ਮਹਿੰਦਰ ਸਿੰਘ ਰੱਤੀਆਂ
ਮੋਗਾ, 24 ਅਗਸਤ
ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ’ਚ ਦਲਿਤ ਨਾਬਾਲਗ ਕੁੜੀ ਨਾਲ ਜਬਰ ਜਨਾਹ ਕਰਨ ਵਾਲੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਜਨਤਕ ਤੇ ਸਿਆਸੀ ਜਥੇਬੰਦੀ ਦੇ ਆਗੂਆਂ ਦੀ ਅਗਵਾਈ ਹੇਠ ਥਾਣੇ ਦਾ ਘਿਰਾਓ ਕੀਤਾ ਗਿਆ। ਥਾਣਾ ਮੁਖੀ ਇੰਸਪੈਕਟਰ ਪਲਵਿੰਦਰ ਸਿੰਘ ਵੱਲੋਂ ਮੁਲਜ਼ਮਾਂ ਦੀ ਜਲਦੀ ਗ੍ਰਿਫ਼ਤਾਰੀ ਦਾ ਭਰੋਸਾ ਦੇਣ ਉੱਤੇ ਧਰਨਾ ਸਮਾਪਤ ਕਰ ਦਿੱਤਾ ਗਿਆ। ਇਸ ਮੌਕੇ ਸਰਪੰਚ ਜੋਗਿੰਦਰ ਸਿੰਘ ਪਿੰਡ ਬੀੜ ਰਾਊਕੇ, ਡਾ. ਲਖਵਿੰਦਰ ਸਿੰਘ, ਗੁਰਵਿੰਦਰ ਸਿੰਘ ਡਾਲਾ, ਸੁੱਖੀ ਰਾਊਕੇ, ਸੂਬਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰ ਮਹਿੰਦਰ ਸਿੰਘ ਨੇ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਦੀ ਨਿਖ਼ੇਧੀ ਕਰਦੇ ਆਖਿਆ ਕਿ ਇੱਕ ਦਲਿਤ ਪਰਿਵਾਰ ਦੀ ਲੜਕੀ ਨਾਲ ਜਬਰ ਜਨਾਹ ਕਰਨ ਵਾਲੇ ਮੁਲਜ਼ਮ ਨੂੰ ਪੁਲੀਸ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਸਕੀ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਚੇਤਾਵਨੀ ਦਿੱਤੀ ਜੇਕਰ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਪੀੜਤ ਦਲਿਤ ਮਾਂ ਆਪਣੀਆਂ ਦੋ ਨਾਬਾਲਗ ਧੀਆਂ ਨਾਲ ਕੰਮਕਾਰ ’ਤੇ ਜਾ ਰਹੀ ਸੀ ਕਿ ਮੁਲਜ਼ਮਾਂ ਨੇ ਇੱਕ ਧੀ ਨੂੰ ਜਬਰੀ ਅਗਵਾ ਕਰ ਲਿਆ। ਦੂਜੀ ਭੈਣ ਨੇ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ।
ਥਾਣਾ ਮੁਖੀ ਨੇ ਦੱਸਿਆ ਕਿ 19 ਅਗਸਤ ਨੂੰ ਤਿੰਨ ਮੁਲਜ਼ਮਾਂ ਚਰਨਾ ਸਿੰਘ ਬੱਧਨੀ ਕਲਾਂ, ਬਿੱਲਾ ਸਿੰਘ ਤੇ ਸਾਹਿਲਦੀਪ ਸਿੰਘ ਦੋਵੇਂ ਪਿੰਡ ਬੀੜ ਰਾਊਕੇ ਖ਼ਿਲਾਫ਼ ਕੇਸ ਦਰਜ ਕਰਕੇ ਬਿੱਲਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।