ਸਰਬਜੀਤ ਸਿੰਘ ਭੰਗੂ
ਪਟਿਆਲਾ, 20 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕੀਤੀ ਜਾਣ ਵਾਲੀ ਨਵੀਂ ਭਰਤੀ ਦੌਰਾਨ ਤਨਖਾਹ ਸਕੇਲ ਕੇਂਦਰ ਸਰਕਾਰ ਦੀ ਤਰਜ਼ ’ਤੇ ਦਿੱਤੇ ਜਾਣ ਦੇ ਲਏ ਗਏ ਫੈਸਲੇ ਖ਼ਿਲਾਫ਼ ਮੁਲਾਜ਼ਮਾਂ ਨੇ ਅੱਜ ਤੋਂ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੇ ਖ਼ਿਲਾਫ਼ ਘੜੇ ਭੰਨ ਰੈਲੀਆਂ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਦਾ ਆਰੰਭ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦੇ ਮੈਡੀਕਲ ਸਟੂਡੈਂਟਸ ਦੇ ਦਫ਼ਤਰ ਬਾਹਰ ਰੈਲੀ ਕਰਕੇ ਕੀਤਾ ਗਿਆ। ਇਥੇ ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਰਾਮ ਕਿਸ਼ਨ ਦੀ ਅਗਵਾਈ ਹੇਠ ਇਕੱਤਰ ਹੋਏ ਤੇ ਪੰਜ ਮੁਲਾਜ਼ਮ ਆਗੂਆਂ ਨੇ ਰੈਲੀ ਮਗਰੋਂ ਮੈਡੀਕਲ ਕਾਲਜ ਦੇ ਪ੍ਰਿੰਸੀਪਲ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਤੇ ਘੜੇ ਭੰਨੇ। ਚੌਥਾ ਦਰਜਾ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ ਦਾ ਕਹਿਣਾ ਸੀ ਕਿ ਅੱਜ ਤੋਂ ਪੰਜਾਬ ਭਰ ਵਿੱਚ ਰੋਸ ਹਫ਼ਤਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਮੁਲਾਜ਼ਮਾਂ ਵੱਲੋਂ ਪੰਜਾਬ ਭਰ ਵਿੱਚ ਘੜੇ ਭੰਨ ਰੈਲੀਆਂ ਕਰਕੇ ਰੋਸ ਪ੍ਰਗਟਾਇਆ ਜਾਵੇਗਾ। ਇਸੇ ਦੌਰਾਨ ਪੰਜਾਬ ਸਟੇਟ ਸਰਵਿਸਿਜ਼ ਫੈੱਡਰੇਸ਼ਨ ਦੇ ਸੂਬਾਈ ਆਗੂ ਦਰਸ਼ਨ ਸਿੰਘ ਬੇਲੂਮਾਜਰਾ ਅਤੇ ਸਿੰਚਾਈ ਵਿਭਾਗ ਦੇ ਆਗੂ ਜਸਵੀਰ ਸਿੰਘ ਖੋਖਰ ਸਮੇਤ ਹੋਰਨਾਂ ਮੁਲਾਜ਼ਮਾਂ ਨੇ ਵੀ ਇੱਥੇ ਘੜਾ ਭੰਨ ਰੈਲੀ ਕਰਦਿਆਂ ਤਨਖਾਹ ਸਕੇਲਾਂ ਦੇ ਮਾਮਲੇ ‘ਤੇ ਪੰਜਾਬ ਸਰਕਾਰ ਦਾ ਖੂਬ ਪਿੱਟ ਸਿਆਪਾ ਕੀਤਾ। ਦੂਜੇ ਪਾਸੇ ਅਨੁਸੂਚਿਤ ਜਾਤੀਆਂ ਅਤੇ ਕਰਮਚਾਰੀ ਫੈਡਰੇਸ਼ਨ ਦੇ ਸੂਬਾਈ ਪ੍ਰਧਾਨ ਅਮਰੀਕ ਸਿੰਘ ਬੰਗੜ ਅਤੇ ਸਾਥੀ ਮੁਲਾਜ਼ਮਾਂ ਨੇ ਵੀ ਇਸ ਸੰਘਰਸ਼ ਦੀ ਹਮਾਇਤ ’ਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਅੱਗੇ ਘੜੇ ਭੰਨ ਰੈਲੀ ਕਰਦੇ ਹੋਏ ਚੌਥਾ ਦਰਜ਼ਾ ਮੁਲਾਜਮ ਯੂਨੀਅਨ ਦੇ ਨੁਮਾਇੰਦੇ।