ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜੂਨ
ਪੰਜਾਬ ਯੂਨੀਵਰਸਿਟੀ (ਪੀ.ਯੂ) ਨੂੰ ਕੇਂਦਰੀ ਯੂਨਵਿਰਸਟੀ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਡੱਟ ਗਈ ਹੈ। ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਿਸੇ ਵੀ ਕੀਮਤ ’ਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਸਥਿਤੀ, ਆਕਾਰ ਅਤੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕੇਂਦਰ ਸਰਕਾਰ ਨੂੰ ਇਜ਼ਾਜਤ ਨਹੀਂ ਦੇਵੇਗੀ। ਸ੍ਰੀ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੀ.ਯੂ ਦੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਦੀ ਮੰਗ ਕੀਤੀ ਹੈ।