ਦਵਿੰਦਰ ਪਾਲ
ਚੰਡੀਗੜ੍ਹ, 30 ਨਵੰਬਰ
ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਵਿੱਢਿਆ ਸੰਘਰਸ਼ ਦਿੱਲੀ ਮੋਰਚੇ ਦੌਰਾਨ ਵੀ ਮੱਠਾ ਨਹੀਂ ਪਿਆ। ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਦੇ ਆਗੂਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ, ਟੌਲ ਪਲਾਜ਼ਿਆਂ, ਸ਼ਾਪਿੰਗ ਮਾਲਜ਼ ਅਤੇ ਰੇਲਵੇ ਸਟੇਸ਼ਨਾਂ ਦੇ ਪਾਰਕਾਂ ਵਿੱਚ ਧਰਨੇ ਜਾਰੀ ਹਨ। ਸੂਬੇ ਦੀਆਂ 30 ਜਥੇਬੰਦੀਆਂ ਵੱਲੋਂ ਸਾਂਝੇ ਤੌਰ ’ਤੇ 50 ਤੋਂ ਵੱਧ ਥਾਵਾਂ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 40 ਤੋਂ ਵੱਧ ਥਾਵਾਂ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਵੱਖਰੇ ਤੌਰ ’ਤੇ ਅੱਧੀ ਦਰਜਨ ਥਾਵਾਂ ’ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਤਰ੍ਹਾਂ ਸੂਬੇ ਵਿੱਚ 100 ਤੋਂ ਵੱਧ ਥਾਵਾਂ ’ਤੇ ਧਰਨੇ ਜਾਰੀ ਹਨ।
ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਨੇ ਦੱਸਿਆ ਕਿ ਜਥੇਬੰਦੀਆਂ ਨੇ ‘ਦਿੱਲੀ ਚੱਲੋ’ ਪ੍ਰੋਗਰਾਮ ਦੌਰਾਨ ਹੀ ਪੰਜਾਬ ਵਿੱਚ ਚੱਲਦੇ ਮੋਰਚਿਆਂ ਸਬੰਧੀ ਡਿਊਟੀਆਂ ਲਗਾ ਦਿੱਤੀਆਂ ਸਨ। ਕਿਸਾਨਾਂ ਦੇ ਦਿੱਲੀ ਕੂਚ ਦਾ ਭਾਵ ਇਹ ਨਹੀਂ ਸੀ ਕਿ ਪੰਜਾਬ ’ਚੋਂ ਮੋਰਚੇ ਚੁੱਕ ਦਿੱਤੇ ਜਾਣਗੇ। ਇਸੇ ਦੌਰਾਨ 30 ਕਿਸਾਨ ਜਥੇਬੰਦੀਆਂ ਦਾ ਹਿੱਸਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਨੇ ਕਿਹਾ ਕਿ ਦਿੱਲੀ ਘੇਰਨ ਦੇ ਨਾਲ ਨਾਲ ਪੰਜਾਬ ਵਿੱਚ ਵੀ ਧਰਨੇ ਜਾਰੀ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਧਰਨਿਆਂ ’ਤੇ ਇਕੱਠ ਪਹਿਲਾਂ ਜਿੰਨਾ ਹੀ ਹੈ। ਜਿਹੜੇ ਕਿਸਾਨ ਦਿੱਲੀ ਨਹੀਂ ਜਾ ਸਕਦੇ ਉਨ੍ਹਾਂ ਕਿਸਾਨਾਂ ਨੇ ਪੰਜਾਬ ਦੇ ਮੋਰਚਿਆਂ ਨੂੰ ਸੰਭਾਲਿਆ ਹੋਇਆ ਹੈ। ਪੰਜਾਬ ਵਿੱਚਲੇ ਧਰਨਿਆਂ ’ਤੇ ਕਿਸਾਨਾਂ ਵੱਲੋਂ ਪਹਿਲਾਂ ਵਾਂਗ ਤੀ ਤਕਰੀਰਾਂ ਕੀਤੀਆਂ ਜਾ ਰਹੀਆਂ ਹਨ।
ਵਿਦਿਆਰਥੀ ਵੀ ਕਿਸਾਨਾਂ ਦੇ ਹੱਕ ਵਿੱਚ ਡਟੇ
ਇਸ ਦੌਰਾਨ ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਨੇ ਵੀ 4 ਦਸੰਬਰ ਨੂੰ ਕਿਸਾਨਾਂ ਦੇ ਦਿੱਲੀ ਪ੍ਰਦਰਸ਼ਨ ਵਿੱਚ ਦੂਜਾ ਜਥਾ ਭੇਜਣ ਦਾ ਐਲਾਨ ਕੀਤਾ ਹੈ। ਪੀਐੱਸਯੂ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਅਤੇ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਚੌਂਦਾ ਨੇ ਦੱਸਿਆ ਕਿ ਵਿਦਿਆਰਥੀਆਂ ਤੇ ਨੌਜਵਾਨਾਂ ਦੇ ਕਾਫਲੇ ਸ਼ੰਭੂ ਬੈਰੀਅਰ ਅਤੇ ਡੱਬਵਾਲੀ ਤੋਂ ਇਕੱਠੇ ਹੋ ਕੇ ਦਿੱਲੀ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਪਹਿਲਾਂ ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਿਹਾ ਹੈ ਤੇ ਹੁਣ ਮੋਦੀ ਸਰਕਾਰ ਦੇ ਇਹ ਕਾਲੇ ਕਾਨੂੰਨ ਇਨ੍ਹਾਂ ਨੂੰ ਹੋਰ ਬੇਰੁਜ਼ਗਾਰੀ ਦੀ ਦਲਦਲ ’ਚ ਧੱਕਣਗੇ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦਾ ਇੱਕ ਜਥਾ ਪਹਿਲਾਂ ਹੀ ਦਿੱਲੀ ਪਹੁੰਚਿਆ ਹੋਇਆ ਹੈ ਤੇ ਹੁਣ ਦੂਸਰਾ ਜਥਾ 4 ਦਸੰਬਰ ਨੂੰ ਦਿੱਲੀ ਪਹੁੰਚੇਗਾ।