ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਜੂਨ
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਟਿਆਲਾ ਦੀ ਜੇਲ੍ਹ ਵਿਚ ਫਾਂਸੀ ਦੀ ਸਜ਼ਾ ਤਹਿਤ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਵਜੋਂ ਲੋਕ ਸਭਾ ਹਲਕਾ ਸੰਗਰੂਰ ਦੀ ਚੋਣ ਲੜਨ ਲਈ ਹਾਮੀ ਭਰ ਦਿੱਤੀ ਹੈ ਪਰ ਨਾਲ ਹੀ ਸਮੁੱਚੀਆਂ ਸਿੱਖ ਜਥੇਬੰਦੀਆਂ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਸਿੱਖ ਮਸਲਿਆਂ ਦੇ ਹੱਲ ਲਈ ਉਹ ਸਾਰੀਆਂ ਧਿਰਾਂ ਵੀ ਉਸ ਨੂੰ ਆਪਣੇ ਸਾਂਝੇ ਉਮੀਦਵਾਰ ਵਜੋਂ ਸਵੀਕਾਰ ਕਰਨ। ਇਸ ਗੱਲ ਦਾ ਪ੍ਰਗਟਾਵਾ ਉਸ ਨੇ ਅੱਜ ਸ਼ਾਮੀ ਇਥੇ ਕੇਂਦਰੀ ਜੇਲ੍ਹ ਪਟਿਆਲਾ ਵਿਚ ਬੰਦ ਸ੍ਰੀ ਰਾਜੋਆਣਾ ਨਾਲ ਮੁਲਾਕਾਤ ਮਗਰੋਂ ਜੇਲ੍ਹ ਕੰਪਲੈਕਸ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ। ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦੇ ਮੁੱਖ ਮੰਤਰੀ ਬਣਨ ਮਗਰੋਂ ਸੰਗਰੂਰ ਲੋਕ ਸਭਾ ਹਲਕੇ ਦੀ ਖਾਲੀ ਹੋਈ ਸੀਟ ਲਈ ਵੱਖ ਵੱਖ ਸਿੱਖ ਜਥੇਬੰਦੀਆਂ ਇਥੋਂ ਤੱਕ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਵੀ ਕਮਲਦੀਪ ਕੌਰ ਰਾਜੋਆਣਾ ‘ਤੇ ਇਹ ਚੋਣ ਲੜਨ ਲਈ ਦਬਾਅ ਪਾਇਆ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਬੀਬੀ ਕਮਲਦੀਪ ਕੌਰ ਰਾਜੋਆਣਾ ਇਸ ਤੋਂ ਪਹਿਲਾਂ ਇੱਕ ਵਾਰ ਪਟਿਆਲਾ ਹਲਕੇ ਤੋਂ ਵੀ ਆਜ਼ਾਦ ਉਮੀਦਵਾਰ ਵਜੋਂ ਵੀ ਲੋਕ ਸਭਾ ਦੀ ਚੋਣ ਲੜ ਚੁੱਕੇ ਹਨ ਪਰ ਹਾਰ ਗਏ ਸਨ।