ਆਤਿਸ਼ ਗੁਪਤਾ
ਚੰਡੀਗੜ੍ਹ, 17 ਮਈ
ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਕਹਿਰ ਜਾਰੀ ਹੈ ਪਰ ਅੱਜ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਉਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ। ਗਰਮੀ ਕਰ ਕੇ ਸੜਕਾਂ ਅਤੇ ਬਾਜ਼ਾਰਾਂ ਵਿੱਚ ਸੁੰਨ ਪਸਰੀ ਹੋਈ ਹੈ। ਹਾਲਾਂਕਿ ਮੌਸਮ ਵਿਭਾਗ ਨੇ ਇਹ ਪੂਰਾ ਹਫ਼ਤਾ ਗਰਮੀ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਵਿਭਾਗ ਦਾ ਕਹਿਣਾ ਹੈ ਕਿ ਦੋਵਾਂ ਸੂਬਿਆਂ ਵਿੱਚ ਤਾਪਮਾਨ ਮੁੜ 46 ਡਿਗਰੀ ਸੈਲਸੀਅਸ ’ਤੇ ਪਹੁੰਚ ਸਕਦਾ ਹੈ। ਉੱਤਰੀ ਭਾਰਤ ਵਿੱਚ ਪੈ ਰਹੀ ਗਰਮੀ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਗਰੂਰ ਜ਼ਿਲ੍ਹੇ ਵਿੱਚ ਲੂ ਲੱਗਣ ਕਰ ਕੇ ਬੱਚੇ ਦੀ ਮੌਤ ਹੋ ਗਈ ਹੈ। ਗਰਮੀ ਕਾਰਨ ਕਿਸਾਨਾਂ ਨੂੰ ਖੇਤਾਂ ਵਿੱਚ ਪਾਣੀ ਦਾ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਗਰਮੀ ਜ਼ਿਆਦਾ ਪੈਣ ਕਰ ਕੇ ਸਬਜ਼ੀਆਂ ਖ਼ਰਾਬ ਹੋਣ ਲੱਗੀਆਂ ਹਨ। ਦੂਜੇ ਪਾਸੇ, ਬਿਜਲੀ ਦੇ ਕੱਟਾਂ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ।
ਮੌਸਮ ਵਿਭਾਗ ਅਨਨੁਸਾਰ ਅੱਜ ਪੰਜਾਬ ਵਿੱਚ ਬਠਿੰਡਾ ਅਤੇ ਹਰਿਆਣਾ ਵਿੱਚ ਸਿਰਸਾ ਸਭ ਤੋਂ ਗਰਮ ਸ਼ਹਿਰ ਰਹੇ ਹਨ, ਜਿੱਥੇ ਕ੍ਰਾਮਵਾਰ 43.4 ਅਤੇ 44.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ, ਜੋ ਆਮ ਨਾਲੋਂ ਦੋ ਡਿਗਰੀ ਸੈਲਸੀਅਸ ਵੱਧ ਹੈ। ਪੰਜਾਬ ਦੇ ਅੰਮ੍ਰਿਤਸਰ ਵਿੱਚ 40.8, ਲੁਧਿਆਣਾ ਵਿੱਚ 40.7, ਪਟਿਆਲਾ ’ਚ 39.6, ਪਠਾਨਕੋਟ ’ਚ 40.6, ਬਰਨਾਲਾ ’ਚ 41, ਮੁਹਾਲੀ ’ਚ 39.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।
ਹਰਿਆਣਾ ਦੇ ਅੰਬਾਲਾ ’ਚ 48.6, ਹਿਸਾਰ ’ਚ 43.4, ਰੋਹਤਕ ’ਚ 43.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।