ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 4 ਜੁਲਾਈ
ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ’ਚ ਵਰਾਂਡਿਆਂ ਤੇ ਡਿਉਢੀਆਂ ਨੂੰ ਰੰਗ ਰੋਗਨ ਕਰਨ ਦੀ ਕਾਰ ਸੇਵਾ ਅੱਜ ਆਰੰਭ ਦਿੱਤੀ ਹੈ। ਇਹ ਸੇਵਾ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ ਨੂੰ ਸੌਂਪੀ ਗਈ ਹੈ। ਕਾਰ ਸੇਵਾ ਦੀ ਆਰੰਭਤਾ ਅਰਦਾਸ ਕਰ ਕੇ ਕੀਤੀ ਗਈ।
ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਸੇਵਾ ਦੀ ਆਰੰਭਤਾ ਮੌਕੇ ਗੱਲਬਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਵਰਾਂਡਿਆਂ ਅਤੇ ਡਿਉਢੀਆਂ ਨੂੰ ਸਮੇਂ ਸਮੇਂ ’ਤੇ ਰੰਗ ਰੋਗਨ ਕੀਤਾ ਜਾਂਦਾ ਹੈ ਅਤੇ ਇਸ ਵਾਰ ਇਹ ਸੇਵਾ ਬਾਬਾ ਜਗਤਾਰ ਸਿੰਘ ਤਰਨ ਤਾਰਨ ਵਾਲੇ ਸੰਗਤ ਦੇ ਸਹਿਯੋਗ ਨਾਲ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਸਾਰਾਗੜ੍ਹੀ ਨਿਵਾਸ ਦੇ ਰੰਗ ਰੋਗਨ ਦੀ ਸੇਵਾ ਵੀ ਕੀਤੀ ਜਾਵੇਗੀ।
ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੇ ਕਿਹਾ ਕਿ ਉਹ ਸੰਗਤ ਦੇ ਸਹਿਯੋਗ ਨਾਲ ਇਸ ਸੇਵਾ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨਗੇ। ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਤੇ ਹੋਰ ਮੈਂਬਰਾਂ ਤੋਂ ਇਲਾਵਾ ਬਾਬਾ ਮਹਿੰਦਰ ਸਿੰਘ, ਬਾਬਾ ਜੋਗਾ ਸਿੰਘ, ਬਾਬਾ ਜਸਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਸਮੇਤ ਹੋਰ ਹਾਜ਼ਰ ਸਨ।