ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ 24 ਨਵੰਬਰ ਤੋਂ ਪੰਜਾਬ ਵਿੱਚ ਲੋਕ ਸੇਵਾ ਸਰਗਰਮੀਆਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ, ਇਸ ਲਈ ਉਨ੍ਹਾਂ ਲੋਕ ਭਲਾਈ ਪਾਰਟੀ ਦੇ ਸਾਰੇ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਮੀਟਿੰਗ 24 ਨਵੰਬਰ ਨੂੰ ਲੁਧਿਆਣਾ ’ਚ ਸੱਦੀ ਹੈ। ਰਾਮੂਵਾਲੀਆ ਨੇ ਜਾਰੀ ਬਿਆਨ ਵਿਚ ਕਿਹਾ ਕਿ ਲੋਕ ਭਲਾਈ ਪਾਰਟੀ ਦੇ 2012 ਵਿੱਚ ਲਗਭਗ 46000 ਮੈਂਬਰ ਸਨ, ਜਿਨ੍ਹਾਂ ਵਿੱਚੋਂ 90 ਪ੍ਰਤੀਸ਼ਤ ਮੈਂਬਰਾਂ ਨੇ ਉਨ੍ਹਾਂ ਨੂੰ ਮੁੜ ਸਰਗਰਮ ਹੋਣ ਦੀ ਸਹਿਮਤੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਪਾਰਟੀ ਦੀਆਂ ਸਾਰੀਆਂ ਸਰਗਰਮੀਆਂ ਸੰਪੂਰਨ ਰੂਪ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਪ੍ਰੋਗਰਾਮਾਂ ਤੋਂ ਸੇਧ ਲੈ ਕੇ ਆਪਣੀ ਜਥੇਬੰਦੀ ਰਾਹੀਂ ਕੀਤੀਆਂ ਜਾਣਗੀਆਂ। -ਟਨਸ