ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 30 ਅਕਤੂਬਰ
ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਨਵੀਂ ਦਿੱਲੀ ਵਿੱਚ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਦੀ ਵਧਾਈ ਦਿੱਤੀ। ਇਸ ਦੌਰਾਨ ਉਪ ਰਾਸ਼ਟਰਪਤੀ ਅਤੇ ਸਾਬਕਾ ਕੇਂਦਰੀ ਮੰਤਰੀ ਨੇ ਭਾਰਤੀ ਅਤੇ ਪਰਵਾਸੀ ਪੰਜਾਬੀ ਭਾਈਚਾਰੇ ਨਾਲ ਸਬੰਧਤ ਕੁਝ ਅਹਿਮ ਮਸਲਿਆਂ ’ਤੇ ਖੁੱਲ੍ਹ ਕੇ ਲੰਮੀ ਵਿਚਾਰ-ਚਰਚਾ ਕੀਤੀ।
ਇੱਥੇ ਅੱਜ ਬਲਵੰਤ ਸਿੰਘ ਰਾਮੂਵਾਲੀਆ ਨੇ ਦੱਸਿਆ ਕਿ ਉਨ੍ਹਾਂ ਨੇ ਉਪ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਂਦਾ ਕਿ ਭਾਰਤ ਸਣੇ ਵਿਸ਼ਵ ਭਰ ਵਿੱਚ ਵੱਸਦਾ ਪੰਜਾਬੀ ਭਾਈਚਾਰਾ ਦੇਸ਼ ਪ੍ਰਤੀ ਫਿਕਰਮੰਦੀ ਨਿਭਾਉਂਦਿਆਂ ਆਪਣੀਆਂ ਪਰੰਪਰਾਵਾਂ ’ਤੇ ਦ੍ਰਿੜਤਾ ਨਾਲ ਕਾਇਮ ਹੈ। ਉਨ੍ਹਾਂ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬੀ ਭਾਸ਼ਾ, ਕਿਸਾਨੀ ਸਮੱਸਿਆਵਾਂ ਅਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਪੰਜਾਬੀ ਅਤੇ ਸਿੱਖ ਸਮਾਜ ਨੂੰ ਬਣਦਾ ਮਾਣ-ਸਨਮਾਨ ਦੇਣ ਦਾ ਵਿਸ਼ਾ ਵੀ ਉਪ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ। ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਪੰਜਾਬੀਆਂ ਵੱਲੋਂ ਹਰ ਖੇਤਰ ਵਿੱਚ ਕਈ ਸਦੀਆਂ ਤੋਂ ਦੇਸ਼ ਸੇਵਾ ਦੇ ਸ਼ਾਨਦਾਰ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਪੰਜਾਬ ’ਤੇ ਮਾਣ ਰਿਹਾ ਹੈ ਅਤੇ ਰਹੇਗਾ। ਸ੍ਰੀ ਰਾਮੂਵਾਲੀਆ ਨੇ ਕਿਹਾ ਕਿ ਉਹ ਛੇਤੀ ਉਪ ਰਾਸ਼ਟਰਪਤੀ ਨਾਲ ਦੁਬਾਰਾ ਮੁਲਾਕਾਤ ਕਰਨਗੇ।