਾ ਸਾਹਿਬ ਦੀ ਰੋਜ਼ ਪੂਜਾ ਕਰਦੇ ਹਨ। ਉਨ੍ਹਾਂ ਦੀ ਇੱਛਾ ਸੀ ਕਿ ਦੇਸ਼ ਦੇ ਹਰ ਬੱਚੇ ਨੂੰ ਚੰਗੀ ਸਿੱਖਿਆ ਮਿਲੇ ਪਰ 70 ਸਾਲਾਂ ਬਾਅਦ ਵੀ ਉਨ੍ਹਾਂ ਦਾ ਸੁਫ਼ਨਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ, ‘‘ਅਸੀਂ ਬਾਬਾ ਸਾਹਿਬ ਦੇ ਸੁਫ਼ਨੇ ਪੂਰੇ ਕਰਨ ਦੀ ਸਹੁੰ ਖਾਧੀ ਹੈ। ਦਿੱਲੀ ਵਿੱਚ ਸਾਡੀ ਸਰਕਾਰ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇ ਕੇ ਉਨ੍ਹਾਂ ਦੇ ਸੁਫ਼ਨੇ ਪੂਰੇ ਕਰ ਰਹੀ ਹੈ।’’
ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਾਹਮਣੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਚੋਣ ਮੈਦਾਨ ਵਿੱਚ ਉੱਤਰਨ ਬਾਰੇ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਲੋਕਾਂ ਨੂੰ ਦਰੜਨ ਵਾਲੇ ਵੱਡੇ ਰਾਜਨੀਤਕ ਹਾਥੀ ਨੂੰ ਨਹੀਂ, ਸਗੋਂ ਆਮ ਆਦਮੀ ਨੂੰ ਚੁਣੇਗੀ। ਅੰਮ੍ਰਿਤਸਰ ਪੂਰਬੀ ਤੋਂ ਜੀਵਨਜੋਤ ਕੌਰ ‘ਆਪ’ ਉਮੀਦਵਾਰ ਹਨ। ਜੀਵਨਜੋਤ ਸਾਧਾਰਨ ਪਰਿਵਾਰ ’ਚੋਂ ਹਨ ਅਤੇ ਲੋਕ ਉਨ੍ਹਾਂ ਨੂੰ ਹੀ ਜਿਤਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਰੇਤ ਮਾਫ਼ੀਆ ਨਾਲ ਮਿਲੇ ਹੋਣ ਦੇ ਦੋਸ਼ ਹਨ। ਅਕਾਲੀ ਆਗੂਆਂ ’ਤੇ ਨਸ਼ਾ ਮਾਫ਼ੀਆ ਦੇ ਦੋਸ਼ ਹਨ। ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਪੰਜਾਬ ਵਿੱਚ ਮਾਫ਼ੀਆ ਰਾਜ ਚਲਾਇਆ ਅਤੇ ਰਲ ਕੇ ਪੰਜਾਬ ਨੂੰ ਲੁੱਟਿਆ ਹੈ।
ਪੰਜਾਬ ਦਾ ‘ਖੇਤੀ ਮਾਫੀਆ’ ਖ਼ਤਮ ਕਰਾਂਗੇ: ਮਾਨ
‘ਆਪ’ ਵੱਲੋਂ ਮੁੱਖ ਮੰਤਰੀ ਵਜੋਂ ਉਮੀਦਵਾਰ ਭਗਵੰਨ ਮਾਨ ਨੇ ਕਿਹਾ ਕਿ ‘ਆਪ’ ਕੋਲ ਕਿਸਾਨਾਂ ਲਈ ਯੋਜਨਾ ਤਿਆਰ ਹੈ। ‘ਆਪ’ ਸਰਕਾਰ ਪੰਜਾਬ ਦਾ ‘ਖੇਤੀ ਮਾਫ਼ੀਆ’ ਖ਼ਤਮ ਕਰੇਗੀ। ਕਿਸਾਨਾਂ ਅਤੇ ਆੜ੍ਹਤੀਆਂ ਦੇ ਰਿਸ਼ਤੇ ਨੂੰ ਮਜ਼ਬੂਤ ਬਣਾ ਕੇ ਦੋਵਾਂ ਦੇ ਖਦਸ਼ੇ ਅਤੇ ਸਮੱਸਿਆਵਾਂ ਦੂਰ ਕਰੇਗੀ ਤੇ ਕਿਸਾਨਾਂ ਨੂੰ ਖੇਤੀ ਵਿੱਚ ਨੁਕਸਾਨ ਨਹੀਂ ਹੋਣ ਦੇਵੇਗੀ। ਮੰਡੀ ਅੰਦਰ ਟਰਾਲੀ ਪਹੁੰਚਣ ’ਤੇ ਅਨਾਜ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਜੇ ਮੀਂਹ, ਹਨੇਰੀ ਜਾਂ ਕਿਸੇ ਹੋਰ ਕਾਰਨ ਅਨਾਜ ਨੂੰ ਮੰਡੀ ਵਿੱਚ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੇ ਪੈਸੇ ਸਰਕਾਰ ਦੇਵੇਗੀ ਅਤੇ ਮੰਡੀ ਵਿੱਚ ਅਨਾਜ ਪਹੁੰਚਣ ਦੇ 24 ਘੰਟਿਆਂ ਅੰਦਰ ਕਿਸਾਨਾਂ ਨੂੰ ਫ਼ਸਲ ਦਾ ਪੂਰਾ ਭੁਗਤਾਨ ਹੋਵੇਗਾ।