ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਨਵੰਬਰ
ਸਮਾਜਿਕ ਕਾਰਕੁਨ ਲੱਖਾ ਸਿਧਾਣਾ, ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਤੇ ਕਿਰਪਾਲ ਸਿੰਘ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਦਾਇਰਾ ਵਧਾਉਣ ਸਬੰਧੀ ਫੈਡਰਲ ਢਾਂਚੇ ’ਤੇ ਸੱਟ ਮਾਰਨ ਦੀਆਂ ਗੱਲਾਂ ਕਰ ਰਹੀਆਂ ਹਨ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪੰਜਾਬ ਪੁਲੀਸ ਵਿੱਚ 300 ਗੈਰ-ਪੰਜਾਬੀ ਭਰਤੀ ਕਰ ਕੇ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਮਾਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ’ਚ ਮੁੱਖ ਮੰਤਰੀ ਦੀ ਸੁਰੱਖਿਆ ਦੇ ਨਾਂ ’ਤੇ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ਵਿੱਚ ਤਿੰਨ ਸੌ ਮੁਲਾਜ਼ਮ ਭਰਤੀ ਕੀਤੇ ਗਏ ਹਨ। ਇਨ੍ਹਾਂ ’ਚ ਪੰਜਾਬ ਦਾ ਕੋਈ ਵੀ ਨੌਜਵਾਨ ਨਹੀਂ ਹੈ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਾਲ 2014 ’ਚ 100 ਅਤੇ ਸਾਲ 2016 ’ਚ 125 ਮੁਲਾਜ਼ਮਾਂ ਨੂੰ ਭਰਤੀ ਕੀਤਾ। ਮਗਰੋਂ ਕੈਪਟਨ ਅਮਰਿੰਦਰ ਸਿੰਘ ਨੇ ਮਈ 2021 ’ਚ 75 ਹੋਰ ਮੁਲਾਜ਼ਮ ਨੂੰ ਭਰਤੀ ਕੀਤੇ। ਇਸੇ ਤਰ੍ਹਾਂ ਹੁਣ ਮੁੱਖ ਮੰਤਰੀ ਸੁਰੱਖਿਆ ਦੇ ਨਾਂ ’ਤੇ ਤਿੰਨ ਸੌ ਪੁਲੀਸ ਮੁਲਾਜ਼ਮ ਭਰਤੀ ਕੀਤੇ ਗਏ ਹਨ। ਇਨ੍ਹਾਂ ਨੂੰ ਨਿਯਮਾਂ ਦੇ ਉਲਟ ਜਾ ਕੇ ਪਦ ਉੱਨਤ ਕੀਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਗੈਰ-ਪੰਜਾਬੀਆਂ ਦੀ ਭਰਤੀ ਰੱਦ ਕਰਨ ਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸੂਬੇ ਦੀਆਂ ਨੌਕਰੀਆਂ ’ਚ ਪੰਜਾਬੀਆਂ ਲਈ 80 ਫ਼ੀਸਦ ਰਾਖਵਾਂਕਰਨ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ।