ਪਾਲ ਸਿੰਘ ਨੌਲੀ
ਜਲੰਧਰ, 27 ਅਗਸਤ
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ਦਾ ਸਾਹਮਣਾ ਕਰ ਰਹੇ ਪੰਜਾਬੀ ਗਾਇਕ ਗੁਰਦਾਸ ਮਾਨ ਦੇ ਹੱਕ ਵਿੱਚ ਗਿੱਦੜਬਾਹੇ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਾਅ ਦਾ ਨਾਅਰਾ ਮਾਰਿਆ ਹੈ। ਰਾਜਾ ਵੜਿੰਗ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਪੰਜਾਬੀ ਗਾਇਕ ਗੁਰਦਾਸ ਮਾਨ ਵਿਰੁੱਧ ਜੋ ਕੇਸ ਦਰਜ ਹੋਇਆ ਹੈ, ਉਸ ਨੂੰ ਰੱਦ ਕਰਵਾਉਣ ਲਈ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਨੂੰ ਮਿਲਣਗੇ। ਉਨ੍ਹਾਂ ਨੇ ਆਪਣੀ ਵੀਡੀਓ ਵਿੱਚ ਕਿਹਾ ਕਿ ਉਹ ਗੁਰਦਾਸ ਮਾਨ ਤੋਂ ਮੁਆਫੀ ਚਾਹੁੰਦੇ ਹਨ। ਉਨ੍ਹਾਂ ’ਤੇ ਪਰਚਾ ਨਹੀਂ ਹੋਣਾ ਚਾਹੀਦਾ ਸੀ। ਵਿਧਾਇਕ ਨੇ ਗੁਰਦਾਸ ਮਾਨ ਵਿਰੁੱਧ 295ਏ ਤਹਿਤ ਕੇਸ ਦਰਜ ਹੋਣ ਦੀ ਨਿਖੇਧੀ ਕੀਤੀ। ਵੀਡੀਓ ਦੇ ਅਖੀਰ ਵਿੱਚ ਉਨ੍ਹਾਂ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਡੀਜੀਪੀ ਨੂੰ ਕੇਸ ਜਲਦੀ ਤੋਂ ਜਲਦੀ ਰੱਦ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਟਰੱਸਟ ਨੇ ਵੀ ਇੱਕ ਬਿਆਨ ਜਾਰੀ ਕਰ ਕੇ ਸੋਸ਼ਲ ਮੀਡੀਆ ’ਤੇ ਨਫ਼ਰਤ ਫੈਲਾਉਣ ਵਾਲੀਆਂ ਕਿਸੇ ਵੀ ਤਰ੍ਹਾਂ ਦੀਆਂ ਪੋਸਟਾਂ ਨਾ ਪਾਉਣ ਅਤੇ ਅਫਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਹੈ।