ਪੱਤਰ ਪ੍ਰੇਰਕ
ਬੱਸੀ ਪਠਾਣਾਂ, 17 ਨਵੰਬਰ
ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਬਸੀ ਪਠਾਣਾ ਵਿਚ 358 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਮੈਗਾ ਡੇਅਰੀ ਪ੍ਰਾਜੈਕਟ ਦੇ ਪਹਿਲੇ ਪੜਾਅ ਦਾ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਰੰਧਾਵਾ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਇਹ ਪਲਾਂਟ 138 ਕਰੋੜ ਦੀ ਲਾਗਤ ਨਾਲ ਲਾਇਆ ਗਿਆ ਹੈ। ਇਸ ਦੀ ਦੁੱਧ ਸਾਂਭਣ ਦੀ ਸਮਰੱਥਾ ਦੋ ਲੱਖ ਲਿਟਰ ਰੋਜ਼ਾਨਾ ਹੋਵੇਗੀ। ਪ੍ਰਾਜੈਕਟ ਮੁਕੰਮਲ ਹੋਣ ’ਤੇ ਪਲਾਂਟ ਦੀ ਸਮਰੱਥਾ 11 ਲੱਖ ਲਿਟਰ ਤੱਕ ਵਧਾਈ ਜਾਵੇਗੀ।
ਉਪ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਲਾਂਟ ਵਿੱਚ ਦੁੱਧ ਅਤੇ ਕਰੀਮ ਨੂੰ 6 ਮਹੀਨੇ ਤੱਕ ਬਿਨਾਂ ਖ਼ਰਾਬ ਹੋਇਆਂ ਰੱਖਣ ਲਈ ਤਕਨੀਕ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖੁਰਾਕੀ ਵਸਤਾਂ ਵਿੱਚ ਮਿਲਾਵਟ ਕਰਨ ਵਾਲਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਨਾਲ ਖ਼ਰਾਬ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਉਦਯੋਗ ਤੇ ਵਣਜ ਮੰਤਰੀ ਗੁਰਪ੍ਰੀਤ ਸਿੰਘ ਕੋਟਲੀ ਨੇ ਕਿਹਾ ਕਿ ਪ੍ਰਾਜੈਕਟ ਨਾਲ ਸਮੁੱਚੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਵੇਗੀ। ਫਤਹਿਗੜ੍ਹ ਸਾਹਿਬ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦੂਰ ਅੰਦੇਸ਼ੀ ਸੋਚ ਰੱਖਦਿਆਂ 358 ਕਰੋੜ ਰੁਪਏ ਦੀ ਲਾਗਤ ਵਾਲਾ ਮੈਗਾ ਡੇਅਰੀ ਪ੍ਰਾਜਕਟ ਬਸੀ ਪਠਾਣਾ ਨੂੰ ਦਿੱਤਾ ਹੈ। ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਕਿਹਾ ਕਿ ਇਸ ਪਲਾਂਟ ਨਾਲ ਡੇਅਰੀ ਖੇਤਰ ਨੂੰ ਵੱਡਾ ਹੁੰਗਾਰਾ ਮਿਲੇਗਾ। ਮਿਲਕਫੈੱਡ ਦੇ ਪ੍ਰਬੰਧਕੀ ਨਿਰਦੇਸ਼ਕ ਕਮਲਦੀਪ ਸਿੰਘ ਸੰਘਾ ਨੇ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਸਹਿਯੋਗ ਲਈ ਧੰਨਵਾਦ ਕੀਤਾ।