ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਮਾਰਚ
ਪੰਜਾਬ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 22 ਫਰਵਰੀ ਤੋਂ 16 ਮਾਰਚ 2021 ਤੱਕ ਲਾਭਪਾਤਰੀਆਂ ਦੇ 9,55,489 ਈ-ਕਾਰਡ ਬਣਾ ਕੇ ਰਿਕਾਰਡ ਕਾਇਮ ਕੀਤਾ ਹੈ। ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਚੰਡੀਗੜ੍ਹ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਕੀਤਾ। ਹੁਸਨ ਲਾਲ ਨੇ ਵਿਸ਼ੇਸ਼ ਤੌਰ ’ਤੇ ਪੰਜਾਬ ਮੰਡੀ ਬੋਰਡ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਰਾਜ ਸਿਹਤ ਏਜੰਸੀ ਨੇ ਸੂਬੇ ਭਰ ਵਿੱਚ ਈ-ਕਾਰਡ ਬਣਾਉਣ ਲਈ 22 ਫਰਵਰੀ ਤੋਂ 28 ਫਰਵਰੀ ਤੱਕ ਇੱਕ ਹਫਤੇ ਦੀ ਵਿਆਪਕ ਮੁਹਿੰਮ ਚਲਾਈ ਤੇ ਸੂਬੇ ਵਿੱਚ ਹੁਣ ਤੱਕ 69.40 ਫੀਸਦੀ ਯੋਗ ਪਰਿਵਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾ ਚੁੱਕਾ ਹੈ।