ਚਰਨਜੀਤ ਭੁੱਲਰ
ਚੰਡੀਗੜ੍ਹ, 12 ਜੂਨ :
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਲੜਾਈ ਲੜਨ ਦਾ ਫ਼ੈਸਲਾ ਲਿਆ ਹੈ| ਵਿਦਿਆਰਥੀ ਧਿਰਾਂ ਨੇ ਪਿਛਲੇ ਕਾਫੀ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਹੱਥਾਂ ਤੋਂ ਬਚਾਉਣ ਲਈ ਸੰਘਰਸ਼ ਵਿੱਢਿਆ ਹੋਇਆ ਹੈ ਅਤੇ ਲੰਘੇ ਦਿਨੀਂ ਮੁਹਾਲੀ ਤੇ ਚੰਡੀਗੜ੍ਹ ਵਿੱਚ ਵੱਡਾ ਰੋਸ ਮੁਜ਼ਾਹਰਾ ਵੀ ਕੀਤਾ ਗਿਆ ਸੀ| ‘ਆਪ’ ਸਰਕਾਰ ਨੇ ਇਸ ਮਾਮਲੇ ’ਤੇ ਹੁਣ ਤੱਕ ਆਪਣਾ ਸਟੈਂਡ ਸਪੱਸ਼ਟ ਨਹੀਂ ਕੀਤਾ ਸੀ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਵਜੂਦ ਨੂੰ ਕਾਇਮ ਰੱਖਣ ਦਾ ਸਟੈਂਡ ਲਿਆ ਹੈ|
ਪੰਜਾਬ ਦੇ ਉਚੇਰੀ ਸਿੱਖਿਆ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਸਰਕਾਰ ਵੱਲੋਂ ਇੱਕ ਟਵੀਟ ਕਰ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਮਾਮਲੇ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹਨ ਅਤੇ ਕਿਸੇ ਵੀ ਹਾਲਤ ’ਚ ਪੰਜਾਬ ਯੂਨੀਵਰਸਿਟੀ ਦਾ ਕੇਂਦਰੀਕਰਨ ਨਹੀਂ ਹੋਣ ਦਿੱਤਾ ਜਾਵੇਗਾ| ਉਨ੍ਹਾਂ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਡੀ ਇੱਕ ਮਾਣਮੱਤੀ ਸੰਸਥਾ ਹੈ ਜੋ ਕਿ ਸਾਡੇ ਸੂਬੇ ਦੀ ਵਿਰਾਸਤ ਵੀ ਹੈ|’’
ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਅਕਾਦਮਿਕ ਹੀ ਨਹੀਂ ਬਲਕਿ ਇਤਿਹਾਸਕ ਮਹੱਤਤਾ ਵੀ ਰੱਖਦੀ ਹੈ| ਪੰਜਾਬ ਸਰਕਾਰ ਆਪਣੀ ਇਸ ’ਵਰਸਿਟੀ ਪ੍ਰਤੀ ਆਪਣੀ ਵਿੱਤੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਨਿਭਾਏਗੀ ਅਤੇ ਪਹਿਲਾਂ ਵੀ ਨਿਭਾਅ ਰਹੀ ਹੈ| ਪੰਜਾਬ ਯੂਨੀਵਰਸਿਟੀ ਨਾਲ ਪੰਜਾਬ ਦੇ ਲੋਕਾਂ ਦੀ ਇੱਕ ਭਾਵੁਕ ਸਾਂਝ ਵੀ ਹੈ ਅਤੇ ਪੰਜਾਬ ਸਰਕਾਰ ਲੋਕਾਂ ਦੇ ਜਜ਼ਬਾਤਾਂ ਤੋਂ ਕਦੇ ਪਿਛਾਂਹ ਨਹੀਂ ਹਟੇਗੀ| 180 ਦੇ ਕਰੀਬ ਕਾਲਜ ਇਸ ’ਵਰਸਿਟੀ ਨਾਲ ਜੁੜੇ ਹੋਏ ਹਨ| ਕੈਬਨਿਟ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਕਦੇ ਵੀ ਪੰਜਾਬ ਯੂਨੀਵਰਸਿਟੀ ਦਾ ਜਮਹੂਰੀ ਚਰਿੱਤਰ ਭੰਗ ਨਹੀਂ ਹੋਣ ਦੇਵੇਗੀ ਕਿਉਂਕਿ ’ਵਰਸਿਟੀ ਦੇ ਸਿੰਡੀਕੇਟ ਤੇ ਸੈਨੇਟ ਜਮਹੂਰੀਅਤ ਦੀ ਤਰਜਮਾਨੀ ਕਰਦੇ ਹਨ| ਉਨ੍ਹਾਂ ਕਿਹਾ ਕਿ ਦੇਸ਼ ਦੀ ਵੰਡ ਤੋਂ ਪਹਿਲਾਂ ਦੀ ਇੱਕ ਸਾਂਝ ਪੰਜਾਬ ’ਵਰਸਿਟੀ ਨਾਲ ਲੋਕਾਂ ਦੀ ਬਣੀ ਹੋਈ ਹੈ| ਮੁੱਖ ਮੰਤਰੀ ਭਗਵੰਤ ਮਾਨ ਇਸ ਮਾਮਲੇ ਨੂੰ ਲੈ ਕੇ ਪਹਿਲਾਂ ਹੀ ਗੰਭੀਰ ਹਨ|
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਯੋਜਨਾ ਬਣਾਈ ਹੈ ਕਿ ਕਿਸੇ ਵੀ ਸੂਰਤ ਵਿੱਚ ਪੰਜਾਬ ਯੂਨੀਵਰਸਿਟੀ ਨੂੰ ਸੂਬਾ ਸਰਕਾਰ ਹੱਥੋਂ ਨਹੀਂ ਜਾਣ ਦਿੱਤਾ ਜਾਵੇਗਾ ਅਤੇ ਇਸ ਮਾਮਲੇ ’ਤੇ ਲੜਾਈ ਲੜੀ ਜਾਵੇਗੀ| ਦੱਸਣਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ’ਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੀ ਤਜਵੀਜ਼ ਸਬੰਧੀ ਕੇਂਦਰ ਸਰਕਾਰ ਦਾ ਪੱਖ ਮੰਗਿਆ ਹੈ| ਨੇਮਾਂ ਅਨੁਸਾਰ ਹਾਈ ਕੋਰਟ ਵਿੱਚ ਆਪਣਾ ਪੱਖ ਰੱਖਣ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਲਿਖਿਆ ਜਾਵੇਗਾ ਤਾਂ ਜੋ ਪੰਜਾਬ ਤੋਂ ‘ਕੋਈ ਇਤਰਾਜ਼ ਨਹੀਂ’ ਦਾ ਪ੍ਰਮਾਣ ਪੱਤਰ ਲਿਆ ਜਾ ਸਕੇ|
ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਬਰਬਾਦ ਕੀਤਾ: ਮਲਵਿੰਦਰ ਕੰਗ
ਚੰਡੀਗੜ੍ਹ: ‘ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ’ਤੇ ਪੰਜਾਬ ਦੇ ਸਾਧਨਾਂ ਅਤੇ ਵਿਰਾਸਤੀ ਸੰਸਥਾਵਾਂ ’ਤੇ ਕਬਜ਼ੇ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਸੰਵਿਧਾਨਕ, ਜਜ਼ਬਾਤੀ ਅਤੇ ਇਤਿਹਾਸਕ ਹੱਕ ਹੈ। ਪੀਯੂ. ਨੇ ਖੋਜ, ਖੇਡਾਂ, ਵਿਦਿਅਕ ਅਤੇ ਰਾਜਨੀਤਿਕ ਖੇਤਰਾਂ ’ਚ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਪੰਜਾਬ ਦੀਆਂ ਵਿਰਾਸਤਾਂ ਅਤੇ ਹੱਕਾਂ ਦੀ ਰਾਖੀ ਬਾਰੇ ਆਮ ਆਦਮੀ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ। ਸ੍ਰੀ ਕੰਗ ਨੇ ਕਿਹਾ, ‘‘ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾ ਪੰਜਾਬ ਦੀ ਵਿਰਾਸਤ ਹੈ। ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲਾ ਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਸਥਾਪਤ ਕੀਤਾ ਗਿਆ ਸੀ, ਇਸ ਲਈ ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ।’’ ‘ਆਪ’ ਆਗੂ ਨੇ ਕਿ ਕਿਹਾ ਕਿ ਪੰਜਾਬ ਵਿੱਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਬਰਬਾਦ ਕਰ ਦਿੱਤਾ ਹੈ। ਇਨ੍ਹਾਂ ਪਾਰਟੀਆਂ ਨੇ ਪੰਜਾਬ ਦੀਆਂ ਯੂਨੀਵਰਸਿਟੀਆਂ ਨੂੰ ਜਾਣ- ਬੁੱਝ ਕੇ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ। ਅੱਜ ਉਸੇ ਸਾਜ਼ਿਸ਼ ਤਹਿਤ ਪੰਜਾਬ ਯੂਨੀਵਰਸਿਟੀ ’ਤੇ ਮੋਦੀ ਸਰਕਾਰ ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਜੋ ਪੰਜਾਬ ਦੀ ਵਿਲੱਖਣਤਾ ਅਤੇ ਚੜ੍ਹਦੀ ਕਲਾ ਦੇ ਜਜ਼ਬੇ ਨੂੰ ਖ਼ਤਮ ਕੀਤਾ ਜਾ ਸਕੇ। ਸ੍ਰੀ ਕੰਗ ਨੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ’ਤੇ ਮੋਦੀ ਸਰਕਾਰ ਨੂੰ ਕਬਜ਼ਾ ਨਹੀਂ ਕਰਨ ਦੇਵੇਗੀ।