ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੰਡ ਦੇੇਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ’ਤੇ ਪੱਖਪਾਤੀ ਵਿਵਹਾਰ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ ਪੰਜਾਬ ਨੂੰ ਹਰਿਆਣਾ ਤੋਂ ਵੱਧ ਫੰਡ ਦਿੱਤੇ ਗਏ ਹਨ। ਇਸ ਯੋਜਨਾ ਤਹਿਤ ਪੰਜਾਬ ਨੂੰ 1825 ਕਰੋੜ 78 ਲੱਖ ਰੁਪਏ ਮਿਲੇ ਹਨ, ਜਦਕਿ ਹਰਿਆਣਾ ਨੂੰ ਸਿਰਫ਼ 1673 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ‘ਆਪ’ ਦੇ ਆਗੂ ਝੂਠ ਬੋਲ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਮਨ ਵਿੱਚ ਪੰਜਾਬ ਪ੍ਰਤੀ ਬੇਹੱਦ ਸਤਿਕਾਰ ਹੈ ਜਿਸ ਦਾ ਨਤੀਜਾ ਹੈ ਕਿ ਪੰਜਾਬ ਵਿੱਚ ਵਿਰੋਧੀ ਧਿਰ ਦੀ ਸਰਕਾਰ ਹੋਣ ਦੇ ਬਾਵਜੂਦ ਪੰਜਾਬ ਨੂੰ ਵੱਧ ਫੰਡ ਮਿਲਿਆ ਹੈ।