ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਮਾਰਚ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਪੰਜਾਬ ਕਿਸੇ ਵੀ ਤਰੀਕੇ ਕੇਂਦਰ ਦੀ ਦਾਦਾਗਿਰੀ ਅੱਗੇ ਨਹੀਂ ਝੁਕੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਚਿਤਾਵਨੀ ਦਿੱਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਸੰਘੀ ਢਾਂਚੇ ਨੂੰ ਖੋਰਾ ਲਗਾ ਕੇ ਸੂਬਿਆਂ ਦੇ ਅਧਿਕਾਰਾਂ ਵਿੱਚ ਸਿੱਧਾ ਦਖ਼ਲ ਦੇ ਰਹੀ ਹੈ ਤੇ ਖ਼ਾਸ ਤੌਰ ’ਤੇ ਪੰਜਾਬ ਨੂੰ ਨਿਸ਼ਾਨੇ ’ਤੇ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਪੰਜਾਬ ਵਿੱਚ ਬੀਐੱਸਐੱਫ ਦੇ ਅਧਿਕਾਰ ਖੇਤਰ ਵਿੱਚ ਵਾਧਾ ਕੀਤਾ, ਫਿਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕੀਤੀ ਤੇ ਹੁਣ ਕੇਂਦਰ ਸਰਕਾਰ ਨੇ ਭਾਖੜਾ ਬੰਨ੍ਹ ਦੀ ਸੁਰੱਖਿਆ ਸੀਆਈਐੱਸਐੱਫ ਦੇ ਹਵਾਲੇ ਕਰ ਦਿੱਤੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦਾ ਪਿਛਲੇ ਸੀਜ਼ਨ ਦਾ ਆਰਡੀਐੱਫ ਦਾ 1100 ਕਰੋੜ ਰੁਪਏ ਦਾ ਫੰਡ ਵੀ ਹੁਣ ਤੱਕ ਜਾਰੀ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਵੱਲੋਂ ਪੰਜਾਬ ਦੇ ਹੱਕ ਖੋਹ ਕੇ ਪੰਜਾਬੀਆਂ ਨੂੰ ਈਨ ਮਨਵਾਉਣ ਵਾਸਤੇ ਇਹ ਚੱਕਰਵਿਊ ਰਚਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹੁਣ ਚੰਡੀਗੜ੍ਹ ਦਾ ਆਪਣਾ ਕੇਡਰ ਤਿਆਰ ਕਰ ਰਹੀ ਹੈ ਤੇ ਇਸ ਨੂੰ ਸਥਾਈ ਤੌਰ ’ਤੇ ਯੂਟੀ ਬਣਾਈ ਰੱਖਣਾ ਚਾਹੁੰਦੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਦਿਆਂ ‘ਤੇ ਸੀਨੀਅਰ ਆਗੂ ਸੁਨੀਲ ਜਾਖੜ ਵੱਲੋਂ ਲਿਖੇ ਪੱਤਰ ਦਾ ਚੰਨੀ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਜ਼ਿੰਮੇਵਾਰੀ ਤੋਂ ਪਿੱਛੇ ਨਹੀਂ ਹਟੇਗਾ ਤੇ ਕੇਂਦਰ ਦੀ ਧੱਕੇਸ਼ਾਹੀ ਨੂੰ ਮੂਕ ਦਰਸ਼ਕ ਬਣ ਕੇ ਨਹੀਂ ਵੇਖੇਗਾ। ਉਨ੍ਹਾਂ ਕਿਹਾ ਕਿ ਅਸੀਂ ਅਗਲੇ ਹਫ਼ਤੇ ਕੇਂਦਰੀ ਬਿਜਲੀ ਮੰਤਰੀ ਆਰਕੇ ਸਿੰਘ ਦੇ ਯੂਕਰੇਨ ਤੋਂ ਪਰਤਣ ’ਤੇ ਉਨ੍ਹਾਂ ਨਾਲ ਮੁਲਾਕਾਤ ਕਰਾਂਗੇ।
ਕੈਦੀਆਂ ਨੂੰ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੇਣ ਦੀ ਅਪੀਲ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਕਿਹਾ ਹੈ ਕਿ ਸੂਬੇ ਵਿੱਚ ਕਰੋਨਾ ਹਾਲਾਤ ਵਿੱਚ ਸੁਧਾਰ ਨੂੰ ਵੇਖਦਿਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਅਤੇ ਹਵਾਲਾਤੀਆਂ ਨਾਲ ਪਰਿਵਾਰਕ ਮੈਂਬਰਾਂ ਦੀ ਮੁਲਾਕਾਤ ਸਬੰਧੀ ਨਿਯਮਾਂ ’ਚ ਛੋਟ ਦਿੱਤੀ ਜਾਵੇ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੈਦੀਆਂ/ਹਵਾਲਾਤੀਆਂ ਦੀਆਂ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤਾਂ ਲਗਪਗ ਰੋਕ ਦਿੱਤੀਆਂ ਗਈਆਂ ਸਨ।