ਗਗਨਦੀਪ ਅਰੋੜਾ
ਲੁਧਿਆਣਾ, 18 ਸਤੰਬਰ
ਕੇਂਦਰ ਸਰਕਾਰ ਵਿੱਚ ਭਾਜਪਾ ਦੀ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਵਜ਼ਾਰਤ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਹਰ ਪਾਸੇ ਸਿਆਸਤ ਸਿੱਖਰਾਂ ’ਤੇ ਹੈ। ਲੁਧਿਆਣਾ ਪੁੱਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਅਕਾਲੀ ਦਲ ਢਕਵੰਜ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਨੂੰ ਕਿਸਾਨ ਪਿਆਰ ਹੁੰਦੇ ਤਾਂ ਉਸ ਉਸੇ ਦਿਨ ਭਾਜਪਾ ਨਾਲ ਗੱਠਜੋੜ ਤੋੜ ਦਿੰਦੇ ਜਦੋਂ ਇਹ ਬਿੱਲ ਲਿਆਂਦੇ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਆਰਡਰਨੈਂਸਾਂ ਦੇ ਵਿਰੋਧ ’ਚ ਕੇਂਦਰੀ ਮੰਤਰੀ ਮੰਡਲ ਦਾ ਅਹੁਦਾ ਛੱਡਣਾ ਤੇ ਕਿਸਾਨਾਂ ਨਾਲ ਝੂਠੀ ਹਮਦਰਦੀ ਦਿਖਾਉਣਾ ਉਨ੍ਹਾਂ ਦੀ ਮਜਬੂਰੀ ਹੈ। ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਅਕਾਲੀ ਦਲ ’ਚ ਥੋੜ੍ਹਾ ਜਿਹਾ ਵੀ ਸਵੈ-ਮਾਣ ਹੁੰਦਾ ਤਾਂ ਉਹ ਕਿਸਾਨਾਂ ਲਈ ਭਾਜਪਾ ਨਾਲ ਗੱਠਜੋੜ ਤੋੜ ਦਿੰਦੇ।ਉਨ੍ਹਾਂ ਕਿਹਾ ਕਿ ਜੇ ਹਰਸਿਮਰਤ ਕੌਰ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨਾਂ ਨਾਲ ਖੜ੍ਹੇ ਹੁੰਦੇ ਅਤੇ ਉਨ੍ਹਾਂ ਦੀ ਸਹਿਯੋਗੀ ਪਾਰਟੀ ਨਾਲ ਪਹਿਲੀ ਮੁਲਾਕਾਤ ਦੌਰਾਨ ਹੀ ਦਬਾਅ ਬਣਾਇਆ ਹੁੰਦਾ ਤਾਂ ਇਹ ਦਿਨ ਨਹੀਂ ਸੀ ਆਉਣਾ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੁਖਬੀਰ ਪਹਿਲਾਂ ਹੀ ਇਸ ਕਾਲੇ ਕਾਨੂੰਨ ਦੀ ਵਕਾਲਤ ਕਰ ਰਹੇ ਸਨ ਅਤੇ ਕਿਸਾਨਾਂ ਨੂੰ ਬੇਵਕੂਫ ਬਣਾਉਣ ਦੀ ਕੋਸ਼ਿਸ਼ ਕਰ ਰਹੇ ਸਨ। ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਕਾਲੇ ਕਾਨੂੰਨ ਖ਼ਿਲਾਫ਼ ਚੱਟਾਨ ਵਾਂਗ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਮੁੱਖ ਮੰਤਰੀ ਦੇ ਸਿਆਸੀ ਸਕੱਤਰ ਸੰਦੀਪ ਸਿੰਘ ਸੰਧੂ ਤੇ ਹੋਰ ਹਾਜ਼ਰ ਸਨ।