ਦਵਿੰਦਰ ਪਾਲ
ਚੰਡੀਗੜ੍ਹ, 10 ਫਰਵਰੀ
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਹੇਠ ਚੋਣਾਂ ਲੜ ਰਹੀਆਂ ਸਿਆਸੀ ਪਾਰਟੀਆਂ ਵੱਲੋਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਜਾਵੇਗਾ। ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਰਟੀ ਦੀ ਹਮੇਸ਼ਾ ਇਹੀ ਪ੍ਰਪੰਰਾ ਰਹੀ ਹੈ ਕਿ ਮੁੱਖ ਮੰਤਰੀ ਦਾ ਫ਼ੈਸਲਾ ਵਿਧਾਇਕ ਦਲ ਵੱਲੋਂ ਕੀਤਾ ਜਾਂਦਾ ਹੈ, ਇਸ ਲਈ ਪੰਜਾਬ ਵਿੱਚ ਆਗੂ ਦਾ ਫ਼ੈਸਲਾ 10 ਮਾਰਚ ਤੋਂ ਬਾਅਦ ਹੀ ਕੀਤਾ ਜਾਵੇਗਾ। ਭਾਜਪਾ ਆਗੂ ਨੇ ਕਿਹਾ ਕਿ ਪਾਰਟੀ ਨੇ ਇਨ੍ਹਾਂ ਚੋਣਾਂ ਦੌਰਾਨ ਪੰਜਾਬ ਦਾ ਗੌਰਵ ਬਹਾਲ ਕਰਨ ਵਾਲੇ ਤੇ ਕੌਮੀ ਸੁਰੱਖਿਆ ਨੂੰ ਤਰਜੀਹ ਦੇਣ ਵਾਲੇ ਆਗੂ ਇੱਕ ਮੰਚ ’ਤੇ ਇਕੱਠੇ ਕੀਤੇ ਹਨ ਤੇ ਚੋਣਾਂ ਮਗਰੋਂ ਵੀ ਪਾਰਟੀ ਦੀ ਇਹੋ ਪ੍ਰਮੁੱਖਤਾ ਰਹੇਗੀ। ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸੀਟਾਂ ਦੇ ਅੰਕੜਿਆਂ ਦੀ ਖੇਡ ਤੋਂ ਪਾਸੇ ਹੋ ਕੇ ਇਹ ਕਿਹਾ ਜਾ ਸਕਦਾ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਤੇ ਭਵਿੱਖ ਦੀ ਰਾਜਨੀਤੀ ਲਈ ਮੀਲ ਪੱਥਰ ਸਾਬਤ ਹੋਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਵੱਲੋਂ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਵਾਪਸ ਲੈਣ ਮਗਰੋਂ ਇਹ ਕੋਈ ਮੁੱਦਾ ਨਹੀਂ ਹੈ। ਸ੍ਰੀ ਸ਼ੇਖਾਵਤ ਨੇ ਕਿਹਾ ਕਿ ਕੁੱਝ ਮਹੀਨੇ ਪਹਿਲਾਂ ਤੱਕ ਭਾਜਪਾ ਦੇ ਆਗੂ ਪਿੰਡਾਂ ਵਿੱਚ ਕੋਈ ਗਤੀਵਿਧੀ ਨਹੀਂ ਸੀ ਕਰ ਸਕਦੇ ਪਰ ਹੁਣ ਕਾਨੂੰਨ ਵਾਪਸ ਲਏ ਜਾਣ ਮਗਰੋਂ ਮਾਹੌਲ ਬਦਲ ਗਿਆ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੀ ਖੇਤੀ ਕਾਨੂੰਨ ਕੋਈ ਮੁੱਦਾ ਨਹੀਂ ਰਹੇ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਇੱਕ ਸਿਆਸੀ ਬਦਲ ਵਜੋਂ ਦੇਖ ਰਹੇ ਹਨ, ਜਿਸ ਦਾ ਸਬੂਤ ਆਉਣ ਵਾਲੇ ਨਤੀਜਿਆਂ ਤੋਂ ਮਿਲ ਜਾਵੇਗਾ।
ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੱਖ ਪੂਰਦਿਆਂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਸਮੇਂ ਜੇਕਰ ਸੂਬੇ ਦੀ ਹਾਲਤ ਨਿੱਘਰੀ ਹੈ ਤਾਂ ਉਸ ਲਈ ਕੈਪਟਨ ਦੀ ਥਾਂ ਕਾਂਗਰਸ ਹੀ ਜ਼ਿੰਮੇਵਾਰ ਹੈ। ਕਾਂਗਰਸ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਪੇਸ਼ ਕਰਨ ’ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਸਮਾਜ ਵਿੱਚ ਵੰਡੀਆਂ ਪਾ ਕੇ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਨਾਈ ਹੈ। ਭਾਜਪਾ ਆਗੂ ਨੇ ਕਿਹਾ ਕਿ ਸੂਬੇ ਵਿੱਚ ਜੇਕਰ ਭਾਜਪਾ ਸੱਤਾ ’ਚ ਆਉਂਦੀ ਹੈ ਤਾਂ ਲੋਕਾਂ ਨੂੰ ਸਹੂਲਤਾਂ ਦੇਣ ਦੇ ਨਾਲ-ਨਾਲ ਉਦਯੋਗਿਕ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਹਰ ਕਿਸੇ ਨੂੰ ਸੁਰੱਖਿਅਤ ਮਾਹੌਲ ਦੇਣਾ ਪਾਰਟੀ ਦੀ ਪ੍ਰਮੁੱਖਤਾ ਹੋਵੇਗੀ। ਕੇਂਦਰੀ ਬਜਟ ਵਿੱਚ ਖਾਦਾਂ ’ਤੇ ਸਬਸਿਡੀਆਂ ਘਟਾਉਣ ਨੂੰ ਉਨ੍ਹਾਂ ਕੇਂਦਰ ਦਾ ਰਸਾਇਕ ਖਾਦਾਂ ਦੀ ਥਾਂ ਜੈਵਿਕ ਖੇਤੀ ਵੱਲ ਵਧਣ ਦਾ ਕਦਮ ਕਰਾਰ ਦਿੱਤਾ।
ਅਕਾਲੀਆਂ ਨਾਲ ਮੁੜ ਗੱਠਜੋੜ ਦੀ ਸੰਭਾਵਨਾ ਨਕਾਰੀ
ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਤੀਜਿਆਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤੇ ਦੀਆਂ ਸੰਭਾਵਨਾਵਾਂ ਨੂੰ ਰੱਦ ਕਰਦਿਆਂ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਹੁਣ ਤੱਕ ਇਸ ਮਾਮਲੇ ’ਤੇ ਨਾ ਕੁੱਝ ਸੋਚਿਆ ਹੈ ਤੇ ਨਾ ਹੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜਦੋਂ ਸ਼੍ਰੋਮਣੀ ਅਕਾਲੀ ਦਲ ਨਾਲ ਸਮਝੌਤਾ ਕੀਤਾ ਸੀ ਤਾਂ ਉਦੋਂ ਪੰਜਾਬ ਅਤਿਵਾਦ ਦੇ ਕਾਲੇ ਦੌਰ ਵਿੱਚੋਂ ਉਭਰ ਰਿਹਾ ਸੀ। ਉਨ੍ਹਾਂ ਕਿਹਾ ਕਿ ਨੱਬੇਵਿਆਂ ’ਚ ਭਾਜਪਾ ਨੇ ਪੰਜਾਬ ਦੀ ਬਿਹਤਰੀ ਲਈ ਸਿਆਸੀ ਸਾਂਝ ਦੀ ਥਾਂ ਪੰਜਾਬੀਅਤ ਦੀ ਸਾਂਝ ਪਕੇਰੀ ਕਰਨ ’ਤੇ ਜ਼ੋਰ ਦਿੱਤਾ, ਜਿਸ ਲਈ ਸਮਾਜਿਕ ਤਾਣੇ-ਬਾਣੇ ਨੂੰ ਦਰੁਸਤ ਕਰਨ ਅਤੇ ਹਿੰਦੂ-ਸਿੱਖ ਏਕਤਾ ਦਾ ਹੋਕਾ ਦੇਣ ਲਈ ਭਾਜਪਾ ਨੇ ਛੋਟੇ ਭਰਾ ਵਾਲੀ ਭੂਮਿਕਾ ਨਿਭਾਉਣਾ ਸਵੀਕਾਰਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਕੋਈ ਕੁੜੱਤਣ ਵਾਲਾ ਰਿਸ਼ਤਾ ਨਹੀਂ ਹੈ। ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਅਕਾਲੀਆਂ ਨਾਲੋਂ ਵੱਖ ਹੋ ਕੇ ਪਹਿਲੀ ਵਾਰੀ ਭਾਜਪਾ ਨੇ ਆਪਣਾ ਵਿਸਥਾਰ ਕੀਤਾ ਹੈ ਤੇ ਅੱਜ ਪਾਰਟੀ ਦੀ ਹਰ ਥਾਂ ਮੌਜੂਦਗੀ ਦਿਖਾਈ ਦੇ ਰਹੀ ਹੈ।