ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਜੂਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਮਹਾਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਸਬੰਧੀ ਅੱਜ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਅੰਤਿਮ ਫ਼ੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਵੱਲੋਂ ਕਿਸੇ ਵੀ ਸਮੇਂ ਜਾਰੀ ਕੀਤੀਆਂ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ ’ਤੇ ਆਧਾਰਿਤ ਹੋਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰਕੇ ਯੂਨੀਵਰਸਿਟੀਆਂ ਨੂੰ ਯੂਜੀਸੀ ਵੱਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ। ਯੂਜੀਸੀ ਵੱਲੋਂ 29 ਅਪਰੈਲ ਨੂੰ ਜਾਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿੱਚ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਸੀ। ਉਸ ਵੇਲੇ ਯੂਜੀਸੀ ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ ’ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖ਼ਾਸ ਕਰਕੇ ਪ੍ਰੀਖਿਆਵਾਂ ਕਰਵਾਉਣ ਸਬੰਧੀ ਫ਼ੈਸਲਾ ਅਜੇ ਯੂਜੀਸੀ ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ।