ਰਮੇਸ਼ ਭਾਰਦਵਾਜ
ਲਹਿਰਾਗਾਗਾ, 4 ਜਨਵਰੀ
ਪੰਜਾਬ ਦੇ ਸਾਬਕਾ ਖਜ਼ਾਨਾ ਮੰਤਰੀ ਅਤੇ ਹਲਕਾ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਦੇ ਰਾਜਪਾਲ ਦੇ ਆਹਮੋਂ ਸਾਹਮਣੇ ਹੋਣ ਸਬੰਧੀ ਕਿਹਾ ਕਿ ਇਹ ਦੋਵੇਂ ਕੇਂਦਰ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਹਨ ਅਤੇ ਕੋਈ ਆਹਮੋ ਸਾਹਮਣੇ ਨਹੀਂ ਅੰਦਰੋਂ ਦੋਨੋਂ ਇਕ ਹਨ। ਉਨ੍ਹਾਂ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚਾਰ ਦਹਾਕੇ ਪਹਿਲਾਂ ਜਿਸ ਤਰ੍ਹਾਂ ਦੀਆਂ ਗਲਤੀਆਂ ਮਰਹੂਮ ਇੰਦਰਾ ਗਾਂਧੀ ਨੇ ਕੀਤੀਆਂ ਸਨ ਜਿਨ੍ਹਾਂ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋਇਆ ਸੀ ਉਹੀ ਨੀਤੀ ਹੁਣ ਭਾਜਪਾ ਦੀ ਕੇਂਦਰ ਸਰਕਾਰ ਅਪਣਾ ਰਹੀ ਹੈ। ਸ੍ਰੀ ਢੀਂਡਸਾ ਨੇ ਕਿਹਾ ਜੇਕਰ ਅੱਜ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਵਾਪਸ ਨਹੀਂ ਲਏ ਤਾਂ ਇਸ ਨਾਲ ਮਾਹੌਲ ਖ਼ਰਾਬ ਹੋਣ ਦਾ ਖ਼ਦਸ਼ਾ ਹੈ। ਸ੍ਰੀ ਢੀਂਡਸਾ ਨੇ ਕਿਹਾ ਕਿ ਭਾਜਪਾ ਤੋਂ ਇਲਾਵਾ ਬਾਦਲ ਦਲ ਤੇ ਕਾਂਗਰਸ ਨੇ ਹਮੇਸ਼ਾ ਕਾਰਪੋਰੇਟ ਘਰਾਣਿਆਂ ਨੂੰ ਹੱਲਾਸ਼ੇਰੀ ਦਿੱਤੀ ਅਤੇ ਕਿਸਾਨਾਂ ਕਿਰਤੀਆਂ ਦੀਆਂ ਮੁਸ਼ਕਲਾਂ ਨੂੰ ਨਜ਼ਰਅੰਦਾਜ਼ ਕੀਤਾ ਹੈ।