ਸਰਬਜੀਤ ਸਿੰਘ ਭੰਗੂ
ਪਟਿਆਲਾ, 5 ਜਨਵਰੀ
ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਇਕ ਗੀਤ ਵਿਚ ਹਿੰਸਾ ਤੇ ਬੰਦੂਕ ਸੱਭਿਆਚਾਰ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪਟਿਆਲਾ ਜ਼ਿਲ੍ਹੇ ਦੀ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੇ ਇਕ ਗੀਤ ਲਈ ਗਾਇਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਸਪੀ ਵਿਕਰਮਜੀਤ ਦੁੱਗਲ ਨੇ ਦੱਸਿਆ ਕਿ ਆਈਪੀਸੀ ਦੀਆਂ ਧਾਰਾਵਾਂ 294 ਤੇ 504 ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੁੱਗਲ ਨੇ ਦੱਸਿਆ ਕਿ ਬਾਰਬੀ ਮਾਨ ਵੱਲੋਂ ਗਾਇਆ ਗੀਤ ‘ਜਾਨ’ ਜਿਸ ’ਚ ਸ਼੍ਰੀ ਬਰਾੜ ਨਜ਼ਰ ਆ ਰਿਹਾ ਹੈ, ਨਵੰਬਰ ਵਿਚ ਰਿਲੀਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਹ ਗੀਤ ਨੌਜਵਾਨਾਂ ਨੂੰ ਹਥਿਆਰ ਰੱਖਣ ਲਈ ਉਤਸ਼ਾਹਿਤ ਕਰ ਰਿਹਾ ਹੈ। ਐੱਸਐੱਸਪੀ ਨੇ ਦੱਸਿਆ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਐੱਫਆਈਆਰ ਕੀਤੀ ਗਈ ਸੀ ਤੇ ਗਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਗੀਤ ਵਿਚ ਨਜ਼ਰ ਆਏ ਹੋਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ। ਸੂਤਰਾਂ ਮੁਤਾਬਕ ਬਰਾੜ ਨੂੰ ਪੁਲੀਸ ਦੀ ਸੀਆਈਏ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਵੀਡੀਓ ਵਿਚ ਗਾਇਕ ਨਾਭਾ ਪੁਲੀਸ ਸਟੇਸ਼ਨ ਵਿਚ ਨਾਜਾਇਜ਼ ਢੰਗ ਨਾਲ ਦਾਖ਼ਲ ਹੋ ਕੇ ਗ੍ਰਿਫ਼ਤਾਰ ਮੁਲਜ਼ਮ ਨੂੰ ਛੁਡਾਉਂਦਾ ਹੋਇਆ ਨਜ਼ਰ ਆ ਰਿਹਾ ਹੈ। ਵੀਡੀਓ ਵਿਚ ਉਹ ਡਿਊਟੀ ਅਫ਼ਸਰ ’ਤੇ ਹਥਿਆਰ ਵੀ ਤਾਣ ਰਿਹਾ ਹੈ। ਐਸ.ਐਸ.ਪੀ.ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਇਸ ਗੀਤ ਤੋਂ ਸੰਗੀਨ ਜੁਰਮ ਕਰਨ ਵਾਲਿਆਂ ਨੂੰ ਪਨਾਹ ਦੇਣ, ਜੇਲ੍ਹਾਂ ਤੇ ਥਾਣਿਆਂ ’ਚ ਬੈਠੇ ਅਪਰਾਧੀਆਂ ਨੂੰ ਛੁਡਾਉਣ ਲਈ ਉਤਸ਼ਾਹਿਤ ਕੀਤਾ ਗਿਆ ਹੈ ਜਿਸ ਨਾਲ ਅਪਰਾਧੀਆਂ ਨੂੰ ਘਿਨੌਣੇ ਜੁਰਮ ਕਰਨ ਲਈ ਸ਼ਹਿ ਮਿਲਦੀ ਹੈ। ਗੀਤ ਦੌਰਾਨ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਕੁਰਾਹੇ ਪਾਇਆ ਜਾ ਰਿਹਾ ਸੀ ਜਿਸ ਨਾਲ ਪ੍ਰਸ਼ਾਸਨ ਦਾ ਅਕਸ ਵੀ ਖਰਾਬ ਹੋ ਰਿਹਾ ਸੀ।