ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 18 ਨਵੰਬਰ
ਪੰਜਾਬ ’ਚ ਚਾਰ ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਦੀਆਂ ਜ਼ਿਮਨੀ ਚੋਣਾਂ ਲਈ ਪ੍ਰਚਾਰ ਅੱਜ ਸ਼ਾਮ ਛੇ ਵਜੇ ਸਮਾਪਤ ਹੋ ਗਿਆ। ਜ਼ਿਮਨੀ ਚੋਣਾਂ ਲਈ ਵੋਟਾਂ 20 ਨਵੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਇਨ੍ਹਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਕਰੀਬ 19 ਦਿਨ ਤੱਕ ਚੱਲੇ ਚੋਣ ਪ੍ਰਚਾਰ ਦੀ ਸਮਾਪਤੀ ਅੱਜ ਉਮੀਦਵਾਰਾਂ ਨੇ ਰੋਡ ਸ਼ੋਅ ਨਾਲ ਕੀਤੀ। ਚਾਰੋਂ ਵਿਧਾਨ ਸਭਾ ਹਲਕਿਆਂ ’ਚ ਪੈਣ ਵਾਲੀਆਂ ਵੋਟਾਂ ਦੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ। ਦੱਸਣਾ ਬਣਦਾ ਹੈ ਕਿ ਚੋਣ ਕਮਿਸ਼ਨ ਨੇ ਚੋਣਾਂ ਲਈ ਹਫ਼ਤੇ ਦਾ ਸਮਾਂ ਵਧਾ ਦਿੱਤਾ ਸੀ, ਜਿਸ ਕਰਕੇ ਸਿਆਸੀ ਪਾਰਟੀਆਂ ਨੂੰ ਪ੍ਰਚਾਰ ਵਾਸਤੇ ਢੁੱਕਵਾਂ ਸਮਾਂ ਮਿਲ ਗਿਆ ਸੀ। ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਰਾਖਵੇਂ ਹਲਕੇ ਚੱਬੇਵਾਲ ਦੇ ਵਿਧਾਇਕਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕੀ ਤੋਂ ਅਸਤੀਫ਼ੇ ਦੇ ਦਿੱਤੇ ਸਨ ਜਿਸ ਕਰਕੇ ਇਨ੍ਹਾਂ ਹਲਕਿਆਂ ਵਿਚ ਜ਼ਿਮਨੀ ਚੋਣ ਹੋ ਰਹੀ ਹੈ। ਜ਼ਿਮਨੀ ਚੋਣਾਂ ਦੇ ਨਤੀਜੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵੀ ਆਪਣੇ ਪ੍ਰਭਾਵ ਛੱਡਣਗੇ।