ਚੰਡੀਗੜ੍ਹ, 18 ਨਵੰਬਰ
PB-STUBBLE-SEASON HIGH: ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਵਿਚ ਹਵਾ ਪ੍ਰਦੂਸ਼ਣ ਨਾਲ ਲੋਕ ਪ੍ਰੇਸ਼ਾਨ ਹਨ। ਦੂਜੇ ਪਾਸੇ ਪੰਜਾਬ ਵਿੱਚ ਅੱਜ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ 1,251 ਨਵੇਂ ਮਾਮਲੇ ਸਾਹਮਣੇ ਆਏ ਜੋ ਇਸ ਸੀਜ਼ਨ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਹਨ, ਜਿਸ ਨਾਲ ਸੂਬੇ ਵਿੱਚ ਅਜਿਹੇ ਕੇਸਾਂ ਦੀ ਕੁੱਲ ਗਿਣਤੀ 9,655 ਹੋ ਗਈ ਹੈ। ਇਹ ਜਾਣਕਾਰੀ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਰਾਹੀਂ ਨਸ਼ਰ ਕੀਤੀ ਗਈ ਹੈ।
ਜਾਣਕਾਰੀ ਅਨੁਸਾਰ 8 ਨਵੰਬਰ ਨੂੰ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ 730 ਘਟਨਾਵਾਂ ਸਾਹਮਣੇ ਆਈਆਂ ਸਨ। ਅੱਜ ਮੁਕਤਸਰ ਜ਼ਿਲ੍ਹੇ ਵਿੱਚ 247 ਥਾਵਾਂ ’ਤੇ ਪਰਾਲੀ ਸਾੜੀ ਗਈ ਜਦ ਕਿ ਮੋਗਾ (149), ਫਿਰੋਜ਼ਪੁਰ (130), ਬਠਿੰਡਾ (129), ਫਾਜ਼ਿਲਕਾ (94) ਅਤੇ ਫਰੀਦਕੋਟ ਵਿਚ (88) ਮਾਮਲੇ ਸਾਹਮਣੇ ਆਏ ਹਨ। ਜ਼ਿਕਰਯੋਗ ਹੈ ਕਿ ਅਕਤੂਬਰ-ਨਵੰਬਰ ਵਿੱਚ ਝੋਨੇ ਦੀ ਕਟਾਈ ਕੀਤੀ ਜਾਂਦੀ ਹੈ ਤੇ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਵਿੱਚ ਵਾਧੇ ਲਈ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਨੂੰ ਅਕਸਰ ਜ਼ਿੰਮੇਵਾਰ ਠਹਿਰਾਇਆ ਜਾਂਦਾ ਹੈ। ਪੀਟੀਆਈ