ਡਾ. ਰਾਜਿੰਦਰ ਸਿੰਘ/ਦਲਬੀਰ ਸੱਖੋਵਾਲੀਆ
ਡੇਰਾ ਬਾਬਾ ਨਾਨਕ, 15 ਦਸੰਬਰ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਅੰਦਰ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਦੇ ਹੱਕ ’ਚ ਦਾਣਾ ਮੰਡੀ ਤੇ ਕਲਾਨੌਰ ਸਣੇ ਕਈ ਥਾਈਂ ਚੋਣ ਪ੍ਰਚਾਰ ਕੀਤਾ। ਇਸ ਤੋਂ ਪਹਿਲਾਂ ਅੱਜ ਸਵੇਰੇ ਪਿੰਡ ਮਾਲੇਵਾਲ ਤੋਂ ਡੇਰਾ ਬਾਬਾ ਨਾਨਕ ਤੱਕ ਯੂਥ ਅਕਾਲੀ ਦਲ ਦੇ ਹਜ਼ਾਰਾਂ ਨੌਜਵਾਨਾਂ ਨੇ ਮੋਟਰਸਾਈਕਲ ਰੈਲੀ ਕੱਢ ਕੇ ਸ੍ਰੀ ਬਾਦਲ ਦਾ ਨਿੱਘਾ ਸਵਾਗਤ ਕੀਤਾ।
ਡੇਰਾ ਬਾਬਾ ਨਾਨਕ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਬਾਦਲ ਨੇ ਪੰਜਾਬ ਦੇ ਉੱਪ ਮੁੱਖ ਮੰਤਰੀ ਅਤੇ ਹਲਕੇ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ’ਤੇ ਗੈਂਗਸਟਰਾਂ ਨੂੰ ਸ਼ਹਿ ਦੇਣ ਦਾ ਦੋਸ਼ ਲਾਇਆ। ਉਨ੍ਹਾਂ ਇਹ ਵੀ ਕਿਹਾ ਕਿ ਰੰਧਾਵਾ ਵੱਲੋਂ ਪੁਲੀਸ ਅਫ਼ਸਰਾਂ ਨੂੰ ਡਰਾ ਧਮਕਾ ਕੇ ਅਕਾਲੀ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਨੂੰ ਪਾਰਟੀ ਦਾ ਜਨਰਕ ਸਕੱਤਰ ਬਣਾਉਣ ਦਾ ਐਲਾਨ ਵੀ ਕੀਤਾ। ਦਾਣਾ ਮੰਡੀ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਦਲ ਨੇ ਚੰਨੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਸ੍ਰੀ ਬਾਦਲ ਨੇ ਕੇਜਰੀਵਾਲ ’ਤੇ ਵੀ ਪੰਜਾਬੀਆਂ ਨਾਲ ਝੂਠ ਬੋਲਣ ਦੇ ਦੋਸ਼ ਲਾਏ ਹਨ। ਇਸ ਮੌਕੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਨੇ ਪਾਰਟੀ ਵੱਲੋਂ ਉਨ੍ਹਾਂ ਦੇ ਪੁੱਤਰ ਰਵੀਕਰਨ ਸਿੰਘ ਕਾਹਲੋਂ ਨੂੰ ਟਿਕਟ ਦੇਣ ਲਈ ਧੰਨਵਾਦ ਕੀਤਾ ਅਤੇ ਦਾਅਵਾ ਕੀਤਾ ਕਿ ਉਹ ਡੇਰਾ ਬਾਬਾ ਨਾਨਕ ਸੀਟ ਜਿੱਤ ਕੇ ਪਾਰਟੀ ਦੀ ਝੋਲੀ ’ਚ ਪਾਵੇਗਾ।
ਲੰਗਾਹ ਧੜਾ ਰੈਲੀ ’ਚੋਂ ਰਿਹਾ ਗ਼ੈਰਹਾਜ਼ਰ
ਡੇਰਾ ਬਾਬਾ ਨਾਨਕ ਹਲਕੇ ’ਚ ਅੱਜ ਸੁਖਬੀਰ ਸਿੰਘ ਬਾਦਲ ਦੀ ਆਮਦ ਮੌਕੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਤੇ ਉਨ੍ਹਾਂ ਦੇ ਪੁੱਤਰ ਸੁਖਜਿੰਦਰ ਸਿੰਘ ਸੋਨੂ ਲੰਗਾਹ ਗ਼ੈਰ-ਹਾਜ਼ਰ ਰਹੇ। ਡੇਰਾ ਬਾਬਾ ਨਾਨਕ ਅਤੇ ਕਲਾਨੌਰ ’ਚ ਹੋਈਆਂ ਰੈਲੀਆਂ ਦਾ ਲੰਗਾਹ ਧੜੇ ਨਾਲ ਸਬੰਧਤ ਵਰਕਰਾਂ ਵੱਲੋਂ ਵੀ ਬਾਈਕਾਟ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਸੋਨੂ ਲੰਗਾਹ ਇਸ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ, ਪਰ ਪਾਰਟੀ ਵੱਲੋਂ ਉਨ੍ਹਾਂ ਦੀ ਥਾਂ ਰਵੀਕਰਨ ਸਿੰਘ ਕਾਹਲੋਂ ਨੂੰ ਉਮੀਦਵਾਰ ਬਣਾਏ ਜਾਣ ਮਗਰੋਂ ਲੰਗਾਹ ਅਤੇ ਉਨ੍ਹਾਂ ਦੇ ਸਮਰਥਕਾਂ ਵਿੱਚ ਰੋਸ ਹੈ।