ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 19 ਜੂਨ
ਆਮ ਆਦਮੀ ਪਾਰਟੀ ਦੇ ਸੂਬਾਈ ਆਗੂਆਂ ਨੇ ਕੇਂਦਰ ਸਰਕਾਰ ’ਤੇ ਨਿੱਤ ਨਵੇਂ ਨਾਅਰਿਆਂ ਰਾਹੀਂ ਦੇਸ਼ ਦੇ ਨੌਜਵਾਨਾਂ ਨੂੰ ਗੁਮਰਾਹ ਕਰਨ ਦਾ ਦੋਸ਼ ਲਾਇਆ ਹੈ। ਪੰਜਾਬ ਦੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਇਥੇ ਸੰਬੋਧਨ ਕਰਦਿਆਂ ਖ਼ਦਸ਼ਾ ਜ਼ਾਹਿਰ ਕੀਤਾ ਕਿ ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਫਲਾਤੂਨੀ ਫੈਸਲਿਆਂ ਦਾ ਅਸਰ ਨੌਜਵਾਨਾਂ ’ਤੇ ਹੋ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਸਰਕਾਰੀ ਖਰਚੇ ’ਤੇ ਹਥਿਆਰਾਂ ਦੀ ਸਿਖਲਾਈ ਲੈਣ ਮਗਰੋਂ ਅਗਨੀਵੀਰ ਨਾਜਾਇਜ਼ ਅਸਲਾ ਚੁੱਕੀ ਫਿਰਨਗੇ। ਖਾਸ ਕਰਕੇ ਪੰਜਾਬ ਵਰਗੇ ਸਰਹੱਦੀ ਸੂਬਿਆਂ ਲਈ ਇਹ ਹੋਰ ਵੀ ਘਾਤਕ ਹੋ ਸਕਦੇ ਹਨ ਕਿਉਂਕਿ ਦੁਸ਼ਮਣ ਦੇਸ਼ਾਂ ਦੀ ਅੱਖ ਉਨ੍ਹਾਂ ’ਤੇ ਪਹਿਲਾਂ ਹੀ ਰਹਿੰਦੀ ਹੈ।
ਬਿਜਲੀ ਚੋਰੀ ਫੜੇ ਜਾਣ ’ਤੇ ਤਸੱਲੀ ਪ੍ਰਗਟ ਕਰਦਿਆਂ ਉਨ੍ਹਾਂ ਦਾਅਵਾ ਕੀਤਾ ਕਿ ਉਹ ਆਪਣੇ ਮਹਿਕਮੇ ਦੇ ਅਧਿਕਾਰੀਆਂ ਦੇ ਸਹਿਯੋਗ ਨਾਲ ਬਿਜਲੀ ਚੋਰੀ ਨੂੰ ਜ਼ੀਰੋ ਪੱਧਰ ਤੱਕ ਲਿਆਉਣਗੇ ਅਤੇ ਸਾਰੇ ਸਰਕਾਰੀ ਤੇ ਗੈਰ-ਸਰਕਾਰੀ ਅਦਾਰਿਆਂ ਵੱਲੋਂ ਬਕਾਏ ਅਦਾ ਕਰਨ ਨਾਲ ਪਾਵਰ ਕਾਰਪੋਰੇਸ਼ਨ ਦੀ ਮਾਲੀ ਹਾਲਤ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਬਿਜਲੀ ਦੀਆਂ ਸਾਰੀਆਂ ਤਾਰਾਂ ਜ਼ਮੀਨਦੋਜ਼ ਕੀਤੀਆਂ ਜਾਣਗੀਆਂ। ਮੰਤਰੀ ਨੇ ਆਖਿਆ ਕਿ ਉਨ੍ਹਾਂ ਦਾ ਸੁਫ਼ਨਾ ਹੈ ਕਿ ਅੰਮ੍ਰਿਤਸਰ ਤੋਂ ਰਾਜਪੁਰਾ ਤੱਕ ਅੰਡਰ ਗਰਾਊਂਡ ਮਾਰਗ ਬਣਾਇਆ ਜਾਵੇ। ਇਸ ਨਾਲ ਜਿੱਥੇ ਹਾਦਸੇ ਘਟਣਗੇ, ਉੱਥੇ ਬਿਜਲੀ ਦੀ ਬਰਬਾਦੀ ਵੀ ਰੁਕੇਗੀ। ਇਸ ਦੌਰਾਨ ‘ਆਪ’ ਆਗੂਆਂ ਨੇ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿਚ ਪ੍ਰਚਾਰ ਕੀਤਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਰਵਿੰਦਰ ਪੁਰੀ, ਕੌਂਸਲਰ ਵਿਕਾਸ ਕ੍ਰਿਸ਼ਨ ਸ਼ਰਮਾ, ਕੌਂਸਲਰ ਰਿਸ਼ੀ ਜੋਸ਼ੀ, ਸ਼ੈਲਰ ਐਸੋਸੀਏਸ਼ਨ ਦੇ ਆਗੂ ਸੰਜੀਵ ਖੇਤਰਪਾਲ ਤੇ ਹੋਰ ਹਾਜ਼ਰ ਸਨ। ਜਾਣਕਾਰੀ ਅਨੁਸਾਰ ‘ਆਪ’ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਜ਼ਿਮਨੀ ਚੋਣ ਦੇ ਪ੍ਰਚਾਰ ਵਿੱਚ ਲੱਗੇ ਹੋਏ ਹਨ।