ਆਤਿਸ਼ ਗੁਪਤਾ
ਚੰਡੀਗੜ੍ਹ, 8 ਨਵੰਬਰ
ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਨਾ ਕਰਵਾਉਣ ਦਾ ਮੁੱਦਾ ਭਖਦਾ ਜਾ ਰਿਹਾ ਹੈ। ਸੂਬੇ ਦੀਆਂ ਸਿਆਸੀ ਪਾਰਟੀਆਂ ਨੇ ਵੀ ਸੈਨੇਟ ਚੋਣਾਂ ਕਰਵਾਉਣ ਦੀ ਮੰਗ ਤੇਜ਼ ਕਰ ਦਿੱਤੀ ਹੈ। ਇਸੇ ਦੌਰਾਨ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਨਾ ਕਰਵਾਉਣ ਸਬੰਧੀ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੱਤਰ ਵਿੱਚ ਲਿਖਿਆ, ‘‘ਪੰਜਾਬ ਯੂਨੀਵਰਸਿਟੀ ਸਾਡੀ ਵਿਰਾਸਤ ਹੈ ਅਤੇ ਇਸ ਉੱਪਰ ਕੀਤਾ ਜਾਣ ਵਾਲਾ ਕੋਈ ਵੀ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਯੂਨੀਵਰਸਿਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ ਤੋਂ ਪਹਿਲਾਂ ਦਾ ਹੈ, ਇਹ ਪੰਜਾਬ ਦਾ ਤਾਜ ਹੈ। ਇਸ ਲਈ ਮੈਂ ਬੇਨਤੀ ਕਰਦਾਂ ਹਾਂ ਕਿ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਤੁਰੰਤ ਕਰਵਾਈਆਂ ਜਾਣ।’’ ਲੋਕ ਸਭਾ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਲਈ ਯੂਨੀਵਰਸਿਟੀ ਦੇ ਕੇਂਦਰੀਕਰਨ ਦੀ ਚਾਲ ਚੱਲੀ ਸੀ, ਜਿਸ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵਿੱਢੇ ਸੰਘਰਸ਼ ਕਰਨ ਕਰਕੇ ਕੇਂਦਰ ਸਰਕਾਰ ਨੂੰ ਪਿੱਛੇ ਹਟਣਾ ਪਿਆ ਸੀ। ਉਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਕੇਂਦਰੀਕਰਨ ਖ਼ਿਲਾਫ਼ ਮਤਾ ਵੀ ਪਾਸ ਕੀਤਾ ਗਿਆ ਸੀ। ਹੁਣ ਫੇਰ ਯੂਨੀਵਰਸਿਟੀ ਨੂੰ ਚਲਾਉਣ ਵਾਲੀ ਸੈਨੇਟ ਦੀ ਚੋਣ ਨਾ ਕਰਵਾ ਕੇ ਲੋਕਤੰਤਰ ਦਾ ਗਲਾ ਘੁੱਟਿਆ ਜਾ ਰਿਹਾ ਹੈ। ਉਨ੍ਹਾਂ ਉਪ ਰਾਸ਼ਟਰਪਤੀ ਨੂੰ ਇਸ ਮਾਮਲੇ ਵਿੱਚ ਤੁਰੰਤ ਦਖਲ ਦਿੰਦਿਆਂ ਚੋਣਾਂ ਕਰਵਾਉਣ ਦੀ ਮੰਗ ਕੀਤੀ। ਲੰਘੇ ਦਿਨ ਪੰਜਾਬ ਯੂਨੀਵਰਸਿਟੀ ਨੂੰ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਬੁੱਧੀਜੀਵੀਆਂ ਵੱਲੋਂ ਪ੍ਰਦਰਸ਼ਨ ਵੀ ਕੀਤਾ ਗਿਆ ਸੀ।