ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਸਤੰਬਰ
ਪੰਜਾਬ ’ਚ ਅਗਸਤ 2020 ਮਹੀਨੇ ਦੌਰਾਨ ਕੁੱਲ ਜੀਐੱਸਟੀ ਮਾਲੀਏ ਵਿੱਚ 2.64 ਗਿਰਾਵਟ ਦਰਜ ਕੀਤੀ ਗਈ ਹੈ। ਇਹ ਮਾਲੀਆ 987.20 ਕਰੋੜ ਰੁਪਏ ਰਿਹਾ ਜਦੋਂ ਕਿ ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀਐੱਸਟੀ ਮਾਲੀਆ 1014.03 ਕਰੋੜ ਸੀ। ਇਸ ਸਾਲ 2.64 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਦੱਸਣਯੋਗ ਹੈ ਕਿ ਕੋਵਿਡ-19 ਕਾਰਨ ਕਰਦਾਤਿਆਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਦਿੱਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਕਰਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ। ਪੰਜਾਬ ਦੇ ਕਰ ਕਮਿਸ਼ਨਰ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਅਪਰੈਲ ਤੋਂ ਅਗਸਤ 2020 ਦੌਰਾਨ ਪੰਜਾਬ ਦਾ ਕੁੱਲ ਜੀਐੱਸਟੀ ਮਾਲੀਆ 3630.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਕੁੱਲ ਜੀਐੱਸਟੀ ਮਾਲੀਆ 5266.06 ਕਰੋੜ ਰੁਪਏ ਸੀ। ਇਸੇ ਤਰ੍ਹਾਂ 31.05 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਅਗਸਤ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ, ਜਿਸ ਵਿੱਚੋਂ ਪੰਜਾਬ ਸੂਬੇ ਨੇ 987.20 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕੁੱਲ ਸੁਰੱਖਿਅਤ ਮਾਲੀਏ ਦਾ 41.08 ਫੀਸਦੀ ਬਣਦਾ ਹੈ। ਇਸੇ ਤਰ੍ਹਾਂ ਅਗਸਤ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1415.8 ਕਰੋੜ ਹੈ ਜੋ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਜੁਲਾਈ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 6965 ਕਰੋੜ ਰੁਪਏ ਹੈ, ਜੋ ਅਜੇ ਤੱਕ ਪ੍ਰਾਪਤ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਅਗਸਤ 2020 ਦੇ ਮਹੀਨੇ ਦੌਰਾਨ ਰਾਸ਼ਟਰੀ ਕੁੱਲ ਜੀਐੱਸਟੀ ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀਐੱਸਟੀ ਮਾਲੀਏ ਦਾ 88 ਫੀਸਦੀ ਹੈ। ਇਸ ਤੋਂ ਇਲਾਵਾ ਦਰਾਮਦ ਵਸਤਾਂ ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀਐੱਸਟੀ ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 77 ਫੀਸਦੀ ਤੇ 92 ਫੀਸਦੀ ਰਿਹਾ ਹੈ। ਅਗਸਤ 2020 ਦੇ ਮਹੀਨੇ ਵਿੱਚ ਵੈਟ ਅਤੇ ਸੀਐੱਸਟੀ ਦੀ ਕੁਲੈਕਸ਼ਨ 539.44 ਕਰੋੜ ਹੈ, ਜਦੋਂ ਕਿ ਅਗਸਤ 2019 ਦੇ ਮਹੀਨੇ ਲਈ ਇਹ ਕੁਲੈਕਸ਼ਨ 394.14 ਕਰੋੜ ਸੀ। ਅਗਸਤ ਮਹੀਨੇ ਦਾ ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਵਿੱਚ ਵੈਟ ਅਤੇ ਸੀਐੱਸਟੀ ਮਾਲੀਏ ਨਾਲੋਂ 26.78 ਫੀਸਦੀ ਵੱਧ ਹੈ। ਅਪਰੈਲ ਤੋਂ ਅਗਸਤ 2020 ਲਈ ਵੈਟ ਅਤੇ ਸੀਐੱਸਟੀ ਕੁੱਲ ਮਾਲੀਆ 2032.75 ਕਰੋੜ ਰਿਹਾ ਹੈ ਜੋ ਪਿਛਲੇ ਸਾਲ ਦੇ ਇਸੇ ਪੀਰੀਅਡ ਲਈ 2397.15 ਕਰੋੜ ਸੀ, ਜੋ ਕਿ 15.20 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।