ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 17 ਮਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਆਤਮਾ ਸਕੀਮ ਅਧੀਨ ਕੰਮ ਕਰਦੇ ਕੱਚੇ ਕਰਮਚਾਰੀਆਂ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਵਿਰੁੱਧ ਸ਼ੁਰੂ ਕੀਤਾ ਲੜੀਵਾਰ ਧਰਨਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਪੀੜਤ ਕਰਮਚਾਰੀਆਂ ਨੂੰ ਮਾਰਚ ਅਤੇ ਅਪਰੈਲ ਮਹੀਨੇ ਦੀ ਤਨਖ਼ਾਹ ਵੀ ਨਹੀਂ ਦਿੱਤੀ ਗਈ ਜਿਸ ਕਾਰਨ ਕਰਮਚਾਰੀਆਂ ਦਾ ਰੋਹ ਵਧਦਾ ਜਾ ਰਿਹਾ ਹੈ। ਅੱਜ ਪੰਜ ਕੱਚੇ ਕਰਮਚਾਰੀ ਆਪਣੇ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਲੈ ਕੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਦਫ਼ਤਰ ਦੀ ਛੱਤ ’ਤੇ ਚੜ੍ਹ ਗਏ ਜਿਸ ਕਾਰਨ ਅਧਿਕਾਰੀਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ।
ਸੰਯੁਕਤ ਆਤਮਾ ਪੰਜਾਬ ਐਸੋਸੀਏਸ਼ਨ ਦੇ ਪ੍ਰਧਾਨ ਰਾਮਿੰਦਰ ਸਿੰਘ ਮਾਨ ਅਤੇ ਜਨਰਲ ਸਕੱਤਰ ਸ਼ਮਿੰਦਰ ਸਿੰਘ ਨੇ ਦੱਸਿਆ ਕਿ ਕੱਚੇ ਕਰਮਚਾਰੀਆਂ ਨੂੰ ਦੋ ਮਹੀਨੇ ਤੋਂ ਤਨਖ਼ਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਆਪਣਾ ਅਤੇ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋਇਆ ਪਿਆ ਹੈ। ਇਸ ਦੌਰਾਨ ਜੇਕਰ ਕਿਸੇ ਕਰਮਚਾਰੀ ਦਾ ਕੋਈ ਨੁਕਸਾਨ ਹੋਇਆ ਤਾਂ ਸੂਬਾ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜ਼ਿੰਮੇਵਾਰ ਹੋਣਗੇ।
ਸੀਨੀਅਰ ਮੀਤ ਪ੍ਰਧਾਨ ਗੁਰਪ੍ਰਤਾਪ ਸਿੰਘ ਅਤੇ ਕਨਵੀਨਰ ਕੁਲਦੀਪ ਸਿੰਘ ਨੇ ਕਿਹਾ ਕਿ ਉਨ੍ਹਾਂ ਦੀਆਂ ਨਿਯੁਕਤੀਆਂ ਸੈਂਕਸ਼ਨ ਅਸਾਮੀਆਂ ’ਤੇ ਉਨ੍ਹਾਂ ਲਈ ਨਿਰਧਾਰਿਤ ਵਿੱਦਿਅਕ ਯੋਗਤਾਵਾਂ ਅਤੇ ਸਰਕਾਰ ਵੱਲੋਂ ਸਮੇਂ ਸਮੇਂ ਤੈਅ ਕੀਤੀਆਂ ਸ਼ਰਤਾਂ ’ਤੇ ਹੋਈਆਂ ਹਨ। ਪੰਜਾਬ ਵਿੱਚ ਲਗਪਗ 450 ਕਰਮਚਾਰੀ ਹਨ ਜਦੋਂਕਿ ਖੇਤੀਬਾੜੀ ਵਿਭਾਗ ਵਿੱਚ 500 ਅਸਾਮੀਆਂ ਖਾਲੀ ਪਈਆਂ ਹਨ।
ਸੂਬਾ ਪ੍ਰਧਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸਾਲਾਨਾ 10 ਫੀਸਦੀ ਇੰਕਰੀਮੈਂਟ, ਬਣਦਾ ਬਕਾਇਆ ਅਤੇ ਪੱਕੇ ਕਰਨ ਸਬੰਧੀ ਬੀਤੀ 5 ਮਈ ਨੂੰ ਜ਼ਿਲ੍ਹਾ ਪੱਧਰ ’ਤੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਮੰਗ ਪੱਤਰ ਦੇ ਕੇ ਆਤਮਾ ਸਟਾਫ਼ ਵੱਲੋਂ ਕਲਮਛੋੜ ਹੜਤਾਲ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ। ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਨੇ ਕੱਚੇ ਕਰਮਚਾਰੀਆਂ ਦੇ ਸੰਘਰਸ਼ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਮੁਲਾਜ਼ਮ ਵਰਗ ਦੀਆਂ ਵੋਟਾਂ ਲੈਣ ਲਈ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ’ਤੇ ਸਾਰੇ ਕੱਚੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇਗਾ ਪਰ ਹੁਣ ਤੱਕ ਸਰਕਾਰ ਨੇ ਡੱਕਾ ਨਹੀਂ ਤੋੜਿਆ।