ਮਿਹਰ ਸਿੰਘ/ ਚਰਨਜੀਤ ਸਿੰਘ
ਕੁਰਾਲੀ/ਮੁੱਲਾਂਪੁਰ ਗਰੀਬਦਾਸ, 21 ਜੁਲਾਈ
ਪੰਜਾਬ ਰਾਜ ਅਧਿਆਪਕ ਗੱਠਜੋੜ ਵੱਲੋਂ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿੱਸਵਾਂ ਫਾਰਮ ਹਾਊਸ ਨੇੜੇ ਮਾਜਰਾ ਟੀ-ਪੁਆਇੰਟ ’ਤੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਤਨਖਾਹ ਕਮਿਸ਼ਨ ਨੂੰ ਮੁੱਢੋਂ ਰੱਦ ਕਰ ਕੇ ਅਧਿਆਪਕ ਵਰਗ ਦੀਆਂ ਮੰਗਾਂ ਦੀ ਪੂਰਤੀ ਲਈ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ। ਰੈਲੀ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਬੁੱਟਰ ਤੇ ਹਰਜਿੰਦਰਪਾਲ ਸਿੰਘ ਪੰਨੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੇ ਚੋਣਾਂ ਸਮੇਂ ਵੱਡੇ-ਵੱਡੇ ਵਾਅਦੇ ਕਰ ਕੇ ਸਾਢੇ ਚਾਰ ਸਾਲਾਂ ਵਿੱਚ ਇੱਕ ਵਾਰ ਵੀ ਮੁਲਾਜ਼ਮਾਂ ਦੀ ਸਾਰ ਨਹੀਂ ਲਈ। ਆਗੂਆਂ ਨੇ ਡੀਏ ਦੀਆਂ ਕਿਸ਼ਤਾਂ ਨੂੰ ਖੁਰਦ ਬੁਰਦ ਕਰਨ, ਮੁਲਾਜ਼ਮਾਂ ਦੇ ਭੱਤਿਆਂ ਵਿੱਚ ਕਟੌਤੀ ਕਰਨ ਅਤੇ ਅਧਿਆਪਕ ਵਰਗ ਦੀਆਂ ਹੋਰਨਾਂ ਮੰਗਾਂ ਨੂੰ ਅਣਦੇਖਿਆਂ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਪ੍ਰਸ਼ਾਸਨ ਨੇ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਨੂੰ ਜਾਣ ਵਾਲੀ ਸੜਕ ’ਤੇ ਬੈਰੀਕੇਡ ਲਗਾ ਕੇ ਸੜਕ ਬੰਦ ਕੀਤੀ ਹੋਈ ਸੀ। ਪ੍ਰਸ਼ਾਸਨ ਵੱਲੋਂ ਪੁੱਜੇ ਖਰੜ ਦੇ ਐੱਸਡੀਐੱਮ ਨੇ ਅਧਿਆਪਕਾਂ ਦੇ ਵਫ਼ਦ ਦੀ ਵੀਰਵਾਰ ਨੂੰ ਪੰਜਾਬ ਭਵਨ ਵਿੱਚ ਉੱਚ ਪੱਧਰੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।